IMG-LOGO
ਹੋਮ ਪੰਜਾਬ: ਨਸ਼ਾ ਤਸਕਰੀ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, ਪੁਲਿਸ ਕਮਿਸ਼ਨਰ...

ਨਸ਼ਾ ਤਸਕਰੀ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਫੋਰਸ ਸਮੇਤ ਹੌਟਸਪੌਟ ਇਲਾਕਿਆਂ ਦਾ ਕੀਤਾ ਦੌਰਾ

Admin User - Oct 31, 2026 08:58 PM
IMG

ਅੰਮ੍ਰਿਤਸਰ ਨੂੰ ਅਪਰਾਧ ਅਤੇ ਨਸ਼ਿਆਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਤਸਕਰੀ ਲਈ ਬਦਨਾਮ ਰਹੇ ਇਲਾਕਿਆਂ ਦੀ ਸਥਿਤੀ ਦਾ ਖ਼ੁਦ ਜਾਇਜ਼ਾ ਲਿਆ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਦੀ ਕਾਰਗੁਜ਼ਾਰੀ ਸਬੰਧੀ ਫੀਡਬੈਕ ਹਾਸਲ ਕੀਤਾ।

ਦੌਰੇ ਦੌਰਾਨ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੇ ਇਸ ਜ਼ਮੀਨੀ ਦੌਰੇ ਨੂੰ ਪੁਲਿਸ ਅਤੇ ਆਮ ਜਨਤਾ ਵਿਚਕਾਰ ਤਾਲਮੇਲ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜਿਸ ਇਲਾਕੇ ਦਾ ਉਨ੍ਹਾਂ ਵੱਲੋਂ ਦੌਰਾ ਕੀਤਾ ਗਿਆ ਹੈ, ਉਹ ਪਹਿਲਾਂ ਚਿੱਟੇ ਸਮੇਤ ਹੋਰ ਖ਼ਤਰਨਾਕ ਨਸ਼ਿਆਂ ਦੀ ਤਸਕਰੀ ਦਾ ਪ੍ਰਮੁੱਖ ਕੇਂਦਰ ਰਿਹਾ ਹੈ। ਉਨ੍ਹਾਂ ਨੇ ਇਲਾਕੇ ਦੇ ਮੋਹਤਬਰਾਂ ਅਤੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਲਈ।

ਸਥਾਨਕ ਲੋਕਾਂ ਨੇ ਪੁਲਿਸ ਦੀ ਕਾਰਵਾਈ ’ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਦੱਸਿਆ ਕਿ ਲਗਾਤਾਰ ਨਾਕਾਬੰਦੀ ਅਤੇ ਛਾਪੇਮਾਰੀ ਕਾਰਨ ਇਲਾਕੇ ਵਿੱਚ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਲਗਭਗ 95 ਫ਼ੀਸਦੀ ਤੱਕ ਠੱਲ੍ਹ ਪਈ ਹੈ। ਲੋਕਾਂ ਮੁਤਾਬਕ ਪਹਿਲਾਂ ਗਲੀਆਂ-ਮੁਹੱਲਿਆਂ ਵਿੱਚ ਨਸ਼ੇ ਦੀ ਹਾਲਤ ਵਿੱਚ ਨੌਜਵਾਨ ਆਮ ਦੇਖਣ ਨੂੰ ਮਿਲਦੇ ਸਨ, ਪਰ ਹੁਣ ਪੁਲਿਸ ਦੀ ਸਖ਼ਤੀ ਕਾਰਨ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਵਿੱਚ ਵੱਡੀ ਕਮੀ ਆਈ ਹੈ।

ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਬਿਨਾਂ ਡਰ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ

ਪੁਲਿਸ ਕਮਿਸ਼ਨਰ ਨੇ ਨਸ਼ਿਆਂ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਮੱਸਿਆ ਨੂੰ ਲੁਕਾਉਣ ਦੀ ਬਜਾਏ ਪੁਲਿਸ ਨਾਲ ਸਾਂਝਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਨੌਜਵਾਨ ਚਿੱਟੇ ਜਾਂ ਕਿਸੇ ਹੋਰ ਨਸ਼ੇ ਦੀ ਲਪੇਟ ਵਿੱਚ ਹੈ ਤਾਂ ਪਰਿਵਾਰ ਬਿਨਾਂ ਕਿਸੇ ਡਰ ਤੋਂ ਸਬੰਧਤ ਥਾਣੇ ਦੇ ਐੱਸ.ਐੱਚ.ਓ., ਚੌਕੀ ਇੰਚਾਰਜ, ਡੀ.ਐੱਸ.ਪੀ. ਜਾਂ ਐੱਸ.ਪੀ. ਨਾਲ ਸੰਪਰਕ ਕਰ ਸਕਦਾ ਹੈ।

ਜੇਕਰ ਪਰਿਵਾਰ ਥਾਣੇ ਆਉਣ ਵਿੱਚ ਅਸਮਰੱਥ ਹੈ ਤਾਂ ਪੁਲਿਸ ਦੀ ਵਿਸ਼ੇਸ਼ ਟੀਮ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਅਤੇ ਨਸ਼ਾ ਪੀੜਤ ਨੌਜਵਾਨ ਨਾਲ ਗੱਲਬਾਤ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਅਤੇ ਮੁੜ-ਵਸੇਬਾ ਕਰਵਾਇਆ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਪੁਲਿਸ ਵਿਭਾਗ ਦਾ ਕੋਈ ਅਧਿਕਾਰੀ ਜਾਂ ਮੁਲਾਜ਼ਮ ਨਸ਼ਾ ਤਸਕਰਾਂ ਜਾਂ ਹੋਰ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੀਭੁਗਤ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਜਾਣਕਾਰੀ ਸਿੱਧੀ ਉਨ੍ਹਾਂ ਤੱਕ ਪਹੁੰਚਾਈ ਜਾਵੇਗੀ। ਅਜਿਹੇ ਮਾਮਲਿਆਂ ਵਿੱਚ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਦੇਖਦਿਆਂ ਪੁਲਿਸ ਕਮਿਸ਼ਨਰ ਨੇ ਗ਼ੈਰ-ਕਾਨੂੰਨੀ ਪਟਾਕੇ ਬਣਾਉਣ ਅਤੇ ਭੰਡਾਰਨ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਅਨਗੜ੍ਹ ਅਤੇ ਇਸ ਦੇ ਆਸ-ਪਾਸ ਦੇ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿੱਚ ਨਾਜਾਇਜ਼ ਤਰੀਕੇ ਨਾਲ ਪਟਾਕੇ ਤਿਆਰ ਕਰਨ ਅਤੇ ਸਟੋਰ ਕਰਨ ਸਬੰਧੀ ਜਾਣਕਾਰੀਆਂ ਮਿਲਦੀਆਂ ਰਹੀਆਂ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਰਿਹਾਇਸ਼ੀ ਜਾਂ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਗ਼ੈਰ-ਕਾਨੂੰਨੀ ਪਟਾਕਿਆਂ ਕਾਰਨ ਧਮਾਕਾ ਜਾਂ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਅਤੇ ਕਿਸੇ ਵਿਅਕਤੀ ਦੀ ਮੌਤ ਹੁੰਦੀ ਹੈ ਤਾਂ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਤਲ ਸਮੇਤ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਸਿਰਫ਼ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਨਜ਼ੂਰ ਕੀਤੀਆਂ ਖੁੱਲ੍ਹੀਆਂ ਥਾਵਾਂ ’ਤੇ ਹੀ ਕੀਤੀ ਜਾ ਸਕੇਗੀ। ਇਨ੍ਹਾਂ ਥਾਵਾਂ ’ਤੇ ਫਾਇਰ ਬ੍ਰਿਗੇਡ, ਪਾਣੀ ਅਤੇ ਹੋਰ ਲੋੜੀਂਦੇ ਸੁਰੱਖਿਆ ਪ੍ਰਬੰਧ ਹੋਣੇ ਲਾਜ਼ਮੀ ਹੋਣਗੇ। ਬਿਨਾਂ ਲਾਇਸੈਂਸ ਪਟਾਕੇ ਬਣਾਉਣ, ਵੇਚਣ ਜਾਂ ਭੰਡਾਰਨ ਕਰਨ ਵਾਲਿਆਂ ਖ਼ਿਲਾਫ਼ ਐਕਸਪਲੋਸਿਵ ਐਕਟ ਤਹਿਤ ਕਾਰਵਾਈ ਕਰਕੇ ਸਾਮਾਨ ਜ਼ਬਤ ਕੀਤਾ ਜਾਵੇਗਾ।

ਅਖੀਰ ਵਿੱਚ ਇਲਾਕਾ ਨਿਵਾਸੀਆਂ ਨੇ ਪੁਲਿਸ ਦੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.