ਤਾਜਾ ਖਬਰਾਂ
ਨਵੰਬਰ 1984 ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਹਿੱਸਿਆਂ ਵਿੱਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਮਹੱਤਵਪੂਰਨ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 40 ਸਾਲਾਂ ਤੋਂ ਵੱਧ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਪੀੜਤਾਂ ਨੂੰ ਬਚਾਉਣ ਜਾਂ ਨਿਆਂ ਦਿਵਾਉਣ ਵਿੱਚ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਸਰਕਾਰਾਂ ਨਾਕਾਮ ਰਹੀਆਂ ਹਨ, ਜਿਸ ਕਾਰਨ ਅੱਜ ਵੀ ਸਿੱਖ ਕੌਮ ਦੇ ਜ਼ਖ਼ਮ ਅੱਲ੍ਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ 1 ਨਵੰਬਰ 1984 ਤੋਂ ਸ਼ੁਰੂ ਹੋ ਕੇ ਲਗਭਗ ਇੱਕ ਹਫ਼ਤੇ ਤੱਕ ਚੱਲੇ ਇਸ ਘਿਨਾਉਣੇ ਕਾਰੇ ਵਿੱਚ ਤਤਕਾਲੀ ਕਾਂਗਰਸ ਸਰਕਾਰ ਦੀ ਸਿੱਧੀ ਸ਼ਮੂਲੀਅਤ ਸੀ। ਨਿਰਦੋਸ਼ ਸਿੰਘਾਂ, ਸਿੰਘਣੀਆਂ ਅਤੇ ਬੱਚਿਆਂ 'ਤੇ ਅਣਮਨੁੱਖੀ ਜ਼ੁਲਮ ਢਾਹੇ ਗਏ। ਉਨ੍ਹਾਂ ਇਸ ਘਟਨਾ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ ਕਰਾਰ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਬਜਾਏ ਕਾਂਗਰਸ ਵੱਲੋਂ ਉਨ੍ਹਾਂ ਨੂੰ ਉੱਚੇ ਰਾਜਨੀਤਿਕ ਅਹੁਦਿਆਂ ਨਾਲ ਨਿਵਾਜਿਆ ਗਿਆ।
ਐਡਵੋਕੇਟ ਧਾਮੀ ਨੇ ਯਾਦ ਕਰਵਾਇਆ ਕਿ ਦੇਸ਼ ਦੀ ਆਜ਼ਾਦੀ ਵਿੱਚ ਸਿੱਖ ਸਮਾਜ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ, ਪਰ ਇਸ ਦੇ ਬਾਵਜੂਦ ਹਮੇਸ਼ਾ ਬੇਇਨਸਾਫ਼ੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਹਰ ਸਾਲ ਨਵੰਬਰ ਦਾ ਮਹੀਨਾ ਆਉਂਦਿਆਂ ਹੀ ਸਮੁੱਚੀ ਕੌਮ ਦਾ ਦਰਦ ਮੁੜ ਤਾਜ਼ਾ ਹੋ ਜਾਂਦਾ ਹੈ। ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਦੀ ਲੜਾਈ ਹੈ।
ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਸ਼ਹੀਦ ਹੋਈਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੁੱਖ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਨਿਆਂ ਦੀ ਇਹ ਲੜਾਈ ਜਾਰੀ ਰਹੇਗੀ।
Get all latest content delivered to your email a few times a month.