IMG-LOGO
ਹੋਮ ਪੰਜਾਬ: ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹਰਮੀਤ ਸਿੰਘ ਪਠਾਨਮਾਜਰਾ...

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹਰਮੀਤ ਸਿੰਘ ਪਠਾਨਮਾਜਰਾ ਦਾ ਵੱਡਾ ਦਾਅਵਾ, ਬਲਤੇਜ ਪਨੂੰ 'ਤੇ ਲਾਏ ਗੰਭੀਰ ਇਲਜ਼ਾਮ

Admin User - Nov 01, 2026 06:22 PM
IMG

ਆਮ ਆਦਮੀ ਪਾਰਟੀ (AAP) ਤੋਂ ਅਸਤੀਫਾ ਦੇਣ ਤੋਂ ਬਾਅਦ ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਈ ਗੰਭੀਰ ਦੋਸ਼ ਲਗਾਏ। ਇਸ ਦੌਰਾਨ ਪਠਾਨਮਾਜਰਾ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੀ ਵੱਡਾ ਦਾਅਵਾ ਕਰਦਿਆਂ ਬਲਤੇਜ ਪਨੂੰ ਨੂੰ ਇਸ ਮਾਮਲੇ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ।

ਹਰਮੀਤ ਸਿੰਘ ਪਠਾਨਮਾਜਰਾ ਨੇ ਦਾਅਵਾ ਕੀਤਾ ਕਿ ਬਲਤੇਜ ਪਨੂੰ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਰਫ਼ ਉਹ ਹੀ ਨਹੀਂ, ਸਗੋਂ ਪੰਜਾਬ ਦੇ ਲੋਕ ਵੀ ਬਲਤੇਜ ਪਨੂੰ 'ਤੇ ਸਵਾਲ ਉਠਾਉਂਦੇ ਹਨ। ਆਪਣੀ ਗੱਲ ਸਮਝਾਉਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਸੁਰੱਖਿਆ ਸਵੇਰੇ ਵਾਪਸ ਲੈ ਲਈ ਜਾਵੇ ਅਤੇ ਉਸ ਦੇ ਦੁਸ਼ਮਣਾਂ ਨੂੰ ਵੀ ਇਸ ਬਾਰੇ ਜਾਣਕਾਰੀ ਮਿਲ ਜਾਵੇ ਤਾਂ ਉਸ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।

ਪਠਾਨਮਾਜਰਾ ਨੇ ਅੱਗੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਅਤੇ ਦਿੱਲੀ ਦੇ ਆਗੂਆਂ ਵੱਲੋਂ ਕਰਵਾਏ ਜਾ ਰਹੇ ਕਥਿਤ ਗਲਤ ਕੰਮਾਂ ਪਿੱਛੇ ਵੀ ਬਲਤੇਜ ਪਨੂੰ ਦੀ ਭੂਮਿਕਾ ਹੈ।

ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿੱਧੂ ਮੂਸੇਵਾਲਾ ਸਮੇਤ ਕਈ ਵਿਅਕਤੀਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ। ਇਸ ਤੋਂ ਅਗਲੇ ਹੀ ਦਿਨ, 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।

ਇਸ ਕਤਲ ਪਿੱਛੇ ਗੈਂਗਸਟਰਾਂ ਵਿਚਾਲੇ ਚੱਲ ਰਹੀ ਦੁਸ਼ਮਣੀ ਨੂੰ ਮੁੱਖ ਕਾਰਨ ਮੰਨਿਆ ਜਾਂਦਾ ਹੈ। 7 ਅਗਸਤ 2021 ਨੂੰ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ਼ੱਕ ਸੀ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਸਿੱਧੂ ਮੂਸੇਵਾਲਾ ਵੱਲੋਂ ਪਨਾਹ ਦਿੱਤੀ ਗਈ ਸੀ। ਵਿੱਕੀ ਮਿੱਡੂਖੇੜਾ ਲਾਰੈਂਸ ਬਿਸ਼ਨੋਈ ਦਾ ਕਰੀਬੀ ਮੰਨਿਆ ਜਾਂਦਾ ਸੀ ਅਤੇ ਉਸ ਦਾ ਕਤਲ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਵੱਲੋਂ ਕੀਤਾ ਗਿਆ ਸੀ।

ਇਸ ਘਟਨਾ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਕਈ ਮਹੀਨਿਆਂ ਤੱਕ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਆਖਰਕਾਰ 29 ਮਈ 2022 ਨੂੰ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਉਨ੍ਹਾਂ ਦੀ ਜਾਨ ਲੈ ਲਈ ਸੀ।

ਬਲਤੇਜ ਸਿੰਘ ਪਨੂੰ ਦਾ ਨਾਮ ਸਾਲ 2015 ਵਿੱਚ ਨੈਨਸੀ ਘੁੰਮਣ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੀ ਸਾਹਮਣੇ ਆਇਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਨੈਨਸੀ ਘੁੰਮਣ ਨੇ ਦੋਸ਼ ਲਗਾਇਆ ਸੀ ਕਿ ਪਨੂੰ ਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੀ ਇੱਜ਼ਤ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਕਹੀ ਸੀ।

ਸ਼ਿਕਾਇਤਕਰਤਾ ਦੇ ਦੋਸ਼ਾਂ ਅਨੁਸਾਰ, ਪਨੂੰ ਨੇ ਪਟਿਆਲਾ ਸਥਿਤ ਆਪਣੇ ਘਰ ਅਤੇ ਚੰਡੀਗੜ੍ਹ ਵਿੱਚ ਆਪਣੇ ਇੱਕ ਦੋਸਤ ਦੇ ਫਲੈਟ ਵਿੱਚ ਉਸ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਪਟਿਆਲਾ ਦੇ ਇੱਕ ਜਿਮ ਵਿੱਚ ਮੁਲਾਕਾਤ ਤੋਂ ਬਾਅਦ ਪਨੂੰ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ। ਬਾਅਦ ਵਿੱਚ ਜਦੋਂ ਉਸ ਨੇ ਵਿਆਹ ਲਈ ਜ਼ੋਰ ਪਾਇਆ ਤਾਂ ਕਥਿਤ ਤੌਰ 'ਤੇ ਉਸ ਨੂੰ ਵੀਡੀਓ ਜਨਤਕ ਕਰਨ ਦੀ ਧਮਕੀ ਦਿੱਤੀ ਗਈ।

ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਉਸ ਸਮੇਂ ਭਾਰਤੀ ਦੰਡਾਵਲੀ (IPC) ਦੀ ਧਾਰਾ 376 ਅਤੇ 506 ਤਹਿਤ ਮਾਮਲਾ ਦਰਜ ਕੀਤਾ ਸੀ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਨੇ ਪਨੂੰ ਦੇ ਘਰ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.