IMG-LOGO
ਹੋਮ ਪੰਜਾਬ: ਜਗਰਾਓਂ ਗੁਰਦੁਆਰਾ ਫਾਇਰਿੰਗ ਮਾਮਲਾ ਸੁਲਝਿਆ: 200 ਕਿਲੋਮੀਟਰ ਤੱਕ CCTV ਖੰਗਾਲ...

ਜਗਰਾਓਂ ਗੁਰਦੁਆਰਾ ਫਾਇਰਿੰਗ ਮਾਮਲਾ ਸੁਲਝਿਆ: 200 ਕਿਲੋਮੀਟਰ ਤੱਕ CCTV ਖੰਗਾਲ ਕੇ ਮੁੱਖ ਸ਼ੂਟਰ ਗ੍ਰਿਫ਼ਤਾਰ

Admin User - Nov 02, 2026 06:37 PM
IMG

ਲੁਧਿਆਣਾ ਦੇ ਜਗਰਾਓਂ ਨੇੜਲੇ ਪਿੰਡ ਰਾਜੋਆਣਾ ਕਲਾਂ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਮੰਜੀ ਸਾਹਿਬ ਵਿਖੇ ਹੋਈ ਫਾਇਰਿੰਗ ਦੀ ਘਟਨਾ ਨੂੰ ਸੁਲਝਾਉਂਦਿਆਂ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲੇ ਦੇ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਮੁਤਾਬਕ ਮੁਲਜ਼ਮ ਤੱਕ ਪਹੁੰਚਣ ਲਈ ਜਾਂਚ ਟੀਮਾਂ ਨੇ ਤਕਨੀਕੀ ਸਾਧਨਾਂ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਕਰੀਬ 200 ਕਿਲੋਮੀਟਰ ਦੇ ਰੂਟ ਦੀ ਸੀਸੀਟੀਵੀ ਫੁਟੇਜ ਖੰਗਾਲੀ। ਜਾਂਚ ਵਿੱਚ ਸਾਹਮਣੇ ਆਇਆ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਤੋਂ ਫ਼ਿਰੌਤੀ ਵਸੂਲਣ ਅਤੇ ਉਨ੍ਹਾਂ ਨੂੰ ਡਰਾਉਣ ਦੀ ਨੀਅਤ ਨਾਲ ਇਸ ਵਾਰਦਾਤ ਦੀ ਸਾਜ਼ਿਸ਼ ਰਚੀ ਗਈ ਸੀ।

ਪੁਲਿਸ ਅਨੁਸਾਰ 28 ਅਕਤੂਬਰ ਦੀ ਤੜਕੇ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ ਗੁਰਦੁਆਰਾ ਸਾਹਿਬ ਪਹੁੰਚੇ ਸਨ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਮੱਥਾ ਟੇਕਣ ਦੇ ਬਹਾਨੇ ਅੰਦਰ ਦਾਖ਼ਲ ਹੋਇਆ ਅਤੇ ਮੌਕਾ ਮਿਲਦੇ ਹੀ ਮੁੱਖ ਸੇਵਾਦਾਰ ਦੇ ਰਿਹਾਇਸ਼ੀ ਕਮਰੇ ਵੱਲ ਫਾਇਰ ਕਰ ਦਿੱਤਾ। ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ ਅਤੇ ਦੋਵੇਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਸਨ।

ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਅਸਲਾ ਐਕਟ, ਜਬਰਨ ਵਸੂਲੀ ਅਤੇ ਐੱਨਡੀਪੀਐੱਸ ਐਕਟ ਤਹਿਤ ਕਈ ਮਾਮਲੇ ਦਰਜ ਹਨ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਉਹ ਘਟਨਾ ਤੋਂ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਇਆ ਸੀ।

ਪੁਲਿਸ ਨੇ ਇਸ ਸਾਜ਼ਿਸ਼ ਨਾਲ ਜੁੜੇ ਚਾਰ ਮੁਲਜ਼ਮਾਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਹੈ। ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.