ਤਾਜਾ ਖਬਰਾਂ
ਕਾਂਗਰਸ ਦੇ ਆਗੂਆਂ ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਪੰਜਾਬ ਦੇ ਮੁੱਦਿਆਂ, ਲੈਂਡ ਪੂਲਿੰਗ ਨੀਤੀ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਤਿੱਖੀ ਆਲੋਚਨਾ ਕੀਤੀ ਹੈ।
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਵਾਲ ਕੀਤਾ ਕਿ ਜਿਹੜੇ ਆਗੂ ਅੱਜ ਪੰਜਾਬ ਦੇ ਹੱਕਾਂ ਅਤੇ ਮੁੱਦਿਆਂ ਲਈ ਸੰਘਰਸ਼ ਕਰਨ ਦੀ ਗੱਲ ਕਰ ਰਹੇ ਹਨ, ਉਹ ਪਿਛਲੇ ਕਰੀਬ ਪੌਣੇ ਪੰਜ ਸਾਲਾਂ ਦੌਰਾਨ ਚੁੱਪ ਕਿਉਂ ਰਹੇ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕਰਦੇ ਰਹੇ, ਪਰ ਉਸ ਸਮੇਂ ਕਿਸੇ ਨੇ ਗੰਭੀਰਤਾ ਨਹੀਂ ਦਿਖਾਈ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ‘ਆਪ’ ਦੇ ਕੌਮੀ ਆਗੂਆਂ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨਾਲ ਜੁੜੀ ਸਿਆਸੀ ਟੀਮ ਪੰਜਾਬ ਦੇ ਸਰੋਤਾਂ ਦਾ ਫਾਇਦਾ ਚੁੱਕਣ ਦੇ ਇਰਾਦੇ ਨਾਲ ਸੂਬੇ ਵਿੱਚ ਆਈ ਸੀ। ਬਾਜਵਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚੋਂ ਵੱਡੀ ਰਕਮ ਕੱਢਣ ਦੀ ਯੋਜਨਾ ਬਣਾਈ ਗਈ ਸੀ।
ਲੈਂਡ ਪੂਲਿੰਗ ਨੀਤੀ ਦਾ ਜ਼ਿਕਰ ਕਰਦਿਆਂ ਬਾਜਵਾ ਨੇ ਕਿਹਾ ਕਿ ਇਸ ਨੀਤੀ ਦੇ ਰੱਦ ਹੋਣ ਨਾਲ ਪੰਜਾਬ ਨੂੰ ਸੰਭਾਵਿਤ ਵੱਡੇ ਆਰਥਿਕ ਨੁਕਸਾਨ ਤੋਂ ਬਚਾਇਆ ਗਿਆ ਹੈ। ਉਨ੍ਹਾਂ ਇਸ ਫ਼ੈਸਲੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਗਰੇਵਾਲ ਦਾ ਧੰਨਵਾਦ ਵੀ ਕੀਤਾ।
ਬਾਜਵਾ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪੁਲਿਸ ਦੀ ਵਰਤੋਂ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਨਿਰਪੱਖ ਅਤੇ ਸੁਤੰਤਰ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਬੇਅਦਬੀ, ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਵਿੱਚ ਇਨਸਾਫ਼ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ। ਬਾਜਵਾ ਨੇ ਕਿਹਾ ਕਿ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਵਾਅਦੇ ਕੀਤੇ ਸਨ ਅਤੇ ਹੁਣ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਇਨ੍ਹਾਂ ਵਾਅਦਿਆਂ ’ਤੇ ਕਿੰਨੀ ਕਾਰਵਾਈ ਹੋਈ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਸਿਆਸੀ ਦਾਅਵਿਆਂ ਦੀ ਬਜਾਏ ਸਰਕਾਰ ਦੀ ਕਾਰਗੁਜ਼ਾਰੀ ਅਤੇ ਫ਼ੈਸਲਿਆਂ ਦਾ ਹਿਸਾਬ ਮੰਗਣਾ ਚਾਹੀਦਾ ਹੈ।
Get all latest content delivered to your email a few times a month.