ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੰਥਕ ਏਕਤਾ ਲਈ ਦਿੱਤੇ ਸੱਦੇ ਦਾ ਸਵਾਗਤ ਕਰਦਿਆਂ ਸਾਰੇ ਪੰਥਕ ਆਗੂਆਂ ਨੂੰ ਪਾਰਟੀ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਸੱਦਾ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ, ਤਰੱਕੀ ਅਤੇ ਵਿਕਾਸ ਲਈ ਸਾਰੇ ਆਗੂਆਂ ਨੂੰ ਇਕ ਟੀਮ ਵਜੋਂ ਕੰਮ ਕਰਨ ਦੀ ਲੋੜ ਹੈ।
ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੂੰਦੜ ਨੇ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਤੋਂ ਵੱਖ ਹੋਏ ਸੀਨੀਅਰ ਆਗੂਆਂ ਨੂੰ ਵੀ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਆਗੂ ਆਪਣੀ ਮਾਂ ਪਾਰਟੀ ਵਿੱਚ ਵਾਪਸੀ ਕਰਨਗੇ।
ਇਸ ਤੋਂ ਪਹਿਲਾਂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਚੋਣ ਮਨੋਰਥ ਪੱਤਰ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਜਨਮੇਜਾ ਸਿੰਘ ਸੇਖੋਂ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਕਮੇਟੀ ਵੱਲੋਂ ਅੱਜ ਟਰਾਂਸਪੋਰਟ ਯੂਨੀਅਨ, ਚੌਕੀਦਾਰ ਯੂਨੀਅਨ, ਇੰਪਲਾਈਜ਼ ਯੂਨੀਅਨ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੇ ਨਾਲ-ਨਾਲ ਮਿਡ-ਡੇ-ਮੀਲ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਗਈ। ਇਨ੍ਹਾਂ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਅਤੇ ਦਰਪੇਸ਼ ਮੁਸ਼ਕਲਾਂ ਕਮੇਟੀ ਸਾਹਮਣੇ ਰੱਖੀਆਂ। ਪਾਰਟੀ ਆਗੂਆਂ ਨੇ ਭਰੋਸਾ ਦਿੱਤਾ ਕਿ ਸਾਰੇ ਸੁਝਾਅ ਦਰਜ ਕਰ ਲਏ ਗਏ ਹਨ ਅਤੇ ਜਾਇਜ਼ ਮੰਗਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ।
ਇਸ ਮੌਕੇ ਅਕਾਲੀ ਦਲ ਦੇ ਆਗੂਆਂ ਨੇ ਆਪਣਾ ਪੱਖ ਦੁਹਰਾਉਂਦਿਆਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਸਿਰਫ਼ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਵਾਅਦਿਆਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਸ ਨੂੰ ਕਾਨੂੰਨੀ ਦਸਤਾਵੇਜ਼ ਦਾ ਦਰਜਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਬੰਧਤ ਪਾਰਟੀਆਂ ਲਈ ਪੂਰੇ ਕਰਨੇ ਲਾਜ਼ਮੀ ਹੋਣੇ ਚਾਹੀਦੇ ਹਨ।
Get all latest content delivered to your email a few times a month.