ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚਲਾਈ ਜਾ ਰਹੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਯਤਨ ਨਿਰੰਤਰ ਜਾਰੀ ਹਨ। ਇਸੇ ਲੜੀ ਅਧੀਨ ਅੰਮ੍ਰਿਤਸਰ ਦੇ ਸਰਕਾਰੀ ਹਾਈ ਸਕੂਲ ਚੌਂਕ ਲਛਮਣ ਸਰ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇੱਕ ਨਵੀਂ ਤੇ ਆਧੁਨਿਕ ਸਾਇੰਸ ਲੈਬ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਲੈਬ ਦਾ ਉਦਘਾਟਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਬਲਜੀਤ ਸਿੰਘ ਰਿੰਕੂ ਨੇ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸਕੂਲ ਨੂੰ ਪਹਿਲਾਂ ਵੀ 8 ਪ੍ਰੋਜੈਕਟਰ ਅਤੇ ਸਕਰੀਨਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਲਗਭਗ 35 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕੀਤੀ ਗਈ ਹੈ। ਹਲਕੇ ਵਿੱਚ 'ਸਕੂਲ ਆਫ਼ ਐਮੀਨੈਂਸ' ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਹਰ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਪ੍ਰੋਫੈਸ਼ਨਲ ਮਾਹੌਲ ਮਿਲ ਸਕੇ।
ਸਕੂਲ ਮੁਖੀ ਸਤਿੰਦਰਬੀਰ ਕੌਰ ਨੇ ਦੱਸਿਆ ਕਿ 14 ਲੱਖ ਦੀ ਲਾਗਤ ਨਾਲ ਤਿਆਰ ਇਸ ਲੈਬ ਵਿੱਚ ਨਵਾਂ ਪ੍ਰੋਜੈਕਟਰ, ਐਲ.ਸੀ.ਡੀ., ਸਕਰੀਨ ਅਤੇ ਵਿਗਿਆਨਕ ਉਪਕਰਨ ਸਥਾਪਤ ਕੀਤੇ ਗਏ ਹਨ। ਇਸ ਸੁਵਿਧਾ ਨਾਲ ਵਿਦਿਆਰਥੀ ਵਿਗਿਆਨ ਅਤੇ ਗਣਿਤ ਵਰਗੇ ਗੰਭੀਰ ਵਿਸ਼ਿਆਂ ਨੂੰ ਪ੍ਰੈਕਟੀਕਲ ਅਤੇ ਆਧੁਨਿਕ ਤਰੀਕਿਆਂ ਨਾਲ ਸਰਲਤਾ ਨਾਲ ਸਮਝ ਸਕਣਗੇ। ਉਨ੍ਹਾਂ ਇਸ ਸ਼ਾਨਦਾਰ ਉਪਰਾਲੇ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਆਧੁਨਿਕ ਸਾਇੰਸ ਲੈਬ ਦੇ ਸ਼ੁਰੂ ਹੋਣ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਅਤੇ ਤਕਨੀਕੀ ਸਿੱਖਿਆ ਹਾਸਲ ਕਰਨ ਵਿੱਚ ਵੱਡੀ ਮਦਦ ਮਿਲੇਗੀ। ਸਮਾਗਮ ਦੌਰਾਨ ਸਕੂਲ ਸਟਾਫ਼ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
Get all latest content delivered to your email a few times a month.