IMG-LOGO
ਹੋਮ ਪੰਜਾਬ: ਪਟਿਆਲਾ ਸਮੇਤ 3 ਸ਼ਹਿਰਾਂ ਦੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ...

ਪਟਿਆਲਾ ਸਮੇਤ 3 ਸ਼ਹਿਰਾਂ ਦੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਐਲਾਨ, 28 ਨਵੰਬਰ ਨੂੰ ਪੈਣਗੀਆਂ ਵੋਟਾਂ

Admin User - Nov 12, 2026 03:57 PM
IMG

ਚੰਡੀਗੜ੍ਹ, 12 ਨਵੰਬਰ 2026: ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਐਲਾਨ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ, ਮੋਗਾ ਜ਼ਿਲ੍ਹੇ ਦੀ ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਲਈ ਪੂਰਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ ਹੋਵੇਗੀ।

ਚੋਣ ਕਮਿਸ਼ਨ ਵੱਲੋਂ ਜਾਰੀ ਸਮਾਂ-ਸਾਰਣੀ ਮੁਤਾਬਕ ਉਮੀਦਵਾਰ 13 ਨਵੰਬਰ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 14, 15 ਅਤੇ 16 ਨਵੰਬਰ ਨੂੰ ਛੁੱਟੀਆਂ ਹੋਣ ਕਾਰਨ ਨਾਮਜ਼ਦਗੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 17, 18 ਅਤੇ 19 ਨਵੰਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀਆਂ ਦੀ ਜਾਂਚ 20 ਨਵੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।

28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਚੋਣਾਂ ਈ.ਵੀ.ਐਮ. ਰਾਹੀਂ ਕਰਵਾਈਆਂ ਜਾਣਗੀਆਂ, ਜਦਕਿ ਵੋਟਾਂ ਦੀ ਗਿਣਤੀ ਲਈ ਵੱਖਰੇ ਤੌਰ 'ਤੇ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।

ਕਮਿਸ਼ਨ ਅਨੁਸਾਰ ਪਟਿਆਲਾ ਦੇ 30 ਵਾਰਡਾਂ ਲਈ 123, ਬਾਘਾ ਪੁਰਾਣਾ ਦੇ 15 ਵਾਰਡਾਂ ਲਈ 20 ਅਤੇ ਧਰਮਕੋਟ ਦੇ 7 ਵਾਰਡਾਂ ਲਈ 7 ਪੋਲਿੰਗ ਬੂਥ ਬਣਾਏ ਗਏ ਹਨ। ਤਿੰਨਾਂ ਸਥਾਨਕ ਸੰਸਥਾਵਾਂ ਵਿੱਚ ਕੁੱਲ 1,76,429 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚ 91,415 ਪੁਰਸ਼, 84,999 ਮਹਿਲਾਵਾਂ ਅਤੇ 15 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

ਚੋਣ ਲੜਨ ਵਾਲੇ ਉਮੀਦਵਾਰਾਂ ਲਈ ਖਰਚੇ ਦੀ ਹੱਦ ਵੀ ਨਿਰਧਾਰਤ ਕੀਤੀ ਗਈ ਹੈ। ਨਗਰ ਨਿਗਮ ਦੀ ਚੋਣ ਲੜਨ ਵਾਲਾ ਉਮੀਦਵਾਰ ਵੱਧ ਤੋਂ ਵੱਧ 4 ਲੱਖ ਰੁਪਏ ਖਰਚ ਸਕੇਗਾ, ਜਦਕਿ ਕਲਾਸ-II ਨਗਰ ਕੌਂਸਲਾਂ ਲਈ ਇਹ ਸੀਮਾ 2.30 ਲੱਖ ਰੁਪਏ ਰੱਖੀ ਗਈ ਹੈ। ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਤ ਹਲਫ਼ਨਾਮਾ ਲਗਾਉਣਾ ਲਾਜ਼ਮੀ ਹੋਵੇਗਾ ਅਤੇ ਸਿਆਸੀ ਪਾਰਟੀਆਂ ਵੱਲੋਂ ਸਮਰਥਿਤ ਉਮੀਦਵਾਰਾਂ ਨੂੰ ਪਾਰਟੀ ਦਾ ਅਧਿਕਾਰ ਪੱਤਰ ਵੀ ਜਮ੍ਹਾਂ ਕਰਵਾਉਣਾ ਪਵੇਗਾ।

ਇਸ ਤੋਂ ਇਲਾਵਾ ਉਮੀਦਵਾਰਾਂ ਦੇ KYC ਵੇਰਵੇ ਸਬੰਧਤ ਜ਼ਿਲ੍ਹਿਆਂ ਦੀਆਂ ਸਰਕਾਰੀ ਵੈੱਬਸਾਈਟਾਂ 'ਤੇ ਉਪਲਬਧ ਕਰਵਾਏ ਜਾਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗਠਿਤ ਨਿਗਰਾਨ ਕਮੇਟੀ ਚੋਣਾਂ ਦੀ ਸਮੁੱਚੀ ਪ੍ਰਕਿਰਿਆ 'ਤੇ ਨਜ਼ਰ ਰੱਖੇਗੀ।

ਚੋਣ ਪ੍ਰੋਗਰਾਮ ਜਾਰੀ ਹੁੰਦਿਆਂ ਹੀ ਸਬੰਧਤ ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਜਾਰੀ ਰਹੇਗਾ। ਚੋਣ ਕਮਿਸ਼ਨ ਨੇ ਦਾਅਵਾ ਕੀਤਾ ਹੈ ਕਿ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.