IMG-LOGO
ਹੋਮ ਪੰਜਾਬ: ਜ਼ੀਰਕਪੁਰ ਵਿੱਚ ਦੇਰ ਰਾਤ ਦਹਿਸ਼ਤ: ਸਤਾਬਗੜ੍ਹ ਰੋਡ 'ਤੇ ਫਾਰਚੂਨਰ ਸਵਾਰਾਂ...

ਜ਼ੀਰਕਪੁਰ ਵਿੱਚ ਦੇਰ ਰਾਤ ਦਹਿਸ਼ਤ: ਸਤਾਬਗੜ੍ਹ ਰੋਡ 'ਤੇ ਫਾਰਚੂਨਰ ਸਵਾਰਾਂ 'ਤੇ ਚੱਲੀਆਂ ਗੋਲੀਆਂ, ਵਾਲ-ਵਾਲ ਬਚੀ ਜਾਨ

Admin User - Nov 18, 2026 10:09 AM
IMG

ਜ਼ੀਰਕਪੁਰ : ਸ਼ਹਿਰ ਦੇ ਸਤਾਬਗੜ੍ਹ ਰੋਡ 'ਤੇ ਬੀਤੀ ਰਾਤ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਫਾਰਚੂਨਰ ਗੱਡੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਗਨੀਮਤ ਇਹ ਰਹੀ ਕਿ ਇਸ ਜਾਨਲੇਵਾ ਹਮਲੇ ਵਿੱਚ ਗੱਡੀ ਅੰਦਰ ਬੈਠੇ ਚਾਰੇ ਵਿਅਕਤੀ ਵਾਲ-ਵਾਲ ਬਚ ਗਏ ਅਤੇ ਕਿਸੇ ਕਿਸਮ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।


ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਰਹਿਣ ਵਾਲੇ ਕੁਝ ਵਿਅਕਤੀ ਆਪਣੀ ਫਾਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਮੈਕਡੋਨਲਡ ਵਾਲੀ ਸਾਈਡ ਤੋਂ ਸਤਾਬਗੜ੍ਹ ਰੋਡ ਰਾਹੀਂ ਮੁਹਾਲੀ ਵੱਲ ਜਾ ਰਹੇ ਸਨ। ਰਸਤੇ ਵਿੱਚ ਜਦੋਂ ਉਨ੍ਹਾਂ ਦੀ ਗੱਡੀ ਇੱਕ ਥਾਂ 'ਤੇ ਰੁਕੀ, ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਗੱਡੀ 'ਤੇ ਦੋ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਚੱਲਣ ਦੀ ਆਵਾਜ਼ ਸੁਣਦਿਆਂ ਹੀ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ।


ਘਟਨਾ ਦੀ ਇਤਲਾਹ ਮਿਲਦੇ ਹੀ ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਪੁਲਿਸ ਪਾਰਟੀ ਸਮੇਤ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਵੇਲੇ ਗੱਡੀ ਵਿੱਚ ਡਰਾਈਵਰ ਸਮੇਤ ਕੁੱਲ ਚਾਰ ਜਣੇ ਸਵਾਰ ਸਨ, ਜੋ ਪੂਰੀ ਤਰ੍ਹਾਂ ਸੁਰੱਖਿਅਤ ਹਨ।


ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਖਵਿੰਦਰ ਸਿੰਘ ਗਿੱਲ ਨੇ ਕਿਸੇ ਵੀ ਤਰ੍ਹਾਂ ਦੀ ਗੈਂਗਵਾਰ ਦੀ ਸੰਭਾਵਨਾ ਨੂੰ ਮੁੱਢੋਂ ਰੱਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤਫ਼ਤੀਸ਼ ਤੋਂ ਇਹ ਮਾਮਲਾ ਆਪਸੀ ਰੰਜਿਸ਼ ਅਤੇ ਪੁਰਾਣੇ ਪ੍ਰਾਪਰਟੀ ਵਿਵਾਦ ਨਾਲ ਜੁੜਿਆ ਜਾਪਦਾ ਹੈ।


ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋਏ ਮੁਲਜ਼ਮਾਂ ਦੀ ਪੈੜ ਨੱਪਣ ਲਈ ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੇ ਆਉਣ ਅਤੇ ਫਰਾਰ ਹੋਣ ਦੇ ਰਸਤੇ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਜਾਵੇਗਾ, ਜਦਕਿ ਅਹਿਤਿਆਤ ਵਜੋਂ ਇਲਾਕੇ ਵਿੱਚ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.