IMG-LOGO
ਹੋਮ ਪੰਜਾਬ: ਅਕਾਲੀ ਦਲ (ਪੁਨਰ ਸੁਰਜੀਤ) ਦਾ BJP-SAD ਨਾਲ ਗੱਠਜੋੜ ਤੋਂ ਸਾਫ਼...

ਅਕਾਲੀ ਦਲ (ਪੁਨਰ ਸੁਰਜੀਤ) ਦਾ BJP-SAD ਨਾਲ ਗੱਠਜੋੜ ਤੋਂ ਸਾਫ਼ ਇਨਕਾਰ, ਗਿਆਨੀ ਹਰਪ੍ਰੀਤ ਸਿੰਘ ਨੇ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਕੀਤਾ ਐਲਾਨ

Admin User - Nov 18, 2026 09:20 PM
IMG

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਅਜਨਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਡਾ. ਰਤਨ ਸਿੰਘ ਅਜਨਾਲਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸਤ, 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਪੰਥਕ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਰਟੀ ਦੀ ਚੋਣ ਰਣਨੀਤੀ ਅਤੇ ਸੰਭਾਵਿਤ ਸਿਆਸੀ ਗੱਠਜੋੜਾਂ ਬਾਰੇ ਖੁੱਲ੍ਹ ਕੇ ਆਪਣਾ ਪੱਖ ਰੱਖਿਆ।

ਡਾ. ਰਤਨ ਸਿੰਘ ਅਜਨਾਲਾ ਨਾਲ ਮੁਲਾਕਾਤ ਨੂੰ ਅਹਿਮ ਦੱਸਦਿਆਂ ਉਨ੍ਹਾਂ ਕਿਹਾ ਕਿ ਡਾ. ਸਾਹਿਬ ਨਾ ਸਿਰਫ਼ ਡਾਕਟਰੀ ਖੇਤਰ ਨਾਲ ਜੁੜੇ ਰਹੇ ਹਨ, ਸਗੋਂ ਉਨ੍ਹਾਂ ਨੂੰ ਅਕਾਲੀ ਸਿਆਸਤ ਦੀ ਵੀ ਡੂੰਘੀ ਸਮਝ ਹੈ। ਉਹ ਉਨ੍ਹਾਂ ਦਾ ਅਸ਼ੀਰਵਾਦ ਅਤੇ ਸਲਾਹ ਲੈਣ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਸਿਆਸਤ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਦੀ ਘਾਟ ਮਹਿਸੂਸ ਹੋ ਰਹੀ ਹੈ। ਨੌਜਵਾਨਾਂ ਨੂੰ ਰੌਲੇ-ਰੱਪੇ ਦੀ ਰਾਜਨੀਤੀ ਤੋਂ ਦੂਰ ਰੱਖ ਕੇ ਸਮਾਜ ਅਤੇ ਪੰਥ ਦੀ ਭਲਾਈ ਨਾਲ ਜੁੜੀ ਸਿਆਸਤ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਨਾਲ ਸੰਭਾਵਿਤ ਸਿਆਸੀ ਸਮਝੌਤੇ ਦੀਆਂ ਚਰਚਾਵਾਂ ਨੂੰ ਰੱਦ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਅਜਿਹੇ ਗੱਠਜੋੜ ਦਾ ਹਿੱਸਾ ਨਹੀਂ ਬਣੇਗੀ, ਜੋ ਸਿਰਫ਼ ਸੱਤਾ ਹਾਸਲ ਕਰਨ ਲਈ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਵਚਨਬੱਧਤਾ ਗੁਰੂ ਸਾਹਿਬ ਨਾਲ ਹੈ ਅਤੇ ਸਿਆਸੀ ਸਾਂਝ ਸਿਰਫ਼ ਪੰਜਾਬ ਅਤੇ ਸਿੱਖ ਕੌਮ ਦੇ ਹੱਕਾਂ ਤੇ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਕੇ ਹੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਥਕ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂੰਹ ਮੋੜ ਚੁੱਕੇ ਹਨ, ਉਨ੍ਹਾਂ ਲਈ ਪਾਰਟੀ ਵਿੱਚ ਕੋਈ ਥਾਂ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਮਾਨਦਾਰ ਅਤੇ ਟਕਸਾਲੀ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਹੈ। 24 ਤਰੀਕ ਨੂੰ ਭਾਜਪਾ ਨਾਲ ਗੱਠਜੋੜ ਦੇ ਐਲਾਨ ਦੀਆਂ ਖ਼ਬਰਾਂ ਨੂੰ ਵੀ ਉਨ੍ਹਾਂ ਬੇਬੁਨਿਆਦ ਦੱਸਿਆ।

'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਸੰਭਾਵਿਤ ਸਿਆਸੀ ਸਾਂਝ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪੰਥਕ ਵਿਚਾਰਧਾਰਾ ਵਾਲੀਆਂ ਸਾਰੀਆਂ ਧਿਰਾਂ ਨਾਲ ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਇਸ ਸਬੰਧੀ ਲੀਡਰਸ਼ਿਪ ਪੱਧਰ ’ਤੇ ਵੀ ਵਿਚਾਰ-ਵਟਾਂਦਰਾ ਹੁੰਦਾ ਰਹਿੰਦਾ ਹੈ।

ਅਜਨਾਲਾ ਹਲਕੇ ਦੀ ਸੀਟ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਡਾ. ਰਤਨ ਸਿੰਘ ਅਜਨਾਲਾ ਲੰਬੇ ਸਮੇਂ ਤੋਂ ਇਸ ਇਲਾਕੇ ਦੀ ਸੇਵਾ ਕਰ ਰਹੇ ਹਨ। ਭਵਿੱਖ ਵਿੱਚ ਕਿਸੇ ਹੋਰ ਪੰਥਕ ਧਿਰ ਨਾਲ ਚੋਣ ਸਮਝੌਤਾ ਹੋਣ ਦੀ ਸਥਿਤੀ ਵਿੱਚ ਵੀ ਅਜਨਾਲਾ ਹਲਕੇ ਦੀ ਅਗਵਾਈ ਡਾ. ਰਤਨ ਸਿੰਘ ਅਜਨਾਲਾ ਹੀ ਕਰਨਗੇ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਵਾਲੀ ਪੈਰੋਲ ਬਾਰੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੈਰੋਲ ਉਨ੍ਹਾਂ ਦਾ ਕਾਨੂੰਨੀ ਅਤੇ ਸੰਵਿਧਾਨਕ ਹੱਕ ਹੈ, ਜੋ ਹਰ ਨਾਗਰਿਕ ਅਤੇ ਚੁਣੇ ਹੋਏ ਨੁਮਾਇੰਦੇ ਨੂੰ ਮਿਲਣਾ ਚਾਹੀਦਾ ਹੈ।

ਪੰਜਾਬ ਦੇ ਭਖਦੇ ਮੁੱਦਿਆਂ ਬਾਰੇ ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ, ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕਿਆਂ, ਸ੍ਰੀ ਕਰਤਾਰਪੁਰ ਸਾਹਿਬ ਲਾਂਘੇ, BBMB ਅਤੇ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਮਸਲਿਆਂ ਦਾ ਹੱਲ ਹੋਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਜੰਮੂ-ਕਸ਼ਮੀਰ ਵਿੱਚ ਰਹਿੰਦੇ ਕਰੀਬ 70 ਹਜ਼ਾਰ ਸਿੱਖਾਂ ਲਈ ਵਿਧਾਨ ਸਭਾ ਵਿੱਚ ਰਾਖਵੇਂਕਰਨ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਰਹਿੰਦੇ ਸਿੱਖਾਂ ਦੇ ਹੱਕਾਂ ਦੀ ਰਾਖੀ ਕਰਨਾ ਵੀ ਉਨ੍ਹਾਂ ਦੀ ਪਾਰਟੀ ਦੀ ਤਰਜੀਹ ਰਹੇਗੀ।

ਪਾਰਟੀ ਵਿੱਚੋਂ ਕੁਝ ਆਗੂਆਂ ਦੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣਾ ਫ਼ੈਸਲਾ ਲੈਣ ਦਾ ਅਧਿਕਾਰ ਹੈ, ਪਰ ਇਸ ਨਾਲ ਪਾਰਟੀ ਦੀ ਚੋਣ ਤਿਆਰੀ ਪ੍ਰਭਾਵਿਤ ਨਹੀਂ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦੀ ਤਿਆਰੀ ਕਰ ਰਿਹਾ ਹੈ।

ਉਨ੍ਹਾਂ ਮੁਤਾਬਕ ਹੁਣ ਤੱਕ 46 ਤੋਂ 47 ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਚੁੱਕੇ ਹਨ, ਜਦਕਿ ਬਾਕੀ ਹਲਕਿਆਂ ਵਿੱਚ ਵੀ ਜਲਦ ਨਿਯੁਕਤੀਆਂ ਪੂਰੀਆਂ ਕਰ ਲਈਆਂ ਜਾਣਗੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.