IMG-LOGO
ਹੋਮ ਪੰਜਾਬ, ਰਾਸ਼ਟਰੀ, ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ...

ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ

Admin User - Nov 19, 2026 07:10 AM
IMG

ਨਵੀਂ ਦਿੱਲੀ, 19 ਨਵੰਬਰ : ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਲਿਆਂਦੀ ਹੈ, ਇਹ ਬਿਆਨ ਦੇ ਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਦੀ ਪਰਾਲੀ ਨੂੰ ਜ਼ਿੰਮੇਵਾਰ ਦੱਸ ਰਹੀ ਭਾਜਪਾ ਸਰਕਾਰ ਦੇ ਝੂਠੇ ਪ੍ਰਚਾਰ ਅਤੇ ਨਿਕੰਮੇਪਣ ਦੀ ਹਵਾ ਕੱਢ ਦਿੱਤੀ ਹੈ। ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਇੰਨਾ ਕੌੜਾ ਸੱਚ ਬੋਲਣ 'ਤੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਸ਼ਿਵਰਾਜ ਸਿੰਘ ਚੌਹਾਨ ਨੂੰ ਆਪਣਾ ਕੈਬਨਿਟ ਮੰਤਰੀ ਦਾ ਅਹੁਦਾ ਗੁਆਉਣਾ ਪੈ ਸਕਦਾ ਹੈ। ਸ਼ਿਵਰਾਜ ਸਿੰਘ ਚੌਹਾਨ ਦੇ ਇਸ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕਰਦਿਆਂ ਭਾਜਪਾ ਅਤੇ ਕਾਂਗਰਸ 'ਤੇ ਗੰਦੀ ਰਾਜਨੀਤੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ।


ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਆਏ ਬਿਆਨ 'ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਖ਼ੁਦ ਮੰਨ ਰਹੇ ਹਨ ਕਿ ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਵਿੱਚ ਕਾਫ਼ੀ ਕਮੀ ਕੀਤੀ ਹੈ। ਬਦਕਿਸਮਤੀ ਹੈ ਕਿ ਇਨ੍ਹਾਂ ਦੀ ਪਾਰਟੀ ਕਾਂਗਰਸ ਨਾਲ ਮਿਲ ਕੇ ਗੰਦੀ ਰਾਜਨੀਤੀ ਤਹਿਤ ਦਿਨ-ਰਾਤ ਪੰਜਾਬ ਦੇ ਕਿਸਾਨਾਂ ਨੂੰ ਗਾਲ੍ਹਾਂ ਕੱਢਦੀ ਰਹਿੰਦੀ ਹੈ।


ਦੂਜੇ ਪਾਸੇ, 'ਆਪ' ਦਿੱਲੀ ਦੇ ਸੂਬਾ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਮੈਨੂੰ ਸ਼ਿਵਰਾਜ ਸਿੰਘ ਦੀ ਅਤੇ ਉਨ੍ਹਾਂ ਦੇ ਕਰੀਅਰ ਦੀ ਬਹੁਤ ਚਿੰਤਾ ਹੋ ਰਹੀ ਹੈ। ਪੰਜਾਬ ਦੇ ਕਿਸਾਨਾਂ ਦੇ ਬਚਾਅ ਵਿੱਚ ਦਿੱਤੇ ਗਏ ਬਿਆਨ ਲਈ ਕਿਤੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਨਾ ਦਿੱਤਾ ਜਾਵੇ। ਮੋਦੀ ਸਰਕਾਰ ਵਿੱਚ ਰਹਿੰਦਿਆਂ ਅੱਜ-ਕੱਲ੍ਹ ਕਿਸੇ ਕੋਲ ਇੰਨਾ ਸੱਚ ਬੋਲਣ ਦੀ ਹਿੰਮਤ ਨਹੀਂ ਹੈ, ਜਿੰਨਾ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਬੋਲ ਦਿੱਤਾ ਹੈ। ਇੱਕ ਪਾਸੇ ਜਿੱਥੇ ਦਿੱਲੀ ਵਿੱਚ ਭਾਜਪਾ ਸਰਕਾਰ ਦੇ ਮੰਤਰੀ ਰੋਜ਼ ਸਵੇਰੇ ਉੱਠ ਕੇ ਪੰਜਾਬ ਦੀ ਪਰਾਲੀ ਅਤੇ ਪੰਜਾਬ ਦੇ ਕਿਸਾਨਾਂ 'ਤੇ ਦੋਸ਼ ਲਗਾਉਂਦੇ ਹਨ, ਉੱਥੇ ਹੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਗਿਆਨਕ ਡੇਟਾ ਦੇ ਆਧਾਰ 'ਤੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਠੀਕ ਨਹੀਂ ਹੈ।


ਸੌਰਭ ਭਾਰਦਵਾਜ ਨੇ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਦੀ ਗੱਲ ਸੌ ਫ਼ੀਸਦੀ ਸੱਚ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫ਼ੀਸਦੀ ਕਮੀ ਆਈ ਹੈ। ਪੰਜਾਬ ਦੇ ਕਿਸਾਨਾਂ ਨੇ ਬਹੁਤ ਮਿਹਨਤ ਕਰਕੇ, ਆਪਣਾ ਨੁਕਸਾਨ ਝੱਲ ਕੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਲਿਆ ਕੇ ਉਸ ਨੂੰ ਰੀਸਾਈਕਲ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਹਨ। ਅਜਿਹੇ ਵਿੱਚ ਜੇਕਰ ਅਸੀਂ ਕਿਸਾਨਾਂ ਦੀ ਸ਼ਲਾਘਾ ਨਹੀਂ ਕਰਾਂਗੇ ਤਾਂ ਕਿਸਾਨ ਇੰਨੀ ਮਿਹਨਤ ਕਿਉਂ ਕਰਨਗੇ? ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਸ਼ਲਾਘਾ ਕਰਨ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਬਹੁਤ-ਬਹੁਤ ਧੰਨਵਾਦ, ਪਰ ਮੈਨੂੰ ਉਨ੍ਹਾਂ ਦੀ ਚਿੰਤਾ ਬਹੁਤ ਜ਼ਿਆਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.