ਤਾਜਾ ਖਬਰਾਂ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ 21 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਕੀਤਾ ਜਾਵੇਗਾ। ਇਸ ਸਮਾਗਮ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਘੇਰਾ ਤਿਆਰ ਕੀਤਾ ਜਾ ਰਿਹਾ ਹੈ। ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਕਵਲਪ੍ਰੀਤ ਸਿੰਘ ਚਾਹਲ ਨੇ ਉੱਚ ਅਧਿਕਾਰੀਆਂ ਸਮੇਤ ਪਿੰਡ ਦਾ ਦੌਰਾ ਕਰਕੇ ਸਥਿਤੀ ਦਾ ਬਾਰੀਕੀ ਨਾਲ ਮੁਆਇਨਾ ਕੀਤਾ।
ਦੌਰੇ ਦੌਰਾਨ ਐਸ.ਐਸ.ਪੀ. ਚਾਹਲ ਦੇ ਨਾਲ ਡੀ.ਐਸ.ਪੀ. ਬਾਬਾ ਬਕਾਲਾ, ਸਥਾਨਕ ਐਸ.ਐਚ.ਓ. ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਰਹੇ। ਅਧਿਕਾਰੀਆਂ ਵੱਲੋਂ ਸ਼ਮਸ਼ਾਨਘਾਟ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾਂ ਤੋਂ ਇਲਾਵਾ ਅੰਤਿਮ ਯਾਤਰਾ ਦੇ ਮੁੱਖ ਮਾਰਗਾਂ, ਨਾਕਿਆਂ ਅਤੇ ਆਵਾਜਾਈ ਨੂੰ ਨਿਰਵਿਘਨ ਚਲਾਉਣ ਲਈ ਬਦਲਵੇਂ ਰੂਟਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਐਸ.ਪੀ. ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਸਮੁੱਚੇ ਪ੍ਰੋਗਰਾਮ ਦੀ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਦੀ ਵਧੀਕ ਸੈਸ਼ਨ ਅਦਾਲਤ ਨੇ 17 ਨਵੰਬਰ ਨੂੰ ਸੁਣਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ (ਤਿੰਨ ਘੰਟੇ) ਦੀ ਕਸਟਡੀ ਪੈਰੋਲ ਦਿੱਤੀ ਹੈ। ਇਸ ਸਮੇਂ ਦੌਰਾਨ ਉਹ ਪੁਲਿਸ ਹਿਰਾਸਤ ਵਿੱਚ ਹੀ ਰਹਿਣਗੇ। ਇਸ ਤੋਂ ਇਲਾਵਾ ਅਦਾਲਤੀ ਹੁਕਮਾਂ ਤਹਿਤ 22 ਨਵੰਬਰ ਨੂੰ ਫੁੱਲ ਚੁਗਣ (ਅਸਥੀਆਂ ਇਕੱਠੀਆਂ ਕਰਨ) ਦੀ ਰਸਮ ਅਤੇ 23 ਨਵੰਬਰ ਨੂੰ ਪੈਣ ਵਾਲੇ ਭੋਗ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵੀਡੀਓ ਕਾਨਫਰੰਸਿੰਗ ਰਾਹੀਂ ਯਕੀਨੀ ਬਣਾਈ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਕਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪਰਿਵਾਰ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਦਾਲਤ ਦੇ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਲੋੜ ਅਨੁਸਾਰ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਜਾਵੇਗਾ। ਅਦਾਲਤ ਦੀਆਂ ਸ਼ਰਤਾਂ ਮੁਤਾਬਕ, ਜੇਕਰ ਮੌਕੇ 'ਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਕੋਈ ਖ਼ਦਸ਼ਾ ਪੈਦਾ ਹੁੰਦਾ ਹੈ, ਤਾਂ ਪ੍ਰਸ਼ਾਸਨ ਕੋਲ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਉੱਥੋਂ ਵਾਪਸ ਲਿਜਾਣ ਦਾ ਅਧਿਕਾਰ ਰਾਖਵਾਂ ਹੋਵੇਗਾ।
Get all latest content delivered to your email a few times a month.