IMG-LOGO
ਹੋਮ ਪੰਜਾਬ: ਅੰਮ੍ਰਿਤਪਾਲ ਸਿੰਘ ਨੂੰ ਲੈਣ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ,...

ਅੰਮ੍ਰਿਤਪਾਲ ਸਿੰਘ ਨੂੰ ਲੈਣ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ, ਸਿਰਫ਼ 3 ਘੰਟਿਆਂ ਦੀ ਮਿਲੀ ਕਸਟਡੀ ਪੈਰੋਲ; ਪਰਿਵਾਰ ਨੇ ਜਮ੍ਹਾਂ ਕਰਵਾਏ 10 ਲੱਖ ਰੁਪਏ

Admin User - Nov 19, 2026 08:35 PM
IMG

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਵੀਰਵਾਰ (19 ਨਵੰਬਰ) ਨੂੰ ਪੰਜਾਬ ਪੁਲਿਸ ਦੀ ਪੰਜ ਮੈਂਬਰੀ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ। ਇਸ ਟੀਮ ਦੀ ਅਗਵਾਈ ਡੀਐੱਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਅੰਮ੍ਰਿਤਸਰ ਲਿਆਉਣ ਸਬੰਧੀ ਲੋੜੀਂਦੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ। ਅਦਾਲਤ ਨੇ ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸਿਰਫ਼ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਹੈ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਵਾਪਸ ਡਿਬਰੂਗੜ੍ਹ ਜੇਲ੍ਹ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਪੰਜਾਬ ਪੁਲਿਸ ਦੀ ਹੋਵੇਗੀ।

ਅੰਮ੍ਰਿਤਪਾਲ ਸਿੰਘ ਦੀ ਦਾਦੀ ਬੀਬੀ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਪਰਿਵਾਰ ਦੇ ਖੇਤਾਂ ਵਿੱਚ ਕੀਤਾ ਜਾਵੇਗਾ। ਇਸ ਸਬੰਧੀ ਪਿੰਡ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਰਿਵਾਰਕ ਮੈਂਬਰਾਂ ਦੇ ਨਾਲ ਪਿੰਡ ਵਾਸੀ ਵੀ ਅੰਤਿਮ ਸਸਕਾਰ ਦੇ ਪ੍ਰਬੰਧਾਂ ਵਿੱਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਬੀਬੀ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।

ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਪੰਜਾਬ ਲਿਆਉਣ ਅਤੇ ਮੁੜ ਡਿਬਰੂਗੜ੍ਹ ਜੇਲ੍ਹ ਛੱਡਣ ਦੇ ਪ੍ਰਬੰਧਾਂ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਪੁਲਿਸ ਦੇ ਸਰਕਾਰੀ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਨ੍ਹਾਂ ਵਿੱਚੋਂ ਲਗਭਗ 7.84 ਲੱਖ ਰੁਪਏ ਹਵਾਈ ਟਿਕਟਾਂ 'ਤੇ ਖਰਚ ਕੀਤੇ ਜਾਣਗੇ। ਇਸ ਰਕਮ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਤਾਇਨਾਤ ਪੰਜ ਪੁਲਿਸ ਮੁਲਾਜ਼ਮਾਂ ਦੀਆਂ ਆਉਣ-ਜਾਣ ਦੀਆਂ ਟਿਕਟਾਂ ਦਾ ਖਰਚਾ ਸ਼ਾਮਲ ਹੈ।

ਅਦਾਲਤ ਵੱਲੋਂ ਜਾਰੀ ਲਿਖਤੀ ਹੁਕਮਾਂ ਵਿੱਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਸ਼ਰਤਾਂ ਵੀ ਰੱਖੀਆਂ ਗਈਆਂ ਹਨ। ਹੁਕਮਾਂ ਅਨੁਸਾਰ ਜੇਕਰ ਅੰਤਿਮ ਸਸਕਾਰ ਦੌਰਾਨ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜਦੀ ਹੈ ਜਾਂ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਬਣਦਾ ਹੈ ਤਾਂ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਉੱਥੋਂ ਵਾਪਸ ਲਿਜਾ ਸਕਦੀ ਹੈ। ਲੋੜ ਪੈਣ 'ਤੇ ਉਨ੍ਹਾਂ ਨੂੰ ਤੁਰੰਤ ਪੰਜਾਬ ਤੋਂ ਬਾਹਰ ਵੀ ਲਿਜਾਇਆ ਜਾ ਸਕਦਾ ਹੈ।

ਤਿੰਨ ਦਿਨਾਂ ਦੀ ਬਜਾਏ ਤਿੰਨ ਘੰਟਿਆਂ ਦੀ ਹੀ ਮਿਲੀ ਪੈਰੋਲ

ਇਸ ਮਾਮਲੇ ਵਿੱਚ ਪਹਿਲਾਂ ਅੰਮ੍ਰਿਤਪਾਲ ਸਿੰਘ ਲਈ ਤਿੰਨ ਦਿਨਾਂ ਦੀ ਕਸਟਡੀ ਪੈਰੋਲ ਦੀ ਮੰਗ ਕੀਤੀ ਗਈ ਸੀ, ਪਰ ਪੰਜਾਬ ਪੁਲਿਸ ਨੇ ਅਦਾਲਤ ਵਿੱਚ ਸੁਰੱਖਿਆ ਪ੍ਰਬੰਧਾਂ ਸਬੰਧੀ ਆਪਣੀ ਅਸਮਰੱਥਾ ਜ਼ਾਹਰ ਕੀਤੀ ਸੀ। ਪੁਲਿਸ ਦਾ ਕਹਿਣਾ ਸੀ ਕਿ ਇੰਨੇ ਲੰਬੇ ਸਮੇਂ ਤੱਕ ਸੁਰੱਖਿਆ ਦੇ ਇੰਤਜ਼ਾਮ ਕਰਨਾ ਸੰਭਵ ਨਹੀਂ ਹੈ ਅਤੇ ਉਹ ਵੱਧ ਤੋਂ ਵੱਧ ਤਿੰਨ ਘੰਟਿਆਂ ਲਈ ਹੀ ਸੁਰੱਖਿਆ ਮੁਹੱਈਆ ਕਰਵਾ ਸਕਦੀ ਹੈ। ਇਸ ਤੋਂ ਬਾਅਦ ਅਦਾਲਤ ਨੇ 21 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.