ਤਾਜਾ ਖਬਰਾਂ
ਬਟਾਲਾ ਦੇ ਅੰਮ੍ਰਿਤਸਰ ਬਾਈਪਾਸ ’ਤੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਇੱਕ ਵੈਨ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਵੈਨ ਸੜਕ ਵਿਚਕਾਰ ਪਲਟ ਗਈ। ਇਸ ਹਾਦਸੇ ਦੌਰਾਨ ਵੈਨ ਵਿੱਚ ਸਵਾਰ ਤਿੰਨ ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਇਲਾਜ ਲਈ ਪਹੁੰਚਾਇਆ ਗਿਆ। ਦੂਜੇ ਪਾਸੇ, ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਸਕੂਲ ਵੈਨ ਸਵੇਰੇ ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਵੈਨ ਅੰਮ੍ਰਿਤਸਰ ਬਾਈਪਾਸ ’ਤੇ ਪਹੁੰਚੀ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਕਾਰਨ ਵੈਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਸੜਕ ’ਤੇ ਪਲਟ ਗਈ। ਘਟਨਾ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ।
ਮੌਕੇ ’ਤੇ ਪਹੁੰਚੇ ਲੋਕਾਂ ਅਤੇ ਪੁਲਿਸ ਵੱਲੋਂ ਜਦੋਂ ਕਾਰ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਗੈਸ ਸਿਲੰਡਰ ਮਿਲਿਆ। ਇਸ ਤੋਂ ਇਲਾਵਾ ਕਾਰ ਦੇ ਲੋੜੀਂਦੇ ਦਸਤਾਵੇਜ਼ ਵੀ ਮੌਕੇ ਤੋਂ ਬਰਾਮਦ ਨਹੀਂ ਹੋਏ। ਕਾਰ ਚਾਲਕ ਦੇ ਫ਼ਰਾਰ ਹੋਣ ਕਾਰਨ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬੱਚਿਆਂ ਦੇ ਮਾਪੇ ਘਬਰਾਏ ਹੋਏ ਮੌਕੇ ’ਤੇ ਪਹੁੰਚ ਗਏ। ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸੰਤਪੁਰਾ ਸਕੂਲ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਹਾਦਸੇ ਸਮੇਂ ਵੈਨ ਵਿੱਚ ਮੌਜੂਦ ਸੀ। ਉਨ੍ਹਾਂ ਮੁਤਾਬਕ ਵੈਨ ਦਾ ਡਰਾਈਵਰ ਆਮ ਤੌਰ ’ਤੇ ਸਾਵਧਾਨੀ ਨਾਲ ਗੱਡੀ ਚਲਾਉਂਦਾ ਹੈ ਅਤੇ ਬੱਚਿਆਂ ਨੂੰ ਰੋਜ਼ਾਨਾ ਸਕੂਲ ਲੈ ਕੇ ਜਾਂਦਾ ਹੈ। ਉਨ੍ਹਾਂ ਨੇ ਹਾਦਸੇ ਲਈ ਕਾਰ ਦੀ ਤੇਜ਼ ਰਫ਼ਤਾਰ ਨੂੰ ਜ਼ਿੰਮੇਵਾਰ ਦੱਸਿਆ।
Get all latest content delivered to your email a few times a month.