ਤਾਜਾ ਖਬਰਾਂ
ਚੰਡੀਗੜ੍ਹ, 21 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਦੂਜੇ ਸ਼ੂਟਰ, ਜਿਸ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਭਿੰਦਾ ਵਜੋਂ ਹੋਈ ਹੈ, ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਨਾਲ ਇਸ ਕਤਲ ਕਾਂਡ ਵਿੱਚ ਸ਼ਾਮਲ ਮੋਟਰਸਾਈਕਲ ਸਵਾਰ ਦੋਵੇਂ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਕਾਰਵਾਈ ਏ.ਜੀ.ਟੀ.ਐਫ. ਦੀਆਂ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਜ਼ੀਰਕਪੁਰ ਵਿੱਚ ਦੋ-ਤਰਫ਼ਾ ਸੰਖੇਪ ਗੋਲੀਬਾਰੀ ਤੋਂ ਬਾਅਦ ਪਹਿਲੇ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਉਸ ਦੀ ਮਹਿਲਾ ਸਾਥੀ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਮਹਿਜ਼ ਇੱਕ ਦਿਨ ਬਾਅਦ ਸਾਹਮਣੇ ਆਈ ਹੈ।
ਜ਼ਿਕਰਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਫ਼ਿਰੋਜ਼ਪੁਰ ‘ਚ ਤਾਇਨਾਤ ਏ.ਐਸ.ਆਈ. ਇਕਬਾਲ ਸਿੰਘ ਦੀ 11 ਅਕਤੂਬਰ, 2026 ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਡੀ.ਜੀ.ਪੀ. ਨੇ ਕਿਹਾ ਕਿ ਦੋਵਾਂ ਸ਼ੂਟਰਾਂ ਦੀ ਗ੍ਰਿਫ਼ਤਾਰੀ ਨਾਲ ਏ.ਜੀ.ਟੀ.ਐਫ. ਨੇ ਇਸ ਜਾਂਚ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਤਲ ਪਿੱਛੇ ਲੁਕੀ ਸਾਜ਼ਿਸ਼ ਨੂੰ ਬੇਨਕਾਬ ਕਰਨ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਨੇ ਦੱਸਿਆ ਕਿ ਜ਼ੀਰਕਪੁਰ ਦੀ ਕਾਰਵਾਈ ਤੋਂ ਤੁਰੰਤ ਬਾਅਦ ਡੀ.ਐਸ.ਪੀ. ਏ.ਜੀ.ਟੀ.ਐਫ. ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਫ਼ਰਾਰ ਚੱਲ ਰਹੇ ਦੂਜੇ ਸ਼ੂਟਰ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਤਕਨੀਕੀ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਨੂੰ ਹੋਰ ਬਾਰੀਕੀ ਨਾਲ ਖੰਗਾਲਿਆ।
ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਮੁਲਜ਼ਮ ਭੁਪਿੰਦਰ ਭਿੰਦਾ ਦੀ ਲੋਕੇਸ਼ਨ ਅੰਮ੍ਰਿਤਸਰ ਵਿੱਚ ਟਰੇਸ ਕੀਤੀ ਗਈ, ਜਿਸ ਤੋਂ ਬਾਅਦ ਉਸ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਵਿਸ਼ੇਸ਼ ਫ਼ੀਲਡ ਟੀਮਾਂ ਨੂੰ ਤੁਰੰਤ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ ਸਖ਼ਤ ਯਤਨਾਂ ਸਦਕਾ ਏ.ਜੀ.ਟੀ.ਐਫ. ਦੀ ਟੀਮ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਸਫ਼ਲਤਾਪੂਰਵਕ ਕਾਬੂ ਕਰ ਲਿਆ।
ਇਸ ਸਬੰਧੀ ਥਾਣਾ ਸਰਹਾਲੀ, ਤਰਨ ਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 103(1) ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਤੇ 27 ਤਹਿਤ ਐਫ.ਆਈ.ਆਰ. ਨੰਬਰ 186 ਮਿਤੀ 11.10.2026 ਦਰਜ ਹੈ।
Get all latest content delivered to your email a few times a month.