ਤਾਜਾ ਖਬਰਾਂ
ਮੋਗਾ 21 ਨਵੰਬਰ-
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 26 ਨਵੰਬਰ ਦਾ ਦਿਨ ਦੇਸ਼ ਦੀ ਰਾਜਨੀਤੀ ਵਿੱਚ ਇੱਕ ਇਤਿਹਾਸਕ ਦਿਨ ਹੈ, ਕਿਉਂਕਿ 26 ਨਵੰਬਰ 2012 ਨੂੰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਲੋਕਾਂ ਦੀ ਗੱਲ ਕਰਨ ਵਾਲੀ ਪਾਰਟੀ ਹੋਂਦ ਵਿੱਚ ਆਈ ਸੀ।
ਸ਼ਨੀਵਾਰ ਨੂੰ 'ਆਪ' ਆਗੂ ਦੀਪਕ ਬਾਲੀ ਤੇ ਚੇਅਰਮੈਨ ਵਰਿੰਦਰ ਕੁਮਾਰ ਸ਼ਰਮਾ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੋਗਾ ਦੇ ਪਿੰਡ ਮਟਵਾਣੀ ਵਿਖੇ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਰਸਮੀ ਕਾਰਵਾਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਵੱਲੋਂ ਮਨਾਇਆ ਜਾਣ ਵਾਲਾ ਇੱਕ ਵੱਡਾ ਜਸ਼ਨ ਹੈ।
ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਗਠਨ ਤੋਂ ਪਹਿਲਾਂ ਦੇਸ਼ ਦੀ ਸਿਆਸਤ ਸਿਰਫ਼ ਰਜਵਾੜਿਆਂ, ਵੱਡੇ ਕਾਰੋਬਾਰੀਆਂ ਅਤੇ ਅਫ਼ਸਰਸ਼ਾਹੀ ਦੇ ਆਲੇ-ਦੁਆਲੇ ਘੁੰਮਦੀ ਸੀ, ਪਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਹਿਲੀ ਵਾਰ ਆਮ ਆਦਮੀ ਦੀ ਸਿੱਖਿਆ, ਸਿਹਤ ਅਤੇ ਮੁਫ਼ਤ ਬਿਜਲੀ ਵਰਗੇ ਬੁਨਿਆਦੀ ਮੁੱਦੇ ਰਾਜਨੀਤੀ ਦੇ ਕੇਂਦਰ ਵਿੱਚ ਆਏ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਪਾਰਟੀਆਂ ਵੀ ਮਜਬੂਰ ਹੋ ਕੇ ਸਿੱਖਿਆ, ਸਿਹਤ, ਮੁਫ਼ਤ ਬਿਜਲੀ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਗੱਲ ਕਰਨ ਲੱਗੀਆਂ ਹਨ, ਜੋ ਕਿ ਆਪ ਦੀ ਵਿਚਾਰਧਾਰਾ ਦੀ ਸਭ ਤੋਂ ਵੱਡੀ ਜਿੱਤ ਹੈ।
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਕੇ ਦਿਖਾਏ ਹਨ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵਾਂਗ ਚੋਣਾਂ ਤੋਂ ਐਨ ਪਹਿਲਾਂ ਭਰਤੀਆਂ ਸ਼ੁਰੂ ਕਰਨ ਦੀ ਬਜਾਏ ਮੌਜੂਦਾ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ 80,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਮਿਸਾਲ ਦਿੰਦਿਆਂ ਦੱਸਿਆ ਕਿ ਇਕੱਲੇ ਪਿੰਡ ਮਚਾਕੀ ਮੱਲ ਸਿੰਘ ਵਿਖੇ 40 ਨੌਕਰੀਆਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ 38 ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਹਾਸਲ ਹੋਈਆਂ ਹਨ।
ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਬਾਰੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਜੋ ਸੜਕਾਂ ਸਿਰਫ਼ ਕਾਗਜ਼ਾਂ ਵਿੱਚ ਬਣਦੀਆਂ ਸਨ, ਅੱਜ ਇਮਾਨਦਾਰ ਲੀਡਰਸ਼ਿਪ ਸਦਕਾ ਪਿੰਡਾਂ ਵਿੱਚ 18-18 ਫੁੱਟ ਚੌੜੀਆਂ ਅਤੇ ਕੈਨੇਡਾ ਵਰਗੀਆਂ ਮਿਆਰੀ ਸੜਕਾਂ ਬਣਾਈਆਂ ਗਈਆਂ ਹਨ। ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰਕੇ ਗਰੀਬ ਵਰਗ ਲਈ ਮੁਫ਼ਤ ਅਤੇ ਮਿਆਰੀ ਇਲਾਜ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰੀ ਹਸਪਤਾਲਾਂ ਵਿੱਚ ਸਟੰਟ ਪਾਉਣ ਦੇ ਨਾਲ-ਨਾਲ 11 ਸਫਲ ਲਿਵਰ ਟ੍ਰਾਂਸਪਲਾਂਟ ਵੀ ਕੀਤੇ ਜਾ ਚੁੱਕੇ ਹਨ, ਜੋ ਦੇਸ਼ ਭਰ ਵਿੱਚ ਇੱਕ ਵੱਡੀ ਮਿਸਾਲ ਹੈ।
ਸੰਧਵਾਂ ਨੇ ਅੱਗੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦਾ ਦੌਰ ਚੱਲ ਰਿਹਾ ਸੀ, ਪਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਖੇਤਾਂ ਤੱਕ ਪਾਣੀ ਪਹੁੰਚਾਉਣ ਨਾਲ ਅੱਜ ਕਿਸਾਨ ਤੇ ਮਜ਼ਦੂਰ ਆਰਥਿਕ ਤੌਰ 'ਤੇ ਮਜ਼ਬੂਤ ਹੋਏ ਹਨ। ਉਨ੍ਹਾਂ ਭਾਵੁਕ ਹੁੰਦਿਆਂ ਦੱਸਿਆ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਸਿੱਧਾ ਲਾਭ ਆਮ ਘਰਾਂ ਦੀਆਂ ਭੈਣਾਂ ਅਤੇ ਧੀਆਂ ਨੂੰ ਮਿਲ ਰਿਹਾ ਹੈ, ਜੋ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਸਕਾ ਭਰਾ ਮੰਨਦੀਆਂ ਹਨ।
ਵਿਰੋਧੀਆਂ ਵੱਲੋਂ ਸਰਕਾਰ 'ਤੇ ਲਗਾਏ ਜਾ ਰਹੇ ਬੇਬੁਨਿਆਦ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀਆਂ ਨੂੰ ਬੋਲਣ ਦਾ ਹੱਕ ਹੈ, ਪਰ ਪੰਜਾਬ ਦੇ ਸੂਝਵਾਨ ਲੋਕ ਸੱਚਾਈ ਜਾਣਦੇ ਹਨ। ਉਨ੍ਹਾਂ ਕਿਹਾ ਕਿ 2022 ਵਿੱਚ ਲੋਕਾਂ ਨੇ ਆਪ ਨੂੰ 92 ਸੀਟਾਂ ਦੇ ਕੇ ਇਤਿਹਾਸਕ ਫਤਵਾ ਦਿੱਤਾ ਸੀ ਅਤੇ 2027 ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਦੇ ਕੰਮ ਖੁਦ ਬੋਲਣਗੇ।
ਉਨ੍ਹਾਂ ਸਮੂਹ ਪੰਜਾਬੀਆਂ, ਪਾਰਟੀ ਵਲੰਟੀਅਰਾਂ, ਪੰਚਾਂ-ਸਰਪੰਚਾਂ, ਮੇਅਰਾਂ, ਕੌਂਸਲਰਾਂ ਅਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਮਟਵਾਣੀ (ਮੋਗਾ) ਵਿਖੇ ਪਹੁੰਚ ਕੇ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਦੇ ਇਸ ਇਤਿਹਾਸਕ ਜਸ਼ਨ ਵਿੱਚ ਸ਼ਾਮਲ ਹੋਣ।
Get all latest content delivered to your email a few times a month.