IMG-LOGO
ਹੋਮ ਪੰਜਾਬ, ਰਾਸ਼ਟਰੀ, ਦਿੱਲੀ ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ...

ਦਿੱਲੀ ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫੈਸਲਾ, ਦੋ DSGMC ਮੈਂਬਰਾਂ 'ਤੇ ਪੰਥਕ ਗਤੀਵਿਧੀਆਂ ’ਚ ਸ਼ਮੂਲੀਅਤ ’ਤੇ ਰੋਕ; ਪੰਜ ਪ੍ਰਬੰਧਕ ਅਯੋਗ ਕਰਾਰ

Admin User - Nov 21, 2026 09:27 PM
IMG

ਨਵੀਂ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ 15 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ। ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਕਿਸੇ ਵੀ ਧਾਰਮਿਕ ਜਾਂ ਪੰਥਕ ਗਤੀਵਿਧੀ ਵਿੱਚ ਹਿੱਸਾ ਲੈਣ ਤੋਂ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਸਬੰਧਤ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਨੂੰ ਪ੍ਰਬੰਧਕੀ ਸੇਵਾਵਾਂ ਲਈ ਅਯੋਗ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਭਵਿੱਖ ਵਿੱਚ ਗੁਰੂ ਘਰ ਵਿਖੇ ਕਿਸੇ ਵੀ ਅਹੁਦੇ 'ਤੇ ਸੇਵਾ ਨਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।

ਇਸ ਸਬੰਧੀ ਕਾਰਵਾਈ ਤੋਂ ਪਹਿਲਾਂ ਸਾਰੇ ਸਬੰਧਤ ਮੈਂਬਰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ ਸਨ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਿਕਾਇਤਕਰਤਾ ਅਤੇ ਪ੍ਰਬੰਧਕਾਂ ਦੀਆਂ ਦਲੀਲਾਂ ਸੁਣੀਆਂ ਅਤੇ ਉਨ੍ਹਾਂ ਤੋਂ ਸਪੱਸ਼ਟੀਕਰਨ ਲਿਆ। ਮਾਮਲੇ ਨਾਲ ਜੁੜੇ ਤੱਥਾਂ ਦੀ ਵਿਸਥਾਰ ਨਾਲ ਜਾਂਚ ਕਰਨ ਉਪਰੰਤ ਪ੍ਰਬੰਧਕੀ ਪੱਧਰ 'ਤੇ ਗੰਭੀਰ ਅਣਗਹਿਲੀਆਂ ਸਾਹਮਣੇ ਆਉਣ ਦੀ ਗੱਲ ਕਹੀ ਗਈ।

ਮਾਮਲੇ ਦੀ ਪੂਰੀ ਜਾਂਚ ਕਰਨ ਅਤੇ ਗੁਰਦੁਆਰਾ ਸਾਹਿਬ ਵਿਖੇ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਬਣਾਉਣ ਦੀ ਪ੍ਰਕਿਰਿਆ ਲਈ ਇੱਕ ਵਿਸ਼ੇਸ਼ ਜਾਂਚ ਕਮੇਟੀ ਵੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਧਾਰਮਿਕ ਪੜਤਾਲਾਂ ਅਤੇ ਸ. ਭੋਲਾ ਸਿੰਘ, ਇੰਚਾਰਜ ਉਪ-ਦਫ਼ਤਰ ਤਲਵੰਡੀ ਸਾਬੋ ਨੂੰ ਸ਼ਾਮਲ ਕੀਤਾ ਗਿਆ ਹੈ।

ਜਾਂਚ ਕਮੇਟੀ ਨੂੰ 2 ਦਸੰਬਰ 2026 ਤੱਕ ਆਪਣੀ ਵਿਸਥਾਰਤ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ 15 ਤੋਂ 17 ਨਵੰਬਰ 2026 ਤੱਕ ਦੀਆਂ ਘਟਨਾਵਾਂ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਰਿਪੋਰਟ ਵਿੱਚ ਸ਼ਾਮਲ ਕੀਤੀ ਜਾਵੇਗੀ, ਤਾਂ ਜੋ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.