IMG-LOGO
ਹੋਮ ਪੰਜਾਬ: ਤਿੰਨ ਘੰਟੇ ਦੀ ਹਿਰਾਸਤੀ ਪੈਰੋਲ ਖ਼ਤਮ: ਦਾਦੀ ਦੇ ਸਸਕਾਰ ਉਪਰੰਤ...

ਤਿੰਨ ਘੰਟੇ ਦੀ ਹਿਰਾਸਤੀ ਪੈਰੋਲ ਖ਼ਤਮ: ਦਾਦੀ ਦੇ ਸਸਕਾਰ ਉਪਰੰਤ ਅੰਮ੍ਰਿਤਪਾਲ ਸਿੰਘ ਅਸਾਮ ਜੇਲ੍ਹ ਰਵਾਨਾ

Admin User - Nov 22, 2026 02:29 PM
IMG

ਅੰਮ੍ਰਿਤਸਰ/ਡਿਬਰੂਗੜ੍ਹ : ਦਾਦੀ ਚਰਨ ਕੌਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਉਪਰੰਤ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਐਤਵਾਰ ਸਵੇਰੇ ਮੁੜ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚ ਗਏ ਹਨ।


ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਨੀਵਾਰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੀ ਤਿੰਨ ਘੰਟੇ ਦੀ ਵਿਸ਼ੇਸ਼ ਹਿਰਾਸਤੀ ਪੈਰੋਲ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਿਆਂਦਾ ਗਿਆ ਸੀ। ਪਿੰਡ ਪਹੁੰਚਣ 'ਤੇ ਉਨ੍ਹਾਂ ਨੇ ਆਪਣੇ ਪਿਤਾ ਤਰਸੇਮ ਸਿੰਘ, ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਦਾਦੀ ਦੀ ਮ੍ਰਿਤਕ ਦੇਹ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਅੰਤਿਮ ਵਿਦਾਇਗੀ ਦਿੱਤੀ।


ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲਗਭਗ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਸ਼ਮਸ਼ਾਨਘਾਟ ਦੇ ਆਲੇ-ਦੁਆਲੇ ਬੈਰੀਕੇਡਿੰਗ ਕਰਕੇ ਆਵਾਜਾਈ ਨੂੰ ਪੂਰੀ ਤਰ੍ਹਾਂ ਕੰਟਰੋਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੁਲੇਟਪਰੂਫ ਗੱਡੀ ਰਾਹੀਂ ਲਿਆਂਦਾ ਤੇ ਵਾਪਸ ਲਿਜਾਇਆ ਗਿਆ।


ਅੰਤਿਮ ਸਸਕਾਰ ਦੀਆਂ ਰਸਮਾਂ ਪੂਰੀਆਂ ਹੁੰਦੇ ਹੀ ਪੁਲਿਸ ਟੀਮ ਉਨ੍ਹਾਂ ਨੂੰ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੈ ਗਈ, ਜਿੱਥੋਂ ਹਵਾਈ ਜਹਾਜ਼ ਰਾਹੀਂ ਦਿੱਲੀ ਲਿਜਾ ਕੇ ਰਾਤ ਭਰ ਇੱਕ ਸੁਰੱਖਿਅਤ ਟਿਕਾਣੇ (ਸੇਫ਼ ਹਾਊਸ) 'ਤੇ ਰੱਖਿਆ ਗਿਆ। ਐਤਵਾਰ ਤੜਕੇ ਉਨ੍ਹਾਂ ਨੂੰ ਦਿੱਲੀ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਵਾਪਸ ਦਾਖ਼ਲ ਕਰਵਾ ਦਿੱਤਾ ਗਿਆ।


ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਕਰੀਬ ਤਿੰਨ ਸਾਲ ਅਤੇ ਅੱਠ ਮਹੀਨਿਆਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਹਾਲਾਂਕਿ ਉਨ੍ਹਾਂ 'ਤੇ ਲੱਗੇ ਐੱਨ.ਐੱਸ.ਏ. (NSA) ਨੂੰ ਹੁਣ ਹਟਾ ਦਿੱਤਾ ਗਿਆ ਹੈ। ਪਰਿਵਾਰਕ ਸੂਤਰਾਂ ਮੁਤਾਬਕ 22 ਨਵੰਬਰ ਨੂੰ ਅਸਥੀਆਂ ਚੁਗਣ ਅਤੇ 23 ਨਵੰਬਰ ਨੂੰ ਹੋਣ ਵਾਲੇ ਅੰਤਿਮ ਅਰਦਾਸ ਤੇ ਭੋਗ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.