IMG-LOGO
ਹੋਮ ਪੰਜਾਬ, ਰਾਸ਼ਟਰੀ, ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ...

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚਿਆ, 1822 ਸੰਗਤਾਂ ਨੂੰ ਮਿਲੇ ਵੀਜ਼ੇ

Admin User - Nov 22, 2026 07:11 PM
IMG

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪਾਕਿਸਤਾਨ ਪਹੁੰਚ ਗਿਆ ਹੈ। ਉੱਥੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਮੰਤਰੀ ਰਮੇਸ਼ ਸਿੰਘ ਅਰੋੜਾ, ਓਕਾਫ ਬੋਰਡ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਅਤੇ ਸਕੱਤਰ ਨਾਸਿਰ ਮੁਸਤਾਕ ਵੱਲੋਂ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੋਂ ਇਹ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਜਥੇ ਦੀ ਅਗਵਾਈ ਗਿਆਨੀ ਕੁਲਦੀਪ ਸਿੰਘ ਗੜਗੱਜ ਕਰ ਰਹੇ ਹਨ, ਜਦਕਿ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਸ਼ਾਮਲ ਹਨ। ਇਸ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਲਖਬੀਰ ਸਿੰਘ ਚੀਫ-85 ਵੀ ਜਥੇ ਦਾ ਹਿੱਸਾ ਹਨ।

ਰਵਾਨਗੀ ਤੋਂ ਪਹਿਲਾਂ ਜਥੇ ਦੀ ਚੜ੍ਹਦੀ ਕਲਾ ਅਤੇ ਸੁਖਦ ਯਾਤਰਾ ਲਈ ਅਰਦਾਸ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਸੰਗਤ ਦੀ ਰੋਜ਼ਾਨਾ ਅਰਦਾਸ ਵਿੱਚ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਵਿਚਲੇ ਵਿਛੜੇ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਉਨ੍ਹਾਂ ਦੀ ਸੇਵਾ-ਸੰਭਾਲ ਦੀ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੇ ਮਨਾਂ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਲਈ ਡੂੰਘੀ ਸ਼ਰਧਾ ਅਤੇ ਸਤਿਕਾਰ ਹੈ।

ਉਨ੍ਹਾਂ ਗੁਰੂ ਸਾਹਿਬ ਅੱਗੇ ਸਮੁੱਚੇ ਖਿੱਤੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੇ ਰਹਿਣ ਦੀ ਅਰਦਾਸ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦੀ ਖੋਲ੍ਹਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਪੰਜਾਬਾਂ ਦੀ ਸਾਂਝ ਸਿਰਫ਼ ਸਰਹੱਦਾਂ ਤੱਕ ਸੀਮਤ ਨਹੀਂ, ਸਗੋਂ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਪਿਆਰ ਨਾਲ ਜੁੜੀ ਹੋਈ ਹੈ।

ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪਾਸ ਕੀਤੇ ਮਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰਾਂ ਨੂੰ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਪਾਕਿਸਤਾਨ ਜਾਣ ਵਾਲੇ ਜਥਿਆਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੌਜੂਦਾ ਜਥਿਆਂ ਵਿੱਚ ਵੀਜ਼ੇ ਵਧਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਮੌਕੇ ’ਤੇ ਵੀਜ਼ਾ ਦੇਣ ਦੀ ਸਹੂਲਤ ਸ਼ੁਰੂ ਕਰਨ ਦੀ ਲੋੜ ਹੈ, ਤਾਂ ਜੋ ਵੱਧ ਤੋਂ ਵੱਧ ਸੰਗਤ ਆਪਣੀ ਸ਼ਰਧਾ ਅਨੁਸਾਰ ਦਰਸ਼ਨ ਕਰ ਸਕੇ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣਾ ਸਿੱਖ ਸ਼ਰਧਾਲੂਆਂ ਲਈ ਸੁਭਾਗ ਵਾਲੀ ਗੱਲ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਕੁੱਲ 1822 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।

ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 24 ਨਵੰਬਰ ਨੂੰ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਇਸ ਤੋਂ ਇਲਾਵਾ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ। ਇਹ ਜਥਾ ਆਪਣੀ ਯਾਤਰਾ ਪੂਰੀ ਕਰਨ ਉਪਰੰਤ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.