IMG-LOGO
ਹੋਮ ਪੰਜਾਬ: ਨਸ਼ਿਆਂ ਖ਼ਿਲਾਫ਼ ਜਲੰਧਰ ਦੀਆਂ ਸੜਕਾਂ ’ਤੇ ਉਤਰੇ ਸੈਂਕੜੇ ਨੌਜਵਾਨ, ਮੰਤਰੀ...

ਨਸ਼ਿਆਂ ਖ਼ਿਲਾਫ਼ ਜਲੰਧਰ ਦੀਆਂ ਸੜਕਾਂ ’ਤੇ ਉਤਰੇ ਸੈਂਕੜੇ ਨੌਜਵਾਨ, ਮੰਤਰੀ ਮਹਿੰਦਰ ਭਗਤ ਨੇ ਬਾਈਕ ਰੈਲੀ ਨੂੰ ਦਿਖਾਈ ਹਰੀ ਝੰਡੀ

Admin User - Nov 22, 2026 07:53 PM
IMG

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਐਤਵਾਰ ਨੂੰ ਜਲੰਧਰ ਵਿੱਚ ਵਿਸ਼ਾਲ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ। ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਬਰਲਟਨ ਪਾਰਕ ਤੋਂ ਇਸ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਨਸ਼ਾ ਮੁਕਤੀ ਮੋਰਚਾ' ਵੱਲੋਂ ਕਰਵਾਈ ਗਈ ਇਸ ਰੈਲੀ ਵਿੱਚ ਸੈਂਕੜੇ ਨੌਜਵਾਨਾਂ ਨੇ ਮੋਟਰਸਾਈਕਲਾਂ ਰਾਹੀਂ ਸ਼ਮੂਲੀਅਤ ਕਰਦਿਆਂ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ।

ਇਸ ਮੌਕੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸ ਲੜਾਈ ਨੂੰ ਸਿਰਫ਼ ਸਰਕਾਰੀ ਮੁਹਿੰਮ ਤੱਕ ਸੀਮਤ ਨਾ ਰੱਖ ਕੇ ਲੋਕ ਲਹਿਰ ਦਾ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਗਲਤ ਰਾਹਾਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਇਸੇ ਮਕਸਦ ਨਾਲ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਵਰਗੇ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸਕਾਰਾਤਮਕ ਸੋਚ ਅਤੇ ਚੰਗੀ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੀਆਂ ਹਨ।

ਵਿਰੋਧੀ ਪਾਰਟੀਆਂ ਨੂੰ ਘੇਰਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਨੂੰ ਨੌਜਵਾਨਾਂ ਦੀ ਯਾਦ ਸਿਰਫ਼ ਚੋਣਾਂ ਦੇ ਸਮੇਂ ਹੀ ਆਉਂਦੀ ਹੈ ਅਤੇ ਉਹ ਇਸ ਮੁੱਦੇ ਨੂੰ ਵੀ ਵੋਟਾਂ ਦੀ ਰਾਜਨੀਤੀ ਨਾਲ ਜੋੜਦੀਆਂ ਹਨ। ਇਸ ਦੇ ਉਲਟ ਮੌਜੂਦਾ ਸਰਕਾਰ ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਅਤੇ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਪੰਜਾਬ ਦੇ ਵਿਕਾਸ ਲਈ ਅਹਿਮ ਕਦਮ ਹਨ।

ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਨਾਟਕ ਵੀ ਖੇਡੇ ਗਏ। ਇਸ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਵੀ ਆਪਣੀ ਕਲਾ ਰਾਹੀਂ ਸਮਾਗਮ ਵਿੱਚ ਰੰਗ ਬੰਨ੍ਹਿਆ।

ਬਰਲਟਨ ਪਾਰਕ ਤੋਂ ਸ਼ੁਰੂ ਹੋਈ ਇਹ ਬਾਈਕ ਰੈਲੀ ਕਪੂਰਥਲਾ ਚੌਕ, ਫੁੱਟਬਾਲ ਚੌਕ ਅਤੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਹੁੰਦੀ ਹੋਈ ਮਾਡਲ ਟਾਊਨ ਸਥਿਤ ਸ਼ਿਵਾਨੀ ਪਾਰਕ ਵਿਖੇ ਸਮਾਪਤ ਹੋਈ। ਰੈਲੀ ਦੇ ਅੰਤਿਮ ਪੜਾਅ ’ਤੇ ਸਥਾਨਕ ਆਗੂਆਂ ਅਤੇ ਲੋਕਾਂ ਵੱਲੋਂ ਭਾਗ ਲੈਣ ਵਾਲੇ ਨੌਜਵਾਨਾਂ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਮੇਅਰ ਵਿਨੀਤ ਧੀਰ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਸਮੇਤ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.