IMG-LOGO
ਹੋਮ ਪੰਜਾਬ: ਪਹਿਲੀ ਪਾਤਸ਼ਾਹੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ...

ਪਹਿਲੀ ਪਾਤਸ਼ਾਹੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ

Admin User - Nov 23, 2026 02:34 PM
IMG

ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਦੁਪਹਿਰ ਸਮੇਂ ਆਰੰਭ ਹੋਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ, ਜਦਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸੀ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਚੌਰ ਸਾਹਿਬ ਦੀ ਸੇਵਾ ਨਿਭਾਈ।


ਨਗਰ ਕੀਰਤਨ ਵਿੱਚ ਗਤਕਾ ਅਖਾੜਿਆਂ ਦੇ ਸਿੰਘਾਂ ਨੇ ਖਾਲਸਾਈ ਜੰਗਜੂ ਕਰਤੱਬਾਂ ਦੇ ਜੌਹਰ ਦਿਖਾਏ, ਉੱਥੇ ਹੀ ਬੈਂਡ ਪਾਰਟੀਆਂ, ਸ਼ਬਦੀ ਜਥਿਆਂ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਸਟਾਫ਼ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਗੁਰਬਾਣੀ ਕੀਰਤਨ ਕਰਦਿਆਂ ਹਾਜ਼ਰੀ ਭਰੀ। ਇਹ ਨਗਰ ਕੀਰਤਨ ਸਰਾਏ ਗੇਟ, ਵਿਰਾਸਤੀ ਮਾਰਗ, ਮਾਈ ਸੇਵਾਂ ਬਾਜ਼ਾਰ, ਪਾਪੜਾਂ ਵਾਲਾ ਬਾਜ਼ਾਰ ਅਤੇ ਲਛਮਣਸਰ ਚੌਂਕ ਸਮੇਤ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਗੁਜ਼ਰਦਾ ਹੋਇਆ ਦੇਰ ਸ਼ਾਮ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ। ਸ਼ਰਧਾਲੂਆਂ ਵੱਲੋਂ ਥਾਂ-ਥਾਂ ਸਵਾਗਤੀ ਗੇਟ ਲਗਾ ਕੇ, ਫੁੱਲਾਂ ਦੀ ਵਰਖਾ ਕਰਕੇ ਅਤੇ ਅਤੁੱਟ ਲੰਗਰ ਵਰਤਾ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।


ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗਿਆਨੀ ਅਮਰਜੀਤ ਸਿੰਘ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਉਪਦੇਸ਼ ਸਮੁੱਚੀ ਮਾਨਵਤਾ ਨੂੰ ਭਰਮਾਂ-ਭੁਲੇਖਿਆਂ ਵਿੱਚੋਂ ਕੱਢ ਕੇ ਸੱਚ ਦੇ ਮਾਰਗ 'ਤੇ ਤੋਰਦੇ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ।


ਜਾਣਕਾਰੀ ਅਨੁਸਾਰ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਇਤਿਹਾਸਕ ਵਸਤਾਂ ਦੇ ਪਵਿੱਤਰ ਜਲੌਅ ਸਜਾਏ ਜਾਣਗੇ। ਇਸੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸੁੰਦਰ ਦੀਪਮਾਲਾ ਤੇ ਪ੍ਰਦੂਸ਼ਣ ਰਹਿਤ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਨੂੰ ਮਿਲੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.