ਤਾਜਾ ਖਬਰਾਂ
ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੀ ਅੰਮ੍ਰਿਤਸਰ ਇਕਾਈ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਉਪਰੰਤ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿੱਚ ਰੈਲੀ ਦੀ ਰੂਪ-ਰੇਖਾ ਸਾਂਝੀ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਦੇ ਅੰਮ੍ਰਿਤਸਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੇ ਦੱਸਿਆ ਕਿ 'ਖੁਸ਼ਹਾਲ ਪੰਜਾਬ ਤੇ ਰੰਗਲਾ ਪੰਜਾਬ' ਦੇ ਨਾਅਰੇ ਹੇਠ ਕਰਵਾਈ ਜਾ ਰਹੀ ਇਸ ਰੈਲੀ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਇਕੱਠ ਦਾ ਮੁੱਖ ਮੰਤਵ 2022 ਦੇ ਚੋਣ ਫ਼ਤਵੇ ਲਈ ਸੂਬਾ ਵਾਸੀਆਂ ਦਾ ਧੰਨਵਾਦ ਕਰਨਾ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਹੈ।
ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਅਹਿਮ ਸੁਧਾਰ ਕੀਤੇ ਹਨ। ਉਨ੍ਹਾਂ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਗਿਣਵਾਉਂਦਿਆਂ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਟੋਲ ਪਲਾਜ਼ੇ ਬੰਦ ਕਰਨਾ, ਨਹਿਰੀ ਪਾਣੀ ਦੀ ਵਰਤੋਂ ਵਧਾਉਣਾ, ਤੀਰਥ ਯਾਤਰਾ ਸਕੀਮ ਅਤੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਜ਼ਿਕਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਕੂਲਾਂ ਵਿੱਚ ਆਧੁਨਿਕ ਲੈਬੋਰਟਰੀਆਂ, ਇੰਟਰਐਕਟਿਵ ਪੈਨਲਾਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਪਰਾਲਿਆਂ ਨੂੰ ਵੀ ਅਹਿਮ ਦੱਸਿਆ।
ਪ੍ਰੈੱਸ ਕਾਨਫ਼ਰੰਸ ਦੌਰਾਨ ਸੂਬੇ ਵਿੱਚ ਨਸ਼ਿਆਂ ਦੇ ਵਧ ਰਹੇ ਮੁੱਦੇ 'ਤੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਤਿੱਖੇ ਸਵਾਲਾਂ ਦਾ ਜਵਾਬ ਦਿੰਦਿਆਂ ਧੰਜਲ ਨੇ ਸਰਕਾਰ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੌਜੂਦਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਜਿੰਨੀ ਸਖ਼ਤ ਕਾਰਵਾਈ ਕੀਤੀ ਗਈ ਹੈ, ਓਨੀ ਪਹਿਲਾਂ ਕਿਸੇ ਵੀ ਸਰਕਾਰ ਨੇ ਨਹੀਂ ਕੀਤੀ।
ਅੰਤ ਵਿੱਚ, ਜ਼ਿਲ੍ਹਾ ਪ੍ਰਧਾਨ ਨੇ ਅੰਮ੍ਰਿਤਸਰ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਮੋਗਾ ਦੇ ਪਿੰਡ ਮਟਵਾਣਾ ਪਹੁੰਚ ਕੇ ਰੈਲੀ ਨੂੰ ਕਾਮਯਾਬ ਬਣਾਉਣ।
Get all latest content delivered to your email a few times a month.