IMG-LOGO
ਹੋਮ ਪੰਜਾਬ: ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026...

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਨੂੰ 27 ਨਵੰਬਰ ਦੀ ਮੀਟਿੰਗ...

Admin User - Nov 23, 2026 08:28 PM
IMG

 ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਉੱਪਰ ਉਠਾਏ ਗਏ ਇਤਰਾਜ਼ਾਂ ਨੂੰ ਦੂਰ ਕਰਨ ਅਤੇ ਇਸ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੇ ਉਦੇਸ਼ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਦੇ ਨਾਲ ਹੀ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਏ ਗਏ ਇਤਰਾਜ਼ਾਂ ’ਤੇ ਵਿਚਾਰ ਕਰਨ ਅਤੇ ਉਨ੍ਹਾਂ ਦੇ ਸੁਝਾਵਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਿੱਖ ਸ਼ਖ਼ਸੀਅਤਾਂ, ਸਿੱਖ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਿਰਾਂ ਦੀ ਇੱਕ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ ’ਤੇ ਆਪਸੀ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਕੱਢਿਆ ਜਾ ਸਕੇ।

ਤਾਲਮੇਲ ਕਮੇਟੀ ਵੱਲੋਂ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਮੀਟਿੰਗ ਕਰਨ ਦੀ ਬੇਨਤੀ ਕੀਤੀ ਗਈ ਸੀ। ਅੱਜ ਮੁੜ ਤਾਲਮੇਲ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਬੈਠ ਕੇ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਕੀਤੀ ਗਈ, ਪਰੰਤੂ ਅੱਜ ਵੀ ਮਾਹਿਰ ਕਮੇਟੀ ਵੱਲੋਂ ਕੋਈ ਨੁਮਾਇੰਦਾ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਇਆ।

ਤਾਲਮੇਲ ਕਮੇਟੀ ਦਾ ਮੰਨਣਾ ਹੈ ਕਿ ਇਹ ਮਾਮਲਾ ਬੇਹੱਦ ਸੰਵੇਦਨਸ਼ੀਲ ਅਤੇ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਇਸ ਨੂੰ ਆਪਸੀ ਸੂਝ-ਬੂਝ, ਸੰਵਾਦ ਅਤੇ ਸਹਿਮਤੀ ਰਾਹੀਂ ਸੁਲਝਾਇਆ ਜਾਣਾ ਬਹੁਤ ਜ਼ਰੂਰੀ ਹੈ।

ਤਾਲਮੇਲ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਨ ਅਤੇ ਮਾਹਿਰ ਕਮੇਟੀ ਦੇ ਸੁਝਾਵਾਂ ਨੂੰ ਸਮਝਣ ਲਈ ਉਸ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਦੋਵੇਂ ਕਮੇਟੀਆਂ ਮਿਲ ਬੈਠ ਕੇ ਇਨ੍ਹਾਂ ਇਤਰਾਜ਼ਾਂ ਦਾ ਢੁੱਕਵਾਂ ਹੱਲ ਕੱਢ ਸਕਣ ਅਤੇ ਸੋਧ ਐਕਟ ਸਬੰਧੀ ਲੋੜੀਂਦੀਆਂ ਸੋਧਾਂ ਆਪਸੀ ਸਹਿਮਤੀ ਨਾਲ ਅੰਤਿਮ ਰੂਪ ਵਿੱਚ ਤੈਅ ਕੀਤੀਆਂ ਜਾ ਸਕਣ।

ਤਾਲਮੇਲ ਕਮੇਟੀ ਇੱਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਉਹ ਗੱਲਬਾਤ ਲਈ ਅੱਗੇ ਆਵੇ। ਸਾਡਾ ਉਦੇਸ਼ ਕਿਸੇ ਵੀ ਤਰ੍ਹਾਂ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਮਾਮਲੇ ਦਾ ਸਰਬਸੰਮਤੀ ਨਾਲ ਅਤੇ ਸੁਖਾਵੇਂ ਢੰਗ ਨਾਲ ਹੱਲ ਕਰਨਾ ਹੈ।


ਇਸੇ ਉਦੇਸ਼ ਤਹਿਤ ਤਾਲਮੇਲ ਕਮੇਟੀ ਵੱਲੋਂ ਮੁੜ 27 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਯੁਕਤ ਮਾਹਿਰ ਕਮੇਟੀ ਨੂੰ ਇਕੱਠੇ ਬੈਠ ਕੇ ਵਿਚਾਰ-ਵਟਾਂਦਰਾ ਕਰਨ ਅਤੇ ਇਸ ਮਸਲੇ ਦਾ ਸੰਜੀਦਾ ਤੇ ਸਾਰਥਕ ਹੱਲ ਕੱਢਣ ਲਈ ਮੀਟਿੰਗ ਕਰਨ ਦੀ ਬੇਨਤੀ ਕੀਤੀ ਗਈ ਹੈ। ਤਾਲਮੇਲ ਕਮੇਟੀ ਵੱਲੋਂ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਜੇਕਰ ਮਾਹਿਰ ਕਮੇਟੀ ਦੇ ਸਤਿਕਾਰਯੋਗ ਮੈਂਬਰ ਸਾਹਿਬਾਨ ਚਾਹੁਣ ਤਾਂ ਉਹ ਆਪਣੀ ਸਹੂਲਤ ਅਨੁਸਾਰ ਜਿੰਨੀ ਛੇਤੀ ਸੰਭਵ ਹੋ ਸਕੇ, ਮੀਟਿੰਗ ਦਾ ਸਮਾਂ ਅਤੇ ਸਥਾਨ ਨਿਰਧਾਰਤ ਕਰਕੇ ਦੱਸ ਸਕਦੇ ਹਨ। ਤਾਲਮੇਲ ਕਮੇਟੀ ਉਨ੍ਹਾਂ ਵੱਲੋਂ ਨਿਰਧਾਰਤ ਕੀਤੇ ਗਏ ਸਮੇਂ ਅਤੇ ਸਥਾਨ ’ਤੇ ਪਹੁੰਚ ਕੇ ਵਿਚਾਰ-ਵਟਾਂਦਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.