ਤਾਜਾ ਖਬਰਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ (ਕਾਰਤਿਕ ਪੂਰਨਿਮਾ) ਮੌਕੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ’ਤੇ ਸ਼ਰਧਾ ਅਤੇ ਉਤਸ਼ਾਹ ਦਾ ਅਦਭੁੱਤ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਖ਼ਾਸ ਮੌਕੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ, ਸੁੰਦਰ ਫੁੱਲਾਂ ਅਤੇ ਦੇਸੀ ਘਿਓ ਦੇ ਦੀਵਿਆਂ ਨਾਲ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ। ਗੁਰੂ ਘਰ ਦੀ ਮਨਮੋਹਕ ਸਜਾਵਟ ਨੇ ਸੰਗਤ ਦਾ ਮਨ ਮੋਹ ਲਿਆ।
ਸ਼ਾਮ ਦੇ ਸਮੇਂ ਜਿਵੇਂ ਹੀ ਦੀਪਮਾਲਾ ਕੀਤੀ ਗਈ, ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਕੰਪਲੈਕਸ ਰੌਸ਼ਨੀ ਨਾਲ ਜਗਮਗਾ ਉੱਠਿਆ। ਇਸ ਦੌਰਾਨ ਅਸਮਾਨ ਵਿੱਚ ਹੋਈ ਸ਼ਾਨਦਾਰ ਆਤਿਸ਼ਬਾਜ਼ੀ ਨੇ ਸਮਾਗਮ ਦੀ ਰੌਣਕ ਹੋਰ ਵਧਾ ਦਿੱਤੀ। ਸੰਗਤ ਵੱਲੋਂ ਲਗਾਏ ਜਾ ਰਹੇ ਜੈਕਾਰਿਆਂ ਨਾਲ ਪੂਰਾ ਮਾਹੌਲ ਗੁਰੂ ਭਗਤੀ ਵਿੱਚ ਰੰਗਿਆ ਗਿਆ। ਇਸ ਅਲੌਕਿਕ ਨਜ਼ਾਰੇ ਦੇ ਦਰਸ਼ਨ ਕਰਨ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਅੰਮ੍ਰਿਤਸਰ ਪਹੁੰਚੇ।
ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੀ ਵਿਸ਼ੇਸ਼ ਰੌਣਕ ਰਹੀ। ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਕੀਰਤਨ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੇ ਨਾਲ ਹੀ ਸੰਗਤ ਵੱਲੋਂ ਲੰਗਰ ਅਤੇ ਹੋਰ ਸੇਵਾਵਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ।
ਮਾਲੇਰਕੋਟਲਾ ਤੋਂ ਆਏ ਸ਼ਰਧਾਲੂ ਦਲਜੀਤ ਸਿੰਘ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਣੀ ਜ਼ਿੰਦਗੀ ਦਾ ਯਾਦਗਾਰੀ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਾਬਾ ਗੁਰਬਖਸ਼ ਸਿੰਘ ਜੀ ਦੇ ਅਸਥਾਨ ’ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਦਾ ਸੁਭਾਗ ਮਿਲਿਆ। ਉਨ੍ਹਾਂ ਮੁਤਾਬਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਨਜ਼ਾਰਾ ਬੇਹੱਦ ਮਨਮੋਹਕ ਸੀ, ਜਿਸ ਨੇ ਮਨ ਨੂੰ ਸਕੂਨ ਦਿੱਤਾ। ਉਨ੍ਹਾਂ ਕਿਹਾ ਕਿ ਸੰਗਤ ਦਾ ਵੱਡਾ ਇਕੱਠ ਸਿੱਖ ਕੌਮ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਐਡਵੋਕੇਟ ਅਮਨਦੀਪ ਕੌਰ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਨੁੱਖਤਾ ਲਈ ਸ਼ਾਂਤੀ ਅਤੇ ਰੂਹਾਨੀਅਤ ਦਾ ਕੇਂਦਰ ਹੈ। ਉਨ੍ਹਾਂ ਗੁਰਬਾਣੀ ਦੀ ਪਾਵਨ ਤੁਕ ‘ਮਿਟੀ ਧੁੰਧ ਜਗ ਚਾਨਣ ਹੋਆ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਨਾਲ ਦੁਨੀਆ ਵਿੱਚ ਗਿਆਨ ਅਤੇ ਸੱਚਾਈ ਦਾ ਚਾਨਣ ਫੈਲਿਆ। ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ, ਆਪਸੀ ਵੈਰ-ਵਿਰੋਧ ਛੱਡਣ ਅਤੇ ਪਿਆਰ ਤੇ ਸ਼ਾਂਤੀ ਦਾ ਸੰਦੇਸ਼ ਫੈਲਾਉਣ ਦੀ ਅਪੀਲ ਕੀਤੀ।
ਪ੍ਰਕਾਸ਼ ਪੁਰਬ ਦੇ ਇਸ ਪਵਿੱਤਰ ਮੌਕੇ ’ਤੇ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਤੋਂ ਵੀ ਸੰਗਤ ਦਰਸ਼ਨਾਂ ਲਈ ਪਹੁੰਚੀ। ਕੋਲਕਾਤਾ ਤੋਂ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਆਈ ਅਰਪਿਤਾ ਘੋਸ਼ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇੱਥੇ ਆ ਕੇ ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮਹਿਸੂਸ ਕਰ ਰਹੀ ਹੈ। ਉਸ ਨੇ ਗੁਰੂ ਘਰ ਦੀ ਸ਼ਾਨਦਾਰ ਸਜਾਵਟ, ਆਤਿਸ਼ਬਾਜ਼ੀ, ਲੰਗਰ ਦੀ ਸੇਵਾ ਅਤੇ ਸਥਾਨਕ ਲੋਕਾਂ ਦੇ ਪਿਆਰ ਭਰੇ ਸੁਭਾਅ ਦੀ ਖ਼ਾਸ ਤੌਰ ’ਤੇ ਸ਼ਲਾਘਾ ਕੀਤੀ।
ਇਸੇ ਤਰ੍ਹਾਂ ਪਟਿਆਲਾ ਤੋਂ ਪਹੁੰਚੇ ਸ਼ਰਧਾਲੂਆਂ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਆਤਮਿਕ ਮਾਹੌਲ ਅਤੇ ਰਾਤ ਸਮੇਂ ਹੋਈ ਦੀਪਮਾਲਾ ਨੂੰ ਬੇਮਿਸਾਲ ਦੱਸਿਆ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਗੁਰੂ ਘਰ ਦੇ ਦਰਸ਼ਨ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੂਰੇ ਕੰਪਲੈਕਸ ਵਿੱਚ ਗੁਰੂ ਕਾ ਲੰਗਰ ਨਿਰੰਤਰ ਵਰਤਾਇਆ ਜਾਂਦਾ ਰਿਹਾ ਅਤੇ ਸੰਗਤ ਨੇ ਸੇਵਾ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
Get all latest content delivered to your email a few times a month.