IMG-LOGO
ਹੋਮ ਅੰਤਰਰਾਸ਼ਟਰੀ: ਯੂਏਈ ਵਿੱਚ ਭਿਆਨਕ ਸੜਕ ਹਾਦਸਾ: ਬੱਸ ਅਤੇ ਖੜ੍ਹੇ ਟਰੱਕ ਦੀ...

ਯੂਏਈ ਵਿੱਚ ਭਿਆਨਕ ਸੜਕ ਹਾਦਸਾ: ਬੱਸ ਅਤੇ ਖੜ੍ਹੇ ਟਰੱਕ ਦੀ ਟੱਕਰ ’ਚ 13 ਹਲਾਕ, ਮ੍ਰਿਤਕਾਂ ਵਿੱਚ ਭਾਰਤੀ ਨਾਗਰਿਕ ਵੀ ਸ਼ਾਮਲ

Admin User - Nov 25, 2026 01:17 PM
IMG

ਦੁਬਈ/ਰਾਸ ਅਲ ਖੈਮਾਹ: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ ਅਲ ਖੈਮਾਹ ਇਲਾਕੇ ਵਿੱਚ ਮੰਗਲਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 13 ਵਿਅਕਤੀਆਂ ਦੀ ਜਾਨ ਚਲੀ ਗਈ, ਜਦਕਿ 14 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਭਾਰਤੀ ਨਾਗਰਿਕਾਂ ਦੇ ਸ਼ਾਮਲ ਹੋਣ ਦੀ ਵੀ ਪੁਸ਼ਟੀ ਹੋਈ ਹੈ।


ਯੂਏਈ ਦੇ ਗ੍ਰਹਿ ਮੰਤਰਾਲੇ ਅਤੇ ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਇਹ ਹਾਦਸਾ ਰਾਸ ਅਲ ਖੈਮਾਹ ਦੀ ਅਲ ਵਤਨ ਰੋਡ 'ਤੇ ਉਸ ਸਮੇਂ ਵਾਪਰਿਆ ਜਦੋਂ 41 ਸਵਾਰੀਆਂ ਨਾਲ ਭਰੀ ਇੱਕ ਯਾਤਰੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਵਿੱਚ ਕੋਈ ਤਕਨੀਕੀ ਖ਼ਰਾਬੀ ਆਉਣ ਕਾਰਨ ਡਰਾਈਵਰ ਨੇ ਉਸ ਨੂੰ ਸੜਕ ਦੇ ਇੱਕ ਪਾਸੇ ਰੋਕਿਆ ਹੋਇਆ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ 11 ਲੋਕਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ, ਜਦਕਿ ਦੋ ਜ਼ਖ਼ਮੀਆਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 13 ਤੱਕ ਪਹੁੰਚ ਗਿਆ। ਘਟਨਾ ਤੋਂ ਤੁਰੰਤ ਬਾਅਦ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ।


ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਰਾਹੀਂ ਇਸ ਦੁਖਦਾਈ ਘਟਨਾ 'ਤੇ ਗਹਿਰਾ ਸੋਗ ਪ੍ਰਗਟ ਕਰਦਿਆਂ ਭਾਰਤੀ ਨਾਗਰਿਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਹਾਦਸੇ ਵਿੱਚ ਮਾਰੇ ਗਏ ਜਾਂ ਜ਼ਖ਼ਮੀ ਹੋਏ ਭਾਰਤੀਆਂ ਦੀ ਸਹੀ ਗਿਣਤੀ ਬਾਰੇ ਅਧਿਕਾਰਤ ਵੇਰਵਿਆਂ ਦੀ ਅਜੇ ਉਡੀਕ ਕੀਤੀ ਜਾ ਰਹੀ ਹੈ। ਕੌਂਸਲੇਟ ਨੇ ਕਿਹਾ ਹੈ ਕਿ ਉਹ ਪੀੜਤ ਪਰਿਵਾਰਾਂ ਦੇ ਸੰਪਰਕ ਵਿੱਚ ਹਨ ਅਤੇ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਹਰ ਸੰਭਵ ਮਦਦ ਯਕੀਨੀ ਬਣਾ ਰਹੇ ਹਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ 24 ਘੰਟੇ ਕਾਰਜਸ਼ੀਲ ਟੋਲ-ਫ੍ਰੀ ਹੈਲਪਲਾਈਨ ਨੰਬਰ 800-46342 ਵੀ ਜਾਰੀ ਕੀਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਯੂਏਈ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਇਹ ਦੂਜਾ ਵੱਡਾ ਸੜਕ ਹਾਦਸਾ ਹੈ। ਇਸ ਤੋਂ ਪਹਿਲਾਂ ਬੀਤੀ 13 ਨਵੰਬਰ ਨੂੰ ਫੁਜੈਰਾਹ ਵਿਖੇ ਟਰੱਕਾਂ ਸਮੇਤ 23 ਵਾਹਨਾਂ ਦੀ ਆਪਸੀ ਟੱਕਰ ਵਿੱਚ ਚਾਰ ਭਾਰਤੀਆਂ ਸਮੇਤ ਕੁੱਲ 14 ਲੋਕਾਂ ਦੀ ਮੌਤ ਹੋ ਗਈ ਸੀ ਅਤੇ 30 ਦੇ ਕਰੀਬ ਵਿਅਕਤੀ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿੱਚ ਸੱਤ ਭਾਰਤੀ ਨਾਗਰਿਕਾਂ ਤੋਂ ਇਲਾਵਾ ਪਾਕਿਸਤਾਨ, ਮਿਸਰ, ਓਮਾਨ, ਜਾਰਡਨ ਅਤੇ ਬ੍ਰਾਜ਼ੀਲ ਦੇ ਨਾਗਰਿਕ ਵੀ ਸ਼ਾਮਲ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.