ਤਾਜਾ ਖਬਰਾਂ
ਨਵੀਂ ਦਿੱਲੀ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਸ਼ਮੂਲੀਅਤ ਵਾਲੇ ਤਿੰਨ ਮੈਂਬਰੀ ਬੈਂਚ ਨੇ ਮਾਮਲੇ ਨਾਲ ਜੁੜੀਆਂ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਬੈਂਚ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ 'ਤੇ ਹੁਣ ਅਗਲੀ ਤਾਰੀਖ਼ ਨੂੰ ਫੈਸਲਾ ਸੁਣਾਇਆ ਜਾਵੇਗਾ।
ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ ਵਿੱਚ ਬਹੁਤ ਜ਼ਿਆਦਾ ਦੇਰੀ ਹੋਈ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਮਾਰਚ 2012 ਵਿੱਚ ਰਾਜੋਆਣਾ ਦੀ ਤਰਫ਼ੋਂ ਰਹਿਮ ਦੀ ਅਪੀਲ ਪਾਈ ਗਈ ਸੀ। ਸਾਲਾਂ ਬੱਧੀ ਇਸ ਅਪੀਲ 'ਤੇ ਕੋਈ ਠੋਸ ਫੈਸਲਾ ਨਾ ਹੋਣ ਕਾਰਨ ਬਚਾਅ ਪੱਖ ਨੇ ਸਿਖਰਲੀ ਅਦਾਲਤ ਤੱਕ ਪਹੁੰਚ ਕਰਕੇ ਮੌਤ ਦੀ ਸਜ਼ਾ ਘਟਾਉਣ ਦੀ ਗੁਹਾਰ ਲਗਾਈ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੀ ਇਸ ਅਪੀਲ ਦੇ ਨਿਪਟਾਰੇ ਲਈ ਅਦਾਲਤ ਤੋਂ ਸਮਾਂ ਮੰਗ ਚੁੱਕੀ ਹੈ।
31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਇੱਕ ਭਿਆਨਕ ਬੰਬ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਵਿਅਕਤੀ ਮਾਰੇ ਗਏ ਸਨ। ਲੰਬੀ ਕਾਨੂੰਨੀ ਕਾਰਵਾਈ ਤੋਂ ਬਾਅਦ ਸਾਲ 2007 ਵਿੱਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਜੇਲ੍ਹ ਵਿੱਚ ਬੰਦ ਹਨ।
ਹੁਣ ਸਭ ਦੀਆਂ ਨਜ਼ਰਾਂ ਦੇਸ਼ ਦੀ ਸਰਵਉੱਚ ਅਦਾਲਤ ਦੇ ਆਉਣ ਵਾਲੇ ਹੁਕਮਾਂ 'ਤੇ ਟਿਕੀਆਂ ਹੋਈਆਂ ਹਨ, ਜੋ ਇਹ ਤੈਅ ਕਰਨਗੇ ਕਿ ਦਹਾਕਿਆਂ ਪੁਰਾਣੇ ਇਸ ਮਾਮਲੇ ਵਿੱਚ ਰਾਜੋਆਣਾ ਨੂੰ ਕਾਨੂੰਨੀ ਰਾਹਤ ਮਿਲਦੀ ਹੈ ਕੀਜਾਂ ਨਹੀਂ।
Get all latest content delivered to your email a few times a month.