IMG-LOGO
ਹੋਮ ਪੰਜਾਬ: ਅਕਾਲੀ-ਭਾਜਪਾ ਦੇ ਗੱਠਜੋੜ ’ਤੇ ਹਰਪਾਲ ਚੀਮਾ ਦਾ ਤਿੱਖਾ ਨਿਸ਼ਾਨਾ, ਕਿਹਾ-...

ਅਕਾਲੀ-ਭਾਜਪਾ ਦੇ ਗੱਠਜੋੜ ’ਤੇ ਹਰਪਾਲ ਚੀਮਾ ਦਾ ਤਿੱਖਾ ਨਿਸ਼ਾਨਾ, ਕਿਹਾ- ਪੰਜਾਬੀ 2007 ਤੋਂ 2017 ਦਾ ਦੌਰ ਨਹੀਂ ਭੁੱਲੇ

Admin User - Nov 25, 2026 09:18 PM
IMG

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦੋਸ਼ ਲਾਇਆ ਹੈ ਕਿ ਦੋਵੇਂ ਪਾਰਟੀਆਂ ਦਾ 2007 ਤੋਂ 2017 ਤੱਕ ਦਾ ਦਸ ਸਾਲਾ ਸ਼ਾਸਨ ਪੰਜਾਬ ਲਈ ਮਾੜਾ ਦੌਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਾ ਹਾਸਲ ਕਰਨ ਦੀ ਇੱਛਾ ਨਾਲ ਹੋਇਆ ਇਹ ਸਿਆਸੀ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੋਵੇਗਾ, ਕਿਉਂਕਿ ਲੋਕ ਇਨ੍ਹਾਂ ਪਾਰਟੀਆਂ ਦੇ ਪਿਛਲੇ ਕਾਰਜਕਾਲ ਨੂੰ ਅਜੇ ਵੀ ਯਾਦ ਰੱਖਦੇ ਹਨ।

ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਸੂਬੇ ਵਿੱਚ ਨਸ਼ਿਆਂ, ਬੇਰੁਜ਼ਗਾਰੀ ਅਤੇ ਗੈਂਗਸਟਰਵਾਦ ਵਰਗੀਆਂ ਸਮੱਸਿਆਵਾਂ ਵਧੀਆਂ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਸੀ।

ਉਨ੍ਹਾਂ ਦੋਵਾਂ ਪਾਰਟੀਆਂ ਦੇ ਗੱਠਜੋੜ ’ਤੇ ਤਨਜ਼ ਕੱਸਦਿਆਂ ਕਿਹਾ ਕਿ ਜ਼ੀਰੋ ਅਤੇ ਜ਼ੀਰੋ ਨੂੰ ਜੋੜਨ ਨਾਲ ਵੀ ਨਤੀਜਾ ਜ਼ੀਰੋ ਹੀ ਨਿਕਲਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2017 ਅਤੇ 2022 ਦੀਆਂ ਚੋਣਾਂ ਵਾਂਗ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਅਕਾਲੀ ਦਲ ਅਤੇ ਭਾਜਪਾ ਦੀਆਂ ਸੀਟਾਂ ਦੀ ਗਿਣਤੀ ਇਕਹਿਰੇ ਅੰਕ ਤੱਕ ਹੀ ਸੀਮਤ ਰਹੇਗੀ।

ਚੀਮਾ ਨੇ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਦੇ ਪੁਰਾਣੇ ਬਿਆਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਹੜੇ ਆਗੂ ਪਹਿਲਾਂ ਇਕ-ਦੂਜੇ ਵਿਰੁੱਧ ਗੰਭੀਰ ਦੋਸ਼ ਲਗਾਉਂਦੇ ਰਹੇ ਹਨ, ਉਹ ਹੁਣ ਸਿਆਸੀ ਲਾਭ ਲਈ ਇਕ ਮੰਚ ’ਤੇ ਆ ਗਏ ਹਨ। ਉਨ੍ਹਾਂ ਮੁਤਾਬਕ ਇਸ ਗੱਠਜੋੜ ਦਾ ਉਦੇਸ਼ ਪੰਜਾਬ ਦੀ ਭਲਾਈ ਨਹੀਂ, ਬਲਕਿ ਕਿਸੇ ਵੀ ਤਰੀਕੇ ਨਾਲ ਸੱਤਾ ਹਾਸਲ ਕਰਨਾ ਹੈ।

ਕਾਂਗਰਸ ਆਗੂ ਰਾਜਾ ਵੜਿੰਗ ਦੇ ਬਿਆਨ ਬਾਰੇ ਪੁੱਛੇ ਜਾਣ ’ਤੇ ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਦੂਜੀਆਂ ਪਾਰਟੀਆਂ ਬਾਰੇ ਟਿੱਪਣੀਆਂ ਕਰਨ ਦੀ ਬਜਾਏ ਪਹਿਲਾਂ ਆਪਣੇ ਅੰਦਰ ਚੱਲ ਰਹੀ ਧੜੇਬੰਦੀ ਅਤੇ ਆਪਸੀ ਖਿੱਚੋਤਾਣ ਨੂੰ ਸੁਲਝਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਦੀ ਸਿਆਸਤ ਅਤੇ ਉਨ੍ਹਾਂ ਦੇ ਚੋਣ ਵਾਅਦਿਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।

26 ਨਵੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਮਹਾਂ-ਰੈਲੀ ਬਾਰੇ ਗੱਲ ਕਰਦਿਆਂ ਚੀਮਾ ਨੇ ਕਿਹਾ ਕਿ ਇਸ ਇਕੱਠ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਲੱਖਾਂ ਲੋਕ ਰੈਲੀ ਵਿੱਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਜਿੱਥੇ ਵਿਰੋਧੀ ਪਾਰਟੀਆਂ ਆਪਣੇ ਸਿਆਸੀ ਅਤੇ ਪਰਿਵਾਰਕ ਹਿੱਤਾਂ ਲਈ ਇਕੱਠ ਕਰ ਰਹੀਆਂ ਹਨ, ਉੱਥੇ 'ਆਪ' ਸਰਕਾਰ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਲੋਕਾਂ ਨਾਲ ਸਾਂਝੀਆਂ ਕਰੇਗੀ।

ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਅਤੇ ਸਕੂਲ ਆਫ਼ ਐਮੀਨੈਂਸ ਰਾਹੀਂ ਬਿਹਤਰ ਸਿੱਖਿਆ ਦੇਣ ਲਈ ਕਦਮ ਚੁੱਕੇ ਗਏ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਕੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਦਾ ਵੀ ਦਾਅਵਾ ਕੀਤਾ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੋਗਾ ਦੀ ਮਹਾਂ-ਰੈਲੀ ਆਮ ਆਦਮੀ ਪਾਰਟੀ ਲਈ ਅਹਿਮ ਸਾਬਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪਹਿਲਾਂ ਨਾਲੋਂ ਵੱਡੀ ਜਿੱਤ ਦਰਜ ਕਰਕੇ ਮੁੜ ਸਰਕਾਰ ਬਣਾਏਗੀ।

ਆਪਣੀ ਵਿਧਾਨ ਸਭਾ ਸੀਟ ਬਾਰੇ ਪੁੱਛੇ ਸਵਾਲ ’ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਇਸ ਸਬੰਧੀ ਫ਼ੈਸਲੇ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.