ਤਾਜਾ ਖਬਰਾਂ
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਸੂਬੇ ਵਿਚ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਸੂਤਰਾਂ ਅਨੁਸਾਰ, ਇਸੇ ਲੜੀ ਤਹਿਤ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪੰਜਾਬ ਕਾਂਗਰਸ ਵੱਲੋਂ ਇਕ ਵਿਸ਼ਾਲ ਸਿਆਸੀ ਇਕੱਠ ਕੀਤਾ ਜਾ ਰਿਹਾ ਹੈ, ਜਿਸ ਨੂੰ ਪਾਰਟੀ ਨੇ ‘ਸੰਵਿਧਾਨ ਬਚਾਓ’ ਰੈਲੀ ਦਾ ਨਾਮ ਦਿੱਤਾ ਹੈ।
ਕਾਂਗਰਸ ਲੀਡਰਸ਼ਿਪ ਮੁਤਾਬਕ, ਇਸ ਰੈਲੀ ਦੌਰਾਨ ਪਾਰਟੀ ਵੱਲੋਂ ਕੇਂਦਰ ਅਤੇ ਪੰਜਾਬ ਦੀ ਸੱਤਾਧਾਰੀ ਸਰਕਾਰ ਵਿਰੁੱਧ ਦੋਹਰਾ ਮੋਰਚਾ ਖੋਲ੍ਹਿਆ ਜਾਵੇਗਾ। ਜਿੱਥੇ ਇਕ ਪਾਸੇ ਸੂਬੇ ਵਿਚ ਕਥਿਤ ਤੌਰ 'ਤੇ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਜਾਣਗੇ, ਉੱਥੇ ਹੀ ਦੂਜੇ ਪਾਸੇ ‘ਵੋਟ ਚੋਰੀ’ ਦੇ ਮੁੱਦੇ 'ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਜਾਵੇਗਾ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਸ ਮੰਚ ਰਾਹੀਂ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਦਾ ਸੁਨੇਹਾ ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਪ੍ਰਬੰਧਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਇਹ ਰੈਲੀ ਅੰਮ੍ਰਿਤਸਰ ਦੇ ਗ੍ਰੈਂਡ ਟਰੰਕ (ਜੀ.ਟੀ.) ਰੋਡ 'ਤੇ ਦੁਪਹਿਰ 12:30 ਵਜੇ ਸ਼ੁਰੂ ਹੋਵੇਗੀ। ਇਸ ਇਕੱਠ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਉਨ੍ਹਾਂ ਤੋਂ ਇਲਾਵਾ ਪਰਗਟ ਸਿੰਘ ਸਮੇਤ ਸੂਬੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਉਮੀਦ ਹੈ। ਇਸ ਰੈਲੀ ਨੂੰ ਆਗਾਮੀ ਚੋਣਾਂ ਲਈ ਪਾਰਟੀ ਦੇ ਸ਼ਕਤੀ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ।
Get all latest content delivered to your email a few times a month.