IMG-LOGO
ਹੋਮ ਪੰਜਾਬ: ਸੱਤਾ 'ਚ ਆਉਣ ’ਤੇ ‘ਆਪ’ ਸਰਕਾਰ ਦੇ ਫੈਸਲਿਆਂ ਅਤੇ ਸਰਕਾਰੀ...

ਸੱਤਾ 'ਚ ਆਉਣ ’ਤੇ ‘ਆਪ’ ਸਰਕਾਰ ਦੇ ਫੈਸਲਿਆਂ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੀ ਹੋਵੇਗੀ ਨਿਰਪੱਖ ਜਾਂਚ: ਪ੍ਰਤਾਪ ਬਾਜਵਾ

Admin User - Nov 26, 2026 03:58 PM
IMG

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਸੱਤਾ ਤਬਦੀਲੀ ਹੋਣ ਤੋਂ ਬਾਅਦ ਮੌਜੂਦਾ ਸਰਕਾਰ ਵੱਲੋਂ ਲਏ ਗਏ ਵਿਵਾਦਤ ਫੈਸਲਿਆਂ ਅਤੇ ਸਰਕਾਰੀ ਅਹੁਦਿਆਂ ਦੀ ਕਥਿਤ ਦੁਰਵਰਤੋਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ‘ਆਪ’ ਸਰਕਾਰ ਦੇ ਕੰਮਕਾਜ, ਮੋਗਾ ਰੈਲੀ ਲਈ ਸਰਕਾਰੀ ਸਾਧਨਾਂ ਦੀ ਵਰਤੋਂ, ਕਾਂਗਰਸ ਦੀਆਂ ਚੋਣ ਤਿਆਰੀਆਂ ਅਤੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ।

ਬਾਜਵਾ ਨੇ ਆਪਣੇ ਬਿਆਨ ਵਿੱਚ ਦੇਸ਼ ਦੇ ਸੰਵਿਧਾਨ ਨਿਰਮਾਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਡਾ. ਭੀਮ ਰਾਓ ਅੰਬੇਡਕਰ, ਪੰਡਿਤ ਜਵਾਹਰ ਲਾਲ ਨਹਿਰੂ, ਸਰਦਾਰ ਵੱਲਭ ਭਾਈ ਪਟੇਲ ਅਤੇ ਮੌਲਾਨਾ ਅਬੁਲ ਕਲਾਮ ਆਜ਼ਾਦ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਦੇਸ਼ ਵਿੱਚ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਅਤੇ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਇਆ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅੱਜ ਵੀ ਸੰਵਿਧਾਨ ਦੀ ਸੁਰੱਖਿਆ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸੰਘਰਸ਼ ਕਰ ਰਹੀ ਹੈ।

ਆਮ ਆਦਮੀ ਪਾਰਟੀ ਦੀ ਮੋਗਾ ਵਿਖੇ ਹੋਣ ਵਾਲੀ ਰੈਲੀ ਬਾਰੇ ਬੋਲਦਿਆਂ ਬਾਜਵਾ ਨੇ ਦੋਸ਼ ਲਾਇਆ ਕਿ ਸਿਆਸੀ ਸਮਾਗਮ ਨੂੰ ਸਰਕਾਰੀ ਪ੍ਰੋਗਰਾਮ ਵਜੋਂ ਪੇਸ਼ ਕਰਕੇ ਜਨਤਾ ਦੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦਾ ਸਮਾਂ ਨੇੜੇ ਹੈ, ਪਰ ਇਸ ਦੇ ਬਾਵਜੂਦ ਰੈਲੀ ਵਿੱਚ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੇ ਦਾਅਵੇ ਮੁਤਾਬਕ ਰੈਲੀ ਵਿੱਚ ਲੋਕਾਂ ਨੂੰ ਲਿਆਉਣ ਲਈ ਲਗਭਗ 2,500 ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਸਰਕਾਰੀ ਖਜ਼ਾਨੇ ’ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ। ਬਾਜਵਾ ਨੇ 2022 ਵਿੱਚ ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਅਰਵਿੰਦ ਕੇਜਰੀਵਾਲ ਦੀ ਰੈਲੀ ਅਤੇ ਉਨ੍ਹਾਂ ਦੇ ਤਾਜ ਹੋਟਲ ਵਿੱਚ ਠਹਿਰਨ ਦਾ ਜ਼ਿਕਰ ਕਰਦਿਆਂ ‘ਆਪ’ ਦੀ ਆਮ ਆਦਮੀ ਵਾਲੀ ਰਾਜਨੀਤੀ ’ਤੇ ਵੀ ਸਵਾਲ ਚੁੱਕੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਫੈਸਲਿਆਂ, ਸਰਕਾਰੀ ਖਰਚਿਆਂ ਅਤੇ ਅਹੁਦੇ ਦੀ ਕਥਿਤ ਦੁਰਵਰਤੋਂ ਨਾਲ ਜੁੜੇ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਬਾਜਵਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਉਮੀਦਵਾਰਾਂ ਦੀ ਚੋਣ ਸਬੰਧੀ ਪ੍ਰਕਿਰਿਆ ਨੂੰ ਅੱਗੇ ਵਧਾ ਰਹੀ ਹੈ ਅਤੇ ਅਗਲੇ 8 ਤੋਂ 10 ਦਿਨਾਂ ਵਿੱਚ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਚੋਣ ਸਮਝੌਤੇ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ‘ਆਪ’ ਨਾਲ ਕਿਸੇ ਵੀ ਤਰ੍ਹਾਂ ਦਾ ਗੱਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ।

ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਪੁੱਛੇ ਜਾਣ ’ਤੇ ਬਾਜਵਾ ਨੇ ਚਿੰਤਾ ਪ੍ਰਗਟਾਈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਅੰਦਰੂਨੀ ਸਾਂਝ ਹੈ ਅਤੇ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ।

ਬਾਜਵਾ ਨੇ ਦਾਅਵਾ ਕੀਤਾ ਕਿ ਕਈ ਵੱਡੇ ਗੈਂਗਸਟਰ ਭਾਜਪਾ ਸ਼ਾਸਿਤ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਲੋੜ ਪੈਣ ’ਤੇ ਉਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਨਾਲ ਜੁੜੇ ਮਾਮਲਿਆਂ ਨੂੰ ਦੇਖਦਿਆਂ ਦੋਵਾਂ ਪਾਰਟੀਆਂ ਦੀ ਭੂਮਿਕਾ ’ਤੇ ਗੰਭੀਰ ਸਵਾਲ ਉੱਠਦੇ ਹਨ। ਉਨ੍ਹਾਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਮੌਜੂਦਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.