ਤਾਜਾ ਖਬਰਾਂ
ਚੰਡੀਗੜ੍ਹ: ਪਹਾੜੀ ਇਲਾਕਿਆਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ਵਿੱਚ ਠੰਢ ਦਾ ਜ਼ੋਰ ਵਧਾ ਦਿੱਤਾ ਹੈ। ਸਵੇਰ ਵੇਲੇ ਪੈ ਰਹੀ ਸੰਘਣੀ ਧੁੰਦ ਅਤੇ ਲਗਾਤਾਰ ਡਿੱਗਦੇ ਪਾਰੇ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕਰਦਿਆਂ 28 ਨਵੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਸਮੇਤ ਕਈ ਹੋਰ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ।
ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ 9 ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ:
ਫਰੀਦਕੋਟ: 7.1 ਡਿਗਰੀ ਸੈਲਸੀਅਸ (ਸੂਬੇ ਵਿੱਚ ਸਭ ਤੋਂ ਠੰਢਾ)
ਬਠਿੰਡਾ: 7.6 ਡਿਗਰੀ ਸੈਲਸੀਅਸ
ਪਠਾਨਕੋਟ: 8.3 ਡਿਗਰੀ ਸੈਲਸੀਅਸ
ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ: 8.4 ਡਿਗਰੀ ਸੈਲਸੀਅਸ
ਫਿਰੋਜ਼ਪੁਰ, ਪਟਿਆਲਾ ਅਤੇ ਚੰਡੀਗੜ੍ਹ: 9.4 ਡਿਗਰੀ ਸੈਲਸੀਅਸ (ਚੰਡੀਗੜ੍ਹ ਦਾ ਪਾਰਾ ਆਮ ਨਾਲੋਂ 1.4 ਡਿਗਰੀ ਘੱਟ ਰਿਹਾ)
ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ 3 ਦਸੰਬਰ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਬਣਿਆ ਰਹੇਗਾ। ਉੱਤਰੀ ਤੇ ਪੂਰਬੀ ਪੰਜਾਬ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ 26 ਤੋਂ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। 29 ਨਵੰਬਰ ਤੋਂ 3 ਦਸੰਬਰ ਵਿਚਾਲੇ ਮੌਸਮ ਵਿਭਾਗ ਵੱਲੋਂ ਕੋਈ ਨਵੀਂ ਚੇਤਾਵਨੀ ਨਹੀਂ ਦਿੱਤੀ ਗਈ ਹੈ।
ਸਵੇਰ ਸਮੇਂ ਵਿਜ਼ੀਬਿਲਟੀ (ਦ੍ਰਿਸ਼ਟੀ) ਘੱਟ ਹੋਣ ਕਾਰਨ ਹਾਈਵੇਅ ਅਤੇ ਲਿੰਕ ਸੜਕਾਂ 'ਤੇ ਹਾਦਸਿਆਂ ਦਾ ਖ਼ਤਰਾ ਵਧ ਗਿਆ ਹੈ। ਸ਼ਨੀਵਾਰ ਨੂੰ ਵੀ ਧੁੰਦ ਦਾ ਇਹੀ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਮੌਸਮ ਮਾਹਿਰਾਂ ਨੇ ਵਾਹਨ ਚਾਲਕਾਂ ਨੂੰ ਗੱਡੀ ਹੌਲੀ ਚਲਾਉਣ ਅਤੇ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
Get all latest content delivered to your email a few times a month.