IMG-LOGO
ਹੋਮ ਪੰਜਾਬ: ਸੇਵਾ ਕੇਂਦਰਾਂ ਦਾ ਕੰਮਕਾਜ ਠੱਪ: ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, 4...

ਸੇਵਾ ਕੇਂਦਰਾਂ ਦਾ ਕੰਮਕਾਜ ਠੱਪ: ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, 4 ਦਸੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਘੇਰਨ ਦੀ ਚਿਤਾਵਨੀ

Admin User - Nov 27, 2026 11:22 AM
IMG

ਚੰਡੀਗੜ੍ਹ: ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੇ ਫ਼ੈਸਲੇ ਨਾਲ ਆਮ ਜਨਤਾ ਦੀਆਂ ਮੁਸ਼ਕਿਲਾਂ ਵਧਣ ਦੇ ਆਸਾਰ ਬਣ ਗਏ ਹਨ। ਪ੍ਰਸ਼ਾਸਨਿਕ ਪੱਧਰ 'ਤੇ ਮਸਲੇ ਦਾ ਹੱਲ ਨਾ ਨਿਕਲਣ ਕਾਰਨ ਮੁਲਾਜ਼ਮ ਜਥੇਬੰਦੀਆਂ ਨੇ ਅੱਜ ਤੋਂ ਸੂਬੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਕੰਮਕਾਜ ਮੁਕੰਮਲ ਤੌਰ 'ਤੇ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ।


ਮੁਲਾਜ਼ਮ ਯੂਨੀਅਨ ਦੇ ਆਗੂਆਂ ਅਨੁਸਾਰ, ਉਨ੍ਹਾਂ ਦੀਆਂ ਮੰਗਾਂ ਸਬੰਧੀ 26 ਨਵੰਬਰ ਨੂੰ ਪੰਜਾਬ ਸਰਕਾਰ ਨਾਲ ਇੱਕ ਅਹਿਮ ਮੀਟਿੰਗ ਤੈਅ ਹੋਈ ਸੀ। ਹਾਲਾਂਕਿ, ਯੂਨੀਅਨ ਦਾ ਦੋਸ਼ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਕੋਈ ਵੀ ਨੁਮਾਇੰਦਾ ਸ਼ਾਮਲ ਨਹੀਂ ਹੋਇਆ। ਇਸ ਤੋਂ ਪਹਿਲਾਂ ਮੁਲਾਜ਼ਮ ਆਪਣੀ ਆਵਾਜ਼ ਬੁਲੰਦ ਕਰਨ ਲਈ ਸਿਵਲ ਸਕੱਤਰੇਤ ਵੀ ਗਏ ਸਨ, ਪਰ ਉੱਥੇ ਵੀ ਕੋਈ ਠੋਸ ਭਰੋਸਾ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


ਹੜਤਾਲ ਦੇ ਐਲਾਨ ਮਗਰੋਂ ਸਬੰਧਤ ਕੰਪਨੀ ਵੱਲੋਂ ਬੀਤੀ ਰਾਤ ਮੁਲਾਜ਼ਮਾਂ ਨੂੰ ਈ-ਮੇਲ ਰਾਹੀਂ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਦੀ ਸੂਰਤ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਜਵਾਬ ਵਿੱਚ ਪੰਜਾਬ ਸੇਵਾ ਕੇਂਦਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਮੁਲਾਜ਼ਮ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਪਿੱਛੇ ਨਹੀਂ ਹਟਣਗੇ।


ਆਪਣੇ ਸੰਘਰਸ਼ ਦੀ ਰੂਪ-ਰੇਖਾ ਉਲੀਕਦਿਆਂ ਯੂਨੀਅਨ ਨੇ ਅੱਜ ਤੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰਾਂ ਦੇ ਬਾਹਰ ਰੋਸ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਜਥੇਬੰਦੀ ਨੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਮੰਗਾਂ 'ਤੇ ਜਲਦ ਗ਼ੌਰ ਨਾ ਕੀਤਾ ਗਿਆ, ਤਾਂ 4 ਦਸੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਪੱਕਾ ਮੋਰਚਾ ਲਗਾਇਆ ਜਾਵੇਗਾ।


ਸੇਵਾ ਕੇਂਦਰਾਂ ਦੇ ਬੰਦ ਹੋਣ ਕਾਰਨ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਬੂਤ, ਜਨਮ-ਮੌਤ ਸਰਟੀਫਿਕੇਟ ਅਤੇ ਹੋਰ ਜ਼ਰੂਰੀ ਦਸਤਾਵੇਜ਼ ਬਣਵਾਉਣ ਵਾਲੇ ਨਾਗਰਿਕਾਂ ਨੂੰ ਵੱਡੀ ਖੱਜਲ-ਖੁਆਰੀ ਝੱਲਣੀ ਪਵੇਗੀ। ਹੁਣ ਸਾਰਿਆਂ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ ਕਿ ਪ੍ਰਸ਼ਾਸਨ ਇਸ ਗਤੀਰੋਧ ਨੂੰ ਖ਼ਤਮ ਕਰਕੇ ਆਮ ਲੋਕਾਂ ਨੂੰ ਕਦੋਂ ਤੱਕ ਰਾਹਤ ਦਿਵਾਉਂਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.