ਤਾਜਾ ਖਬਰਾਂ
ਗੁਰਦਾਸਪੁਰ/ਸ਼੍ਰੀ ਗੰਗਾਨਗਰ: ਭਾਰਤ-ਪਾਕਿਸਤਾਨ ਸਰਹੱਦ ਨੇੜੇ ਸ਼੍ਰੀ ਗੰਗਾਨਗਰ ਵਿਖੇ ਰੇਲਵੇ ਟਰੈਕ 'ਤੇ ਹੋਏ ਧਮਾਕੇ ਦੀ ਜਾਂਚ ਕਰ ਰਹੀਆਂ ਸੁਰੱਖਿਆ ਏਜੰਸੀਆਂ ਦੇ ਹੱਥ ਇੱਕ ਹੋਰ ਵੱਡੀ ਕਾਮਯਾਬੀ ਲੱਗੀ ਹੈ। ਪੰਜਾਬ ਅਤੇ ਰਾਜਸਥਾਨ ਪੁਲਿਸ ਵੱਲੋਂ ਚਲਾਏ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਵਿੱਚੋਂ ਇਸ ਮਾਮਲੇ ਨਾਲ ਜੁੜੇ ਚੌਥੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਉਰਫ਼ ਰੋਹਿਤ ਵਜੋਂ ਹੋਈ ਹੈ।
ਪੁਲਿਸ ਸੂਤਰਾਂ ਅਨੁਸਾਰ, ਰਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਇਸ ਕੇਸ ਦੀਆਂ ਤੰਦਾਂ ਜੋੜਨ ਵਿੱਚ ਬੇਹੱਦ ਅਹਿਮ ਸਾਬਤ ਹੋਵੇਗੀ। ਮੁੱਢਲੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਵਿੰਦਰ ਸਿੰਘ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਮੁਲਜ਼ਮਾਂ—ਮਹਿਕਦੀਪ ਕੌਰ ਅਤੇ ਦਵਿੰਦਰ ਸਿੰਘ ਦਾ ਕਰੀਬੀ ਦੋਸਤ ਹੈ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਇਹ ਤਿੰਨੋਂ ਇੱਕੋ ਹੀ ਸਕੂਲ ਵਿੱਚ ਇਕੱਠੇ ਪੜ੍ਹਦੇ ਰਹੇ ਹਨ। ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਰਵਿੰਦਰ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਸਾਜ਼ਿਸ਼ ਵਿੱਚ ਉਸ ਦੀ ਅਸਲ ਭੂਮਿਕਾ ਦਾ ਪਰਦਾਫਾਸ਼ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਬੀਤੀ 3 ਨਵੰਬਰ ਨੂੰ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਦੇ ਨਜ਼ਦੀਕ ਰੇਲਵੇ ਟਰੈਕ 'ਤੇ ਇੱਕ ਜ਼ੋਰਦਾਰ ਧਮਾਕਾ ਹੋਇਆ ਸੀ। ਸੁਰੱਖਿਆ ਏਜੰਸੀਆਂ ਨੇ ਜਾਂਚ ਉਪਰੰਤ ਇਸ ਘਟਨਾ ਨੂੰ ਅੱਤਵਾਦੀ ਸਾਜ਼ਿਸ਼ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਗੁਰਦਾਸਪੁਰ ਤੋਂ ਹੁਣ ਤੱਕ ਮਹਿਕਦੀਪ ਕੌਰ, ਦਵਿੰਦਰ ਸਿੰਘ ਅਤੇ ਹਰਦੀਪ ਸਿੰਘ ਸਮੇਤ ਕੁੱਲ ਚਾਰ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਤੇ ਦਿਨ ਹੀ ਇਸ ਕੇਸ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਹਵਾਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ਼੍ਰੀ ਗੰਗਾਨਗਰ ਪੁਲਿਸ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਤੇ ਫਾਈਲ ਮੁਕੰਮਲ ਕਰਕੇ NIA ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਮੁਲਜ਼ਮਾਂ ਨੂੰ ਵੀ ਅਗਲੇਰੀ ਪੁੱਛਗਿੱਛ ਲਈ NIA ਦੇ ਸਪੁਰਦ ਕੀਤਾ ਜਾਵੇਗਾ।
Get all latest content delivered to your email a few times a month.