ਤਾਜਾ ਖਬਰਾਂ
ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਪ੍ਰਭਦੀਪ ਸਿੰਘ ਉਰਫ਼ ਪ੍ਰਭ ਵਜੋਂ ਹੋਈ ਹੈ, ਜੋ ਪਿੰਡ ਅਵਾਣ ਚੁਹਾਰਮੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਹੈਰੋਇਨ ਅਤੇ ਪਿਸਤੌਲਾਂ ਤੋਂ ਇਲਾਵਾ 5 ਜ਼ਿੰਦਾ ਕਾਰਤੂਸ, ਇੱਕ ਆਈਫੋਨ ਅਤੇ ਇੱਕ ਆਈਪੈਡ ਵੀ ਜ਼ਬਤ ਕੀਤਾ ਹੈ। ਇਸ ਦੇ ਨਾਲ ਹੀ ਤਸਕਰੀ ਲਈ ਵਰਤੀ ਜਾ ਰਹੀ ਮਹਿੰਦਰਾ ਬਲੈਰੋ ਗੱਡੀ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ।
ਐੱਸ.ਐੱਸ.ਪੀ. ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਪ੍ਰਭਦੀਪ ਨੇ ਦੱਸਿਆ ਕਿ ਨਸ਼ੇ ਅਤੇ ਹਥਿਆਰਾਂ ਦੀ ਇਹ ਖੇਪ ਨਵਜੋਤ ਸਿੰਘ ਉਰਫ਼ ਗੈਰੀ ਵੱਲੋਂ ਭੇਜੀ ਗਈ ਸੀ। ਗੈਰੀ ਕਪੂਰਥਲਾ ਜ਼ਿਲ੍ਹੇ ਦੇ ਕਾਲਾ ਸੰਘਿਆਂ ਨੇੜਲੇ ਨਵਾਂ ਪਿੰਡ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ। ਪੁਲਿਸ ਅਨੁਸਾਰ ਪੂਰੀ ਖੇਪ ਵਿੱਚ 14 ਕਿਲੋ ਹੈਰੋਇਨ ਅਤੇ 6 ਪਿਸਤੌਲ ਸਨ, ਜਿਨ੍ਹਾਂ ਵਿੱਚੋਂ ਹੁਣ ਤੱਕ 12 ਕਿਲੋ ਹੈਰੋਇਨ ਅਤੇ 4 ਪਿਸਤੌਲ ਬਰਾਮਦ ਕੀਤੇ ਜਾ ਚੁੱਕੇ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ 26 ਨਵੰਬਰ ਨੂੰ ਪਿੰਡ ਚੱਕ ਵੇਂਡਲ ਦੇ ਲੋਕਾਂ ਨੇ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਨੂੰ 2 ਕਿਲੋ ਹੈਰੋਇਨ ਅਤੇ ਪਿਸਤੌਲਾਂ ਸਮੇਤ ਕਾਬੂ ਕਰ ਲਿਆ ਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਹੇਠ ਸੀਆਈਏ ਸਟਾਫ਼ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ। ਤਲਾਸ਼ੀ ਦੌਰਾਨ ਪੁਲਿਸ ਨੂੰ 2 ਕਿਲੋ ਹੈਰੋਇਨ, ਦੋ ਗਲੌਕ ਅਤੇ ਦੋ ਚੀਨੀ ਪਿਸਤੌਲ, ਦੋ ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸ ਮਿਲੇ।
ਇਸ ਤੋਂ ਬਾਅਦ ਪੁੱਛਗਿੱਛ ਦੌਰਾਨ ਮੁਲਜ਼ਮ ਪੁਲਿਸ ਨੂੰ ਆਪਣੀ ਹਵੇਲੀ ਲੈ ਗਿਆ, ਜਿੱਥੇ ਬਾਲਣ ਦੇ ਢੇਰ ਹੇਠਾਂ ਲੁਕਾ ਕੇ ਰੱਖੀ ਗਈ 10 ਕਿਲੋ ਹੋਰ ਹੈਰੋਇਨ ਬਰਾਮਦ ਹੋਈ। ਇਹ ਕਾਰਵਾਈ ਡੀਐੱਸਪੀ ਕਰਤਾਰਪੁਰ ਨਰਿੰਦਰ ਸਿੰਘ ਔਜਲਾ ਦੀ ਮੌਜੂਦਗੀ ਵਿੱਚ ਕੀਤੀ ਗਈ।
ਪਿੰਡ ਵਾਸੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਐੱਸ.ਐੱਸ.ਪੀ. ਨੇ ਕਿਹਾ ਕਿ ਲੋਕਾਂ ਦੀ ਚੌਕਸੀ ਅਤੇ ਪੁਲਿਸ ਨਾਲ ਸਹਿਯੋਗ ਕਾਰਨ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਦਾ ਪਤਾ ਲਗਾਉਣ ਵਿੱਚ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਆਮ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ।
ਪੁਲਿਸ ਨੇ ਜਾਂਚ ਦੇ ਆਧਾਰ 'ਤੇ ਤਿੰਨ ਹੋਰ ਵਿਅਕਤੀਆਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਅਮਰੀਕਾ ਰਹਿ ਰਿਹਾ ਨਵਜੋਤ ਸਿੰਘ ਉਰਫ਼ ਗੈਰੀ, ਪਿੰਡ ਚੱਕ ਵੇਂਡਲ ਦਾ ਮਨਜੋਤਵੀਰ ਸਿੰਘ ਅਤੇ ਪਿੰਡ ਸਹਿਮ ਦਾ ਸੌਰਵ ਸ਼ਾਮਲ ਹਨ। ਪੁਲਿਸ ਵੱਲੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਪ੍ਰਭਦੀਪ ਸਿੰਘ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਪੁਲਿਸ ਹੁਣ ਬਾਕੀ ਰਹਿੰਦੀ 2 ਕਿਲੋ ਹੈਰੋਇਨ ਅਤੇ ਦੋ ਪਿਸਤੌਲਾਂ ਦੀ ਭਾਲ ਕਰ ਰਹੀ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰੀ ਰਾਹੀਂ ਇਕੱਠੀ ਕੀਤੀ ਗਈ ਜਾਇਦਾਦ ਦੀ ਵੀ ਪਛਾਣ ਕਰਕੇ ਕਾਨੂੰਨੀ ਪ੍ਰਕਿਰਿਆ ਤਹਿਤ ਜ਼ਬਤੀ ਕੀਤੀ ਜਾਵੇਗੀ।
ਇਸ ਮਾਮਲੇ ਵਿੱਚ ਥਾਣਾ ਸਦਰ ਨਕੋਦਰ ਵਿਖੇ 26 ਨਵੰਬਰ 2026 ਨੂੰ ਐੱਨ.ਡੀ.ਪੀ.ਐੱਸ. ਐਕਟ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਇਸ ਵਿੱਚ ਹੋਰ ਧਾਰਾਵਾਂ ਵੀ ਜੋੜੀਆਂ ਗਈਆਂ ਹਨ। ਪੁਲਿਸ ਰਿਕਾਰਡ ਮੁਤਾਬਕ ਗ੍ਰਿਫ਼ਤਾਰ ਨੌਜਵਾਨ ਖ਼ਿਲਾਫ਼ ਪਹਿਲਾਂ ਵੀ ਜਲੰਧਰ ਕਮਿਸ਼ਨਰੇਟ ਦੇ ਥਾਣਾ ਸਦਰ ਵਿੱਚ ਆਰਮਜ਼ ਐਕਟ ਤਹਿਤ ਇੱਕ ਮਾਮਲਾ ਦਰਜ ਹੈ।
Get all latest content delivered to your email a few times a month.