ਤਾਜਾ ਖਬਰਾਂ
ਸੰਗਰੂਰ ਦੇ ਲੌਂਗੋਵਾਲ ਵਿਖੇ ਸਥਿਤ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (SLIET) ਵਿੱਚ ਉਸ ਸਮੇਂ ਤਣਾਅ ਵਾਲਾ ਮਾਹੌਲ ਬਣ ਗਿਆ, ਜਦੋਂ ਸੰਸਥਾ ਦੇ 22 ਸਾਲਾ ਵਿਦਿਆਰਥੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ। ਮ੍ਰਿਤਕ ਦੀ ਪਛਾਣ ਆਯੂਸ਼ ਸਿੰਘ ਰਾਜਪੂਤ ਵਜੋਂ ਹੋਈ ਹੈ, ਜੋ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ।
ਵਿਦਿਆਰਥੀ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਕਾਲਜ ਦੇ ਹੋਰ ਵਿਦਿਆਰਥੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਾਲਜ ਦੇ ਮੁੱਖ ਗੇਟ ਬੰਦ ਕਰ ਦਿੱਤੇ ਅਤੇ ਬੈਰੀਕੇਡ ਲਗਾ ਕੇ ਆਵਾਜਾਈ ਰੋਕ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਧਰਨਾ ਵੀ ਦਿੱਤਾ ਗਿਆ।
ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਆਯੂਸ਼ ਦੀ ਕੁੱਟਮਾਰ ਕਰਕੇ ਹੱਤਿਆ ਕੀਤੀ ਗਈ ਹੈ ਅਤੇ ਉਸ ਦੀ ਲਾਸ਼ ਨੂੰ ਕਿਸੇ ਹੋਰ ਥਾਂ ਤੋਂ ਲਿਆ ਕੇ ਕਾਲਜ ਦੇ ਗੇਟ ਨੇੜੇ ਸੁੱਟਿਆ ਗਿਆ। ਉਨ੍ਹਾਂ ਸੰਸਥਾ ਦੇ ਸੀਸੀਟੀਵੀ ਕੈਮਰੇ ਲੰਮੇ ਸਮੇਂ ਤੋਂ ਬੰਦ ਹੋਣ ਦਾ ਮੁੱਦਾ ਵੀ ਚੁੱਕਿਆ ਅਤੇ ਪ੍ਰਬੰਧਕਾਂ ਤੋਂ ਜਵਾਬ ਮੰਗਿਆ।
ਦੂਜੇ ਪਾਸੇ, ਕਾਲਜ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਵਿਦਿਆਰਥੀ ਦੀ ਮੌਤ ਸੰਸਥਾ ਦੇ ਅੰਦਰ ਨਹੀਂ ਹੋਈ। ਇਸ ਸਬੰਧੀ ਐਸਐਚਓ ਗੁਲਾਬ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਕਾਲਜ ਦੇ ਗੇਟ ਤੋਂ ਬਾਹਰ ਇੱਕ ਡਰੇਨ ਦੇ ਨੇੜੇ ਬਰਾਮਦ ਹੋਈ ਹੈ।
ਪੁਲਿਸ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਬਿਹਾਰ ਤੋਂ ਪਹੁੰਚਣ ਉਪਰੰਤ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।
Get all latest content delivered to your email a few times a month.