ਤਾਜਾ ਖਬਰਾਂ
ਫ਼ਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਵਿੱਚ 19 ਸਾਲਾ ਹਾਕੀ ਖਿਡਾਰੀ ਜਸ਼ਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ ਮਾਮਲਾ ਗੰਭੀਰ ਰੂਪ ਧਾਰਨ ਕਰ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਥਾਣਾ ਕੁੱਲਗੜ੍ਹੀ ਦੀ ਪੁਲਿਸ ’ਤੇ ਕੁੱਟਮਾਰ ਅਤੇ ਤਸ਼ੱਦਦ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਪਰਿਵਾਰ ਦਾ ਦਾਅਵਾ ਹੈ ਕਿ ਪੁਲਿਸ ਜਸ਼ਨਦੀਪ ਨੂੰ ਘਰੋਂ ਆਪਣੇ ਨਾਲ ਲੈ ਗਈ ਸੀ ਅਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਇਸ ਤੋਂ ਇਲਾਵਾ ਉਸ ਕੋਲੋਂ ਕਰੀਬ 100 ਵਾਰ ਉੱਠਕ-ਬੈਠਕਾਂ ਵੀ ਕਢਵਾਈਆਂ ਗਈਆਂ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ।
ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਜ਼ੀਰਾ ਦੇ ਸ਼ੇਰਾਂਵਾਲਾ ਚੌਕ ਵਿੱਚ ਨੌਜਵਾਨ ਦੀ ਲਾਸ਼ ਰੱਖ ਕੇ ਧਰਨਾ ਲਗਾਇਆ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪਰਿਵਾਰ ਮੁਤਾਬਕ ਥਾਣਾ ਕੁੱਲਗੜ੍ਹੀ ਦੇ ਐੱਸ.ਐੱਚ.ਓ. ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਵਿੱਚ ਛਾਪੇਮਾਰੀ ਕਰਨ ਪਹੁੰਚੇ ਸਨ। ਇਸੇ ਦੌਰਾਨ ਜਦੋਂ ਜਸ਼ਨਦੀਪ ਘਰੋਂ ਬਾਹਰ ਆਇਆ ਤਾਂ ਪੁਲਿਸ ਮੁਲਾਜ਼ਮ ਕਥਿਤ ਤੌਰ ’ਤੇ ਉਸ ਨੂੰ ਆਪਣੇ ਨਾਲ ਲੈ ਗਏ। ਪਰਿਵਾਰ ਦਾ ਦੋਸ਼ ਹੈ ਕਿ ਇਸ ਦੌਰਾਨ ਉਸ ਨੂੰ ਵੱਖ-ਵੱਖ ਥਾਵਾਂ ’ਤੇ ਲਿਜਾਇਆ ਗਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਅਨੁਸਾਰ ਪੁਲਿਸ ਵੱਲੋਂ ਉਸ ਕੋਲੋਂ ਲਗਭਗ 100 ਉੱਠਕ-ਬੈਠਕਾਂ ਵੀ ਕਰਵਾਈਆਂ ਗਈਆਂ। ਇਸ ਤੋਂ ਬਾਅਦ ਉਸ ਦੀ ਸਿਹਤ ਲਗਾਤਾਰ ਵਿਗੜਦੀ ਗਈ ਅਤੇ ਪੇਟ ਵਿੱਚ ਸੋਜ ਆ ਗਈ।
ਪਰਿਵਾਰ ਨੇ ਦੱਸਿਆ ਕਿ ਜਸ਼ਨਦੀਪ ਸਿੰਘ ਹਾਕੀ ਦਾ ਹੋਣਹਾਰ ਖਿਡਾਰੀ ਸੀ ਅਤੇ ਪੰਜਾਬ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਹਿੱਸਾ ਲੈ ਚੁੱਕਾ ਸੀ। ਤਬੀਅਤ ਖ਼ਰਾਬ ਹੋਣ ਤੋਂ ਬਾਅਦ ਉਸ ਨੂੰ ਪਹਿਲਾਂ ਜ਼ੀਰਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦੋ ਦਿਨਾਂ ਤੱਕ ਸਿਹਤ ਵਿੱਚ ਸੁਧਾਰ ਨਾ ਹੋਣ ’ਤੇ ਡਾਕਟਰਾਂ ਨੇ ਉਸ ਨੂੰ ਮੋਗਾ ਰੈਫਰ ਕਰ ਦਿੱਤਾ। ਇੱਥੇ ਵੀਰਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਜਸ਼ਨਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕਿਸਾਨ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੇਰਾਂਵਾਲਾ ਚੌਕ ਵਿੱਚ ਧਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਥਾਣਾ ਕੁੱਲਗੜ੍ਹੀ ਦੇ ਐੱਸ.ਐੱਚ.ਓ. ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਸੂਚਨਾ ਮਿਲਣ ’ਤੇ ਡੀ.ਐੱਸ.ਪੀ. ਸੰਜੀਵ ਕਪੂਰ, ਡੀ.ਐੱਸ.ਪੀ. (ਡੀ) ਕਰਨ ਸ਼ਰਮਾ ਅਤੇ ਜ਼ੀਰਾ ਥਾਣੇ ਦੇ ਮੁਖੀ ਸੁਰਿੰਦਰ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.