ਤਾਜਾ ਖਬਰਾਂ
ਤਰਨ ਤਾਰਨ, 30 ਨਵੰਬਰ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਰਾਜ ਦੇ ਕਿਸਾਨਾਂ ਨੂੰ 29,337 ਖੇਤੀ ਸੰਦਾਂ ‘ਤੇ 342 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।ਇਹ ਜਾਣਕਾਰੀ ਖੇਤੀਬਾੜੀ ਮੰਤਰੀ ਪੰਜਾਬ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰੈਸ਼ੀਆਣਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੇ ਜਾਣ ਵਾਲੇ ਖੇਤੀ ਸੰਦਾਂ ਦੀ ਵੰਡ ਦੀ ਸ਼ੁੂਰੂਆਤ ਕਰਦਿਆਂ ਦਿੱਤੀ।ਇਸ ਮੌਕੇ ਉਹਨਾਂ ਕਿਸਾਨ ਵੀਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੰੁ ਸੁਰੱਖਿਅਤ ਰੱਖਣ ਲਈ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।
ਸਮਾਗਮ ਦੌਰਾਨ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਅਗਨੀਹੋਤਰੀ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਖੇਤੀਬਾੜੀ ਸਕੱਤਰ ਸ੍ਰੀ ਦਿਲਰਾਜ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜ਼ਰ ਸਨ।
ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਿਦਆਂ ਖੇਤੀਬਾੜੀ ਮੰਤਰੀ ਪੰਜਾਬ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਵਿਅਕਤੀਗਤ ਕਿਸਾਨਾਂ, ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ 1880 ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਜਿੰਨ੍ਹਾਂ ‘ਤੇ 24 ਕਰੋੜ 47 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਰਾਜ ਦੇ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ-ਚੁੱਕਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੱਖਾਂ ਕਿਸਾਨਾਂ ਦਾ ਲੱਗਭੱਗ 4600 ਕਰੋੜ ਰੁਪਏ ਕਰਜ਼ਾ ਮੁਆਫ਼ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੰੁ ਲਾਹੇਵੰਦ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਟੈਕਨਾਲੋਜੀ ਨੰੁ ਵਿਕਸਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਸਬੰਧਿਤ ਵਿੱਚ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਬੋਲਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਹਿੰਦੋਸਤਾਨ ਦੇ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ। ਉਹਨਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਰਹੀ ਹੈ। ਉਹਨਾਂ ਕਿ ਇਸ ਅੰਦੋਲਨ ਦੌਰਾਨ 700 ਕਿਸਾਨ ਸ਼ਹੀਦ ਹੋਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 157 ਕਿਸਾਨਾਂ ਦੇ ਪਰਿਵਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ ਅਤੇ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ। ਉਹਨਾਂ ਕਿਹਾ ਕਿ 34 ਕਿਸਾਨਾਂ ਜਥੇਬੰਦੀਆਂ ਵੱਲੋਂ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 122 ਹੋਰ ਕਿਸਾਨਾਂ ਦੀ ਸੂਚੀ ਦਿੱਤੀ ਗਈ ਹੈ, ਜਿਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਲੋੜੀਂਦਾ ਰੋਜ਼ਗਾਰ ਅਤੇ ਵਿੱਤੀ ਸਹਾਇਤਾ ਜਲਦੀ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ‘ਤੇ ਵਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹਨਾਂ ਲੋਕਾਂ ਤੋਂ ਬਚੋ, ਜੋ ਪੰਜਾਬ ਨੰੁ ਦਿੱਲੀ ਮਾਡਲ ਦੇਣਾ ਚਾਹੰਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਵਿਕਾਸ ਨੰੁ ਹੋਰ ਬੁਲੰਦੀਆਂ ‘ਤੇ ਲੈ ਕੇ ਜਾਵੇਗੀ ਅਤੇ ਪੂਰਾ ਦੇਸ਼ ਪੰਜਾਬ ਮਾਡਲ ਤੋਂ ਅਗਵਾਈ ਲਏਗਾ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪੴੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਦੀ ਕਿਸਾਨੀ ਨੂੰ ਨਵੀਆਂ ਲੀਹਾਂ ‘ਤੇ ਤੋਰਨ ਲਈ ਪੰਜਾਬ ਸਰਕਾਰ ਵੱਲੋਂ ਬਲਿਊ-ਪ੍ਰਿੰਟ ਤਿਆਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ‘ਤੇ ਸੰਦ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਖੇਤੀ ਸੰਦ ਪੰਜਾਬ ਦੇ ਕਿਸਾਨਾਂ ਦਾ ਗਹਿਣਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਸੰਦਾਂ ਅਤੇ ਮਸ਼ੀਨਰੀ ‘ਤੇ 50 ਫੀਸਦੀ ਤੋਂ ਲੈ ਕੇ 80 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਖੇਤੀ ਸੰਦਾਂ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਲਾਭਪਾਤਰੀਆਂ ਦੀ ਆੱਨਲਾਈਨ ਰਜਿਸ਼ਟਰੇਸ਼ਨ ਕੀਤੀ ਜਾਂਦੀ ਹੈ।
ਸਮਾਗਮ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀ ਅਗਨੀਹੋਤਰੀ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੁੱਚੇ ਵਿਕਾਸ ਅਤੇ ਲੋਕ ਭਲਾਈ ਦੇ ਫੈਸਲੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਰਾਜ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਦਾ ਹੱਕ ਦੇ ਕੇ ਪੰਜਾਬ ਸਰਕਾਰ ਵੱਲੋਂ ਇਤਿਹਾਸਿਕ ਫੈਸਲਾ ਲਿਆ ਗਿਆ ਹੈ।
ਇਸ ਤੋਂ ਪਹਿਲਾ ਖੇਤੀਬਾੜੀ ਮੰਤਰੀ ਪੰਜਾਬ ਕਾਕਾ ਰਣਦੀਪ ਸਿੰਘ ਨਾਭਾ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਦੇ ਇਤਿਹਾਸਿਕ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਹੈ।ਇਸ ਉਪਰੰਤ ਬਲਾਕ ਖੇਤੀਬਾੜੀ ਦਫ਼ਤਰ ਚੋਹਲਾ ਸਾਹਿਬ ਵਿਖੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂਰਬਨ ਮਿਸ਼ਨ ਤਹਿਤ ਬਣਾਏ ਗਏ ਟਰੇਨਿੰਗ ਸੈਂਟਰ ਦਾ ਵੀ ਉਦਘਾਟਨ ਕੀਤਾ ਗਿਆ।
Get all latest content delivered to your email a few times a month.