ਤਾਜਾ ਖਬਰਾਂ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਜਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਹੈ ਕਿ ਅਨੁਸੂਚਿਤ ਜਾਤੀਆਂ (ਐਸਸੀ ਵਰਗ) ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਟ ਤੇ ਕੋਰੋਨਾ ਮਹਾਮਾਰੀ ਸਣੇ ਹੋਰ ਡਿਊਟੀਆਂ ਨਿਭਾਉਂਦਿਆਂ ਜਾਨਾਂ ਵਾਰਨ ਵਾਲੇ ਮੁਲਾਜ਼ਮਾਂ ਖ਼ਾਸ ਕਰਕੇ ਦਲਿਤ ਵਰਗ ਦੇ ਮੁਲਾਜ਼ਮਾਂ 1-1 ਕਰੋੜ ਰੁਪਏ ਦੀ ਆਰਥਿਕ ਮਦਦ ਤੁਰੰਤ ਦੇਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਅਜਿਹਾ ਨਹੀਂ ਕਰਦੇ ਤਾਂ 2022 ਦੀਆਂ ਚੋਣਾ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ’ਚ ਸਰਕਾਰ ਬਣਾ ਕੇ ਅਰਵਿੰਦ ਕੇਜਰੀਵਾਲ ਐਸਸੀ ਵਰਗ ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਂਟ ਤੇ ਨੌਕਰੀਆਂ ਦੌਰਾਨ ਹੋਣ ਸ਼ਹੀਦ ਹੋਣ ਵਾਲੇ ਸਾਰੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਆਰਥਿਕ ਮਦਦ ਦੇਣਗੇ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ‘ਆਪ’ ਆਗੂ ਰਾਘਵ ਚੱਢਾ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਮੌਜ਼ੂਦ ਸਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸਸੀ ਵਰਗ ਦੇ ਹਮਦਰਦ ਹੋਣ ਦਾ ਡਰਾਮਾ ਕਰਦੇ ਹਨ, ਕਿਉਂਕਿ ਮੁੱਖ ਮੰਤਰੀ ਨੇ ਨਾ ਤਾਂ ਐਸਸੀ ਵਰਗ ਦੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਅਤੇ ਨਾ ਹੀ ਐਸਸੀ ਵਰਗ ਦੇ ਪਰਿਵਾਰਾਂ ਨੂੰ 5-5 ਮਰਲਿਆਂ ਦੇ ਪਲਾਂਟ ਦਿੱਤੇ ਹਨ, ਜਦੋਂ ਕਿ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾ ਸਮੇਂ ਆਪਣੇ ਚੋਣ ਮਨੋਰਥ ਪੱਤਰ ’ਚ ਪਲਾਂਟ ਦੇਣ ਦਾ ਵਾਅਦਾ ਕੀਤਾ ਸੀ।
ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ‘ਆਪ’ ਸੁਪਰੀਮੋਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਐਸਸੀ ਵਰਗ ਦੇ ਸੱਚੇ ਹਮਦਰਦ ਅਤੇ ਸ਼ੁੱਭਚਿੰਤਕ ਹਨ ਕਿਉਂਕਿ ਉਨ੍ਹਾਂ ਕੋਰੋਨਾ ਮਹਾਮਾਰੀ ਸਣੇ ਹੋਰ ਡਿਊਟੀਆਂ ਨਿਭਾਉਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਐਸਸੀ ਵਰਗ ਦੇ ਮੁਲਾਜ਼ਮਾਂ ਨੂੰ 1-1 ਕਰੋੜ ਰੁਪਏ ਦੀ ਮਦਦ ਦਿੱਤੀ ਹੈ। ਇੱਥੋਂ ਤਕ ਕਿ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੀ ਸਫ਼ਾਈ ਸੇਵਕ ਔਰਤ ਮੁਲਾਜ਼ਮ ਦੇ ਪਰਿਵਾਰ ਨੂੰ ਵੀ ਇਕ ਕਰੋੜ ਰੁਪਏ ਦੀ ਮਦਦ ਦਿੱਤੀ ਗਈ। ਇਸ ਤੋਂ ਇਲਾਵਾ ਐਸਸੀ ਵਰਗ ਦੇ ਬੱਚਿਆਂ ਨੂੰ ਉਚ ਪੱਧਰੀ ਨੌਕਰੀਆਂ ਪ੍ਰਾਪਤ ਕਰਨ ’ਚ ਮਦਦ ਲਈ ‘ਜੈ ਭੀਮ ਯੋਜਨਾ’ ਲਾਗੂ ਕੀਤੀ ਹੋਈ ਹੈ, ਜਿਸ ਅਧੀਨ ਆਈਏਐਸ, ਆਈਪੀਐਸ, ਆਈਆਈਟੀ ਤੇ ਹੋਰ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ ਤੇ ਬੱਚੇ ਨੂੰ ਖ਼ਰਚੇ ਲਈ ਵਿਸ਼ੇਸ਼ ਰਾਸ਼ੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਐਸਸੀ ਵਰਗ ਦੇ ਬੱਚਿਆਂ ਨੂੰ ਵਿਦੇਸ਼ ਜਾਣ ’ਚ ਵੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ’ਚ ਕੇਜਰੀਵਾਲ ਵੱਲੋਂ ਸਕੂਲ ਸਿੱਖਿਆ ਵਿਚ ਕੀਤੇ ਸੁਧਾਰਾਂ ਦਾ ਐਸਸੀ ਵਰਗ ਦੇ ਬੱਚਿਆਂ ਨੂੰ ਹੀ ਸਭ ਤੋਂ ਜ਼ਿਆਦਾ ਲਾਭ ਹੋਇਆ ਹੈ।
ਰਾਘਵ ਚੱਢਾ ਨੇ ਦੋਸ਼ ਲਾਇਆ, ‘‘ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸਸੀ ਵਰਗ ਨੂੰ ਇਕ ਵੋਟ ਵਜੋਂ ਹੀ ਵਰਤ ਰਹੇ ਹਨ, ਪਰ ਇਸ ਵਰਗ ਦੀ ਤਰੱਕੀ ਲਈ ਕੋਈ ਕੰਮ ਨਹੀਂ ਕਰ ਰਹੇ। ਜਦੋਂ ਕਿ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਸਮਰਪਿਤ ਭਾਵਨਾ ਨਾਲ ਐਸਸੀ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ। ਇਸੇ ਕਾਰਨ ਕਿਹਾ ਜਾਂਦਾ ਹੈ ਕਿ ‘ਬਾਬਾ ਸਾਹਿਬ ਤੇਰਾ ਸੁਪਨਾ ਅਧੂਰਾ, ਕੇਜਰੀਵਾਲ ਕਰੇਗਾ ਪੂਰਾ।’’
Get all latest content delivered to your email a few times a month.