ਤਾਜਾ ਖਬਰਾਂ
ਮਾਲੇਰਕੋਟਲਾ 30 ਜੂਨ ( ਭੁਪਿੰਦਰ ਗਿੱਲ ) -ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ਤੇ ਸੂਬੇ ਭਰ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪਲੇਠੇ ਬਜਟ ਨੂੰ ਰੱਦ ਕਰਦਿਆਂ ਉਸਦੀਆਂ ਕਾਪੀਆਂ ਸਾੜ ਕਿ ਰੋਸ ਪ੍ਰਦਸ਼ਨ ਕੀਤਾ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਾਂਝੇ ਫਰੰਟ ਦੇ ਆਗੂ ਭੁਪਿੰਦਰ ਸਿੰਘ ਸੇਖੋਂ, ਗੁਰਜੀਤ ਸਿੰਘ ਮੱਲੀ, ਮਹਿੰਦਰਪਾਲ ਲੂਬਾ, ਕੁਲਵੀਰ ਸਿੰਘ ਢਿੱਲੋਂ, ਰਮਨਜੀਤ ਸਿੰਘ ਭੁੱਲਰ, ਦਰਸ਼ਨ ਲਾਲ, ਗੁਰਮੇਲ ਸਿੰਘ ਨਾਹਰ, ਅਮਰੀਕ ਸਿੰਘ, ਹਰਦੀਪ ਸਿੰਘ ਜੱਸਲ, ਬੂਟਾ ਸਿੰਘ ਭੱਟੀ ਨੇ ਕਿਹਾ ਕਿ ਸਰਕਾਰ ਵੱਲੋਂ ਪੇਸ਼ ਕੀਤਾ ਇਹ ਬਜ਼ਟ ਇੱਕ ਛਲਾਵਾ ਹੈ।
ਪੰਜਾਬ ਦੇ 13 ਹਜ਼ਾਰ ਪਿੰਡਾਂ ਅਤੇ ਹਜ਼ਾਰਾਂ ਸ਼ਹਿਰੀ ਮੁਹੱਲਿਆਂ ਅੰਦਰ ਸਿਹਤ ਵਿਭਾਗ ਵੱਲੋਂ 117 ਮੁਹੱਲਾ ਕਲੀਨਿਕ ਖੋਲ੍ਹਣ ਦੀ ਸਕੀਮ ਸਰਕਾਰੀ ਪੈਸੇ ਦੀ ਬਰਬਾਦੀ ਤੋਂ ਵੱਧ ਕੇ ਕੁਝ ਨਹੀਂ ਹੈ, ਜਦ ਕਿ ਪਹਿਲਾਂ ਬਣੇ ਸਿਹਤ ਕੇਂਦਰਾਂ ਦੀ ਸੰਭਾਲ ਕਰਨੀ ਜ਼ਿਆਦਾ ਜ਼ਰੂਰੀ ਹੈ। ਇਸੇ ਤਰ੍ਹਾਂ 19 ਹਜ਼ਾਰ ਸਕੂਲਾਂ ਦੀ ਗਿਣਤੀ ਵਾਲੇ ਇਸ ਸੂਬੇ ਅੰਦਰ ਪ੍ਰੀ ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਦੇ 100 ਸਾਂਝੇ ਸਕੂਲ ਖੋਹਲਣ ਵਰਗੇ ਫੇਲ ਤਜ਼ਰਬੇ ਬਾਦਲ ਸਰਕਾਰ ਵੇਲੇ ਵੀ ਆਦਰਸ਼ ਮਾਡਲ ਸਕੂਲ ਸਕੀਮ ਤਹਿਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ।ਸਾਂਝੇ ਫਰੰਟ ਦੇ ਆਗੂਆਂ ਨੇ ਕਿਹਾ ਕਿ ਬਜਟ ਸਪੀਚ ਵਿੱਚ 36 ਹਜ਼ਾਰ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਗਿਆ ਐਲਾਨ ਹਵਾਈ ਪੁਲੰਦਾ ਹੈ ਕਿਉਂਕਿ ਇਸ ਸਬੰਧੀ ਅਜੇ ਤੱਕ ਕੋਈ ਕਾਨੂੰਨ ਨਹੀਂ ਬਣਾਇਆ ਗਿਆ। ਇਸ ਕਿਸਮ ਦਾ ਐਲਾਨ ਪਿਛਲੇ ਸਮੇਂ ਦੌਰਾਨ ਚੰਨੀ ਸਰਕਾਰ ਵੱਲੋਂ ਵੀ ਕੀਤਾ ਗਿਆ ਸੀ।
ਸਾਂਝੇ ਫਰੰਟ ਦੇ ਆਗੂਆਂ ਨੇ ਕਿਹਾ ਕਿ ਬਜਟ ਸਪੀਚ ਵਿੱਚ ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ 2.72 ਦੇ ਗੁਣਾਂਕ ਨਾਲ ਲਾਗੂ ਕਰਨ, ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੇ ਬਰਾਬਰ ਗੁਣਾਂਕ ਦੇਣ, ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ, ਮਾਣ ਭੱਤਾ ਵਰਕਰਾਂ 'ਤੇ ਘੱਟੋ ਘੱਟ ਉਜ਼ਰਤਾਂ ਲਾਗੂ ਕਰਨ, ਮੁਲਾਜ਼ਮਾਂ ਦੇ ਰੋਕੇ ਗਏ 37 ਤਰ੍ਹਾਂ ਦੇ ਭੱਤੇ ਮੁੜ ਬਹਾਲ ਕਰਨ ਅਤੇ ਬਕਾਇਆ ਰਹਿੰਦਾ 6% ਡੀ.ਏ. ਦੇਣ ਬਾਰੇ ਵੀ ਕੋਈ ਜ਼ਿਕਰ ਨਹੀਂ ਕੀਤਾ ਗਿਆ।ਸਾਂਝੇ ਫਰੰਟ ਨੇ ਕਿਹਾ ਕਿ ਕੁੱਲ ਮਿਲਾ ਕੇ ਇਹ ਬਜਟ ਇੱਕ ਸਿਆਸੀ ਸਟੰਟ ਤੋਂ ਵੱਧ ਕੇ ਕੁਝ ਨਹੀਂ ਹੈ। ਸੰਦੌੜ ਵਿਖੇ ਪਹੁੰਚੇ ਮਲਟੀਪਰਪਜ਼ ਹੈਲਥ ਇੰਮਪਲਾਈਜ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੀਰ ਸਿੰਘ ਮੋਗਾ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ, ਇਸ ਮੌਕੇ ਹਰਜਿੰਦਰ ਸਿੰਘ ਜਗਰਾਵਾਂ, ਜਗਰੂਪ ਸਿੰਘ ਢੁੱਡੀਕੇ, ਕਿਰਨਜੀਤ ਕੌਰ, ਕੁਲਦੀਪ ਕੌਰ, ਸਿਮਰਨਜੀਤ ਕੌਰ, ਗੁਰਜੰਟ ਸਿੰਘ ਆਦਿ ਆਗੂਆਂ ਨੇ ਵਿਚਾਰ ਪੇਸ਼ ਕੀਤੇ ।
ਕੈਪਸ਼ਨ - ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜਦੇ ਹੋਏ ਮੁਲਾਜਮ
Get all latest content delivered to your email a few times a month.