ਤਾਜਾ ਖਬਰਾਂ
ਚੰਡੀਗੜ, 31 ਜੁਲਾਈ - ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣੇ ਦੇ ਮੌਕੇ ‘ਤੇ ਦੇਸ਼ ਭਰ ‘ਚ ਮਨਾਏ ਜਾ ਰਹੇ ‘ਅੰਮ੍ਰਿਤ-ਮਹਤਸਵ’ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਹਰ ਘਰ ਤਿਰੰਗਾ’ ਲਹਿਰਾਉਣ ਦੇ ਦਿੱਤੇ ਸੱਦੇ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਭਾਜਪਾ ਨੇ ਇਸ ਸਬੰਧੀ ਵਿਸਤ੍ਰਿਤ ਯੋਜਨਾ ਬਣਾ ਲਈ ਹੈ ਅਤੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਹਰ ਘਰ ਤਿਰੰਗਾ ਮੁਹਿਮ ਹੇਠ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਹ ਆਪੋ-ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਘਰ-ਘਰ ਦੇਸ਼ ਦੀ ਸ਼ਾਨ ਨੂੰ ਤਿਰੰਗਾ ਲਹਿਰਾਉਣ ਲਈ ਲੋਕਾਂ ਨੂੰ ਪ੍ਰੇਰਤ ਕਕਰ ਰਹੇ ਹਨ। ਇਹ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਹੋਵੇਗੀ। ਇਹ ਮੁਹਿੰਮ ਸਾਰਿਆਂ ਨੂੰ ਆਪਸ ਵਿੱਚ ਜੋੜਨ ਦੀ ਮੁਹਿੰਮ ਹੈ।
ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦੀਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਬਣੀ ਨੂੰ ਹਾਲੇ ਚਾਰ ਮਹੀਨੇ ਹੀ ਹੋਏ ਹਨ, ਪਰ ਸੱਤਾ ਦਾ ਨਸ਼ਾ ਮਾਨ ਸਰਕਾਰ ਦੇ ਮੰਤਰੀਆਂ ਅਤੇ ਹੋਰਨਾਂ ਆਗੂਆਂ ਦੇ ਸਿਰ 'ਤੇ ਚੜ੍ਹ ਕੇ ਬੋਲ ਰਿਹਾ ਹੈ ਅਤੇ ਇਸ ਸਰਕਾਰ ਦੇ ਆਗੂ ਵੀ.ਸੀ. ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਕੇ ਉਹਨਾਂ ਨੂੰ ਪ੍ਰਤਾੜਤ ਕਰਦੇ ਫਿਰ ਰਹੇ ਹਨ। ਭਾਰਤੀ ਜਨਤਾ ਪਾਰਟੀ ਇਹਨਾਂ ਸਾਰੇ ਪ੍ਰਤਾੜਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਲਈ ਵੀ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਮੰਤਰੀਆਂ ਵੱਲੋਂ ਕੀਤੇ ਜਾ ਰਹੇ ਅਜਿਹੇ ਵਤੀਰੇ ਲਈ ਤੁਰੰਤ ਉਨ੍ਹਾਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ, ਨਾਲ ਹੀ ਉਨ੍ਹਾਂ ਨੂੰ ਪ੍ਰਤਾੜਤ ਅਧਿਕਾਰੀਆਂ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫੀ ਵੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਜਿਸ ਦੀ ਤਾਜ਼ਾ ਮਿਸਾਲ ਮਲੇਰਕੋਟਲਾ ਵਿੱਚ ਹੋਇਆ ਕਤਲ ਹੈ, ਇਹ ਕਿਸੇ ਪਾਰਟੀ ਵਿਸ਼ੇਸ਼ ਦੇ ਆਗੂ ਦਾ ਨਹੀਂ, ਸਗੋਂ ਇੱਕ ਹੋਰ ਪੰਜਾਬੀ ਦਾ ਕਤਲ ਹੈ। ਮਾਨ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। Share:
Get all latest content delivered to your email a few times a month.