ਤਾਜਾ ਖਬਰਾਂ
ਚੰਡੀਗੜ੍ਹ: 31 ਅਗਸਤ - ਪੰਜਾਬ ਸਰਕਾਰ ਵੱਲੋਂ ਵਜ਼ੀਫ਼ਾ ਫੀਸਾਂ ਨਾ ਭੇਜਣ ਕਾਰਨ ਪੰਜਾਬ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਦਲਿਤ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਡਿਗਰੀਆਂ ਦੇਣ ’ਤੇ ਪਾਬੰਦੀ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਆਪਣੇ ਆਪ ਨੂੰ ਦਲਿਤਾਂ ਦੇ ਹਿਤੈਸ਼ੀ ਕਹਿਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਿੱਖਿਆ ਮੰਤਰੀ ਦਲਿਤ ਵਿਦਿਆਰਥੀਆਂ ਦੇ ਭਵਿੱਖ ਨੂੰ ਦਾਅ 'ਤੇ ਲਾ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀ ਆਪਣੀਆਂ ਡਿਗਰੀਆਂ ਲੈਣ ਲਈ ਪ੍ਰਦਰਸ਼ਨ ਕਰ ਰਹੇ ਹਨ, ਪਰ ਹੁਣ ਤੱਕ ਭਗਵੰਤ ਮਾਨ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ। ਦੂਜੇ ਪਾਸੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜ਼ਲੀਲ ਅਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਜੀਵਨ ਗੁਪਤਾ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਦੁਹਾਈਆਂ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦਾ ਸਿੱਖਿਆ ਵਿਭਾਗ ਕਿੱਥੇ ਸੁੱਤਾ ਪਿਆ ਹੈ? ਕੀ ਇਹ ਦਿੱਲੀ ਦਾ ਸਿੱਖਿਆ ਮਾਡਲ ਹੈ, ਜਿਸ ਨੂੰ ਭਗਵੰਤ ਮਾਨ ਪੰਜਾਬ ਵਿੱਚ ਲਾਗੂ ਕਰਨਾ ਚਾਹੁੰਦੇ ਹਨ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਲਾਗੂ ਕੀਤੀ ਆਰਥਿਕ ਨੀਤੀ ਕਾਰਨ ਕੀਤੇ ਜਾ ਰਹੇ ਤਜਰਬਿਆਂ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਬਣਾਈਆਂ ਗਈਆਂ ਸਕੀਮਾਂ ਦੇ ਬਜਟ ਵਿੱਚ ਦਿਨੋ-ਦਿਨ ਕਟੌਤੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਿੱਦਿਅਕ ਅਦਾਰਿਆਂ ਨੂੰ ਪੱਤਰ ਜਾਰੀ ਕਰਕੇ ਅਨੁਸੂਚਿਤ ਅਤੇ ਦਲਿਤ ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਰੋਕਣ ਦੀ ਹਦਾਇਤ ਕੀਤੀ ਸੀ ਪਰ ਇਸ ਦੇ ਬਾਵਜੂਦ ਸਰਕਾਰਾਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵੱਲੋਂ ਡਿਗਰੀਆਂ ਰੋਕ ਦਿੱਤੀਆਂ ਗਈਆਂ ਸਨ, ਜੋ ਕਿ ਸਿੱਧੇ ਤੌਰ ’ਤੇ ਕਾਨੂੰਨ ਅਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੈ। ਪੰਜਾਬ ਸਰਕਾਰ ਦੇ ਦਰਬਾਰ ;ਚ ਪਹੁੰਚ ਰਖਣ ਵਾਲੇ ਵਿਧ੍ਯਕ ਅਦਾਰਿਆਂ ਵਲੋਂ ਡਿਗਰੀਆਂ ਰੋਕਣ ਖਿਲਾਫ਼ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ।
ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਫੰਡ ਵੀ ਜਾਰੀ ਨਹੀਂ ਕੀਤਾ ਗਿਆ। ਗੁਪਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਸਕੇ।
Get all latest content delivered to your email a few times a month.