ਤਾਜਾ ਖਬਰਾਂ
ਜਲੰਧਰ (ਅਸ਼ਵਨੀ ਠਾਕੁਰ)- ਅੱਜ ਜਲੰਧਰ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਮੁਲਜ਼ਮ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਦਰਮਿਆਨ ਜੁਡੀਸ਼ੀਅਲ ਮੈਜਿਸਟਰੇਟ ਰਮਨਦੀਪ ਕੌਰ ਦੀ ਅਦਾਲਤ ਵਿੱਚ ਹੈਰੋਇਨ ਅਤੇ ਨਾਜਾਇਜ਼ ਅਸਲਾ ਮਾਮਲੇ ਵਿੱਚ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਖਰੜ ਤੋਂ ਟਰਾਂਜ਼ਿਟ ਰਿਮਾਂਡ 'ਤੇ ਪੇਸ਼ ਕੀਤਾ। ਅੱਜ ਵਕਾਲਤਨਾਮਾ ਰਾਜੂ ਬਿਸ਼ਨੋਈ ਦੀ ਤਰਫੋਂ ਸੀਨੀਅਰ ਵਕੀਲ ਨਵਤੇਜ ਸਿੰਘ ਮਨਿਹਾਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 14 ਦਿਨਾਂ ਲਈ ਜੁਡੀਸ਼ੀਅਲ ਜੇਲ੍ਹ ਭੇਜਣ ਦੇ ਹੁਕਮ ਦਿੱਤੇ। ਜਲੰਧਰ ਪੁਲਿਸ ਖਰੜ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ 'ਤੇ ਲੈ ਕੇ ਆਈ ਹੈ। ਇਸ ਉਪਰੰਤ ਮਿਤੀ 17-5-22 ਨੂੰ ਉਸ ਵਿਰੁੱਧ ਧਾਰਾ 21-29 ਅਤੇ ਡੀ.ਪੀ.ਐਸ., 25 ਅਸਲਾ ਐਕਟ (ਹੈਰੋਇਨ ਅਤੇ ਨਜਾਇਜ਼ ਅਸਲਾ) ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਵਰਣਨਯੋਗ ਹੈ ਕਿ ਦੀਪਕ ਕੁਮਾਰ ਉਰਫ ਦੀਪੂ ਨਾਮਕ ਗੈਂਗਸਟਰ ਨੇ ਪੁਲਸ ਜਾਂਚ ਦੌਰਾਨ ਖੁਲਾਸਾ ਕੀਤਾ ਸੀ ਕਿ ਲਾਰੈਂਸ ਬਿਸ਼ਨੋਈ ਨੇ ਉਸ ਨੂੰ ਹਥਿਆਰ ਸਪਲਾਈ ਕੀਤੇ ਸਨ। ਜਿਸ ਕਾਰਨ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਖਿਲਾਫ ਥਾਣਾ ਡਿਵੀਜ਼ਨ ਨੰ. 5 ਦੀ ਪੁਲਿਸ ਵੱਲੋਂ 15.5.22 ਨੂੰ ਅਸਲਾ ਅਤੇ ਹੈਰੋਇਨ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਲਾਰੈਂਸ ਬਿਸ਼ਨੋਈ ਗੈਂਗਸਟਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸੀਨੀਅਰ ਪੁਲੀਸ ਅਧਿਕਾਰੀ ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ, ਏ.ਡੀ.ਸੀ.ਪੀ. ਆਦਿਤਿਆ ਕੁਮਾਰ, ਏ.ਸੀ.ਪੀ. ਵੂਮੈਨ ਸੈੱਲ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਦੀ ਅਗਵਾਈ ਹੇਠ ਲਾਰੈਂਸ ਬਿਸ਼ਨੋਈ ਗੈਂਗਸਟਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਸੁਰੱਖਿਆ ਇੰਚਾਰਜ ਸੁਖਮਿੰਦਰ ਸਿੰਘ ਅਤੇ ਕਸਟਡੀ ਇੰਚਾਰਜ ਕੁਲਦੀਪ ਸਿੰਘ, ਸੀਨੀਅਰ ਡਿਪਟੀ ਕੋਰਟ ਅਵਤਾਰ ਸਿੰਘ ਨੇ ਵੀ ਪੁਲੀਸ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਅਦਾਲਤੀ ਕੰਪਲੈਕਸ ਦੇ ਗੇਟਾਂ ਅਤੇ ਇਮਾਰਤਾਂ ਦੇ ਅੰਦਰ ਅਤੇ ਬਾਹਰ ਭਾਰੀ ਪੁਲੀਸ ਫੋਰਸ ਤਾਇਨਾਤ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ। ਅੱਜ ਸਵੇਰ ਤੋਂ ਹੀ ਪਾਰਕਿੰਗ ਵਿੱਚ ਵਾਹਨਾਂ ਨੂੰ ਪਾਰਕ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਇੱਥੋਂ ਤੱਕ ਕਿ ਪ੍ਰੈਸ ਦੇ ਨੁਮਾਇੰਦਿਆਂ ਅਤੇ ਫੋਟੋਗ੍ਰਾਫ਼ਰਾਂ ਨੂੰ ਵੀ ਅਦਾਲਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਲਾਰੇਂਸ ਬਿਸ਼ਨੋਈ 2021 ਦੇ ਮਾਮਲੇ 'ਚ ਨਾਮਜ਼ਦ ਹੈ। ਅੰਮ੍ਰਿਤਸਰ ਸੀ.ਆਈ.ਏ ਸਟਾਫ ਨੇ ਨਿਤਨ ਨਾਹਰ, ਬਿਕਰਮ ਸਮੇਤ 3 ਗੈਂਗਸਟਰਾਂ ਨੂੰ ਕਾਬੂ ਕੀਤਾ ਸੀ। ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਜਦੋਂ ਇਨ੍ਹਾਂ ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਸਮੇਂ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਸੀ, ਜਿਸ ਕਾਰਨ ਅੱਜ ਅੰਮ੍ਰਿਤਸਰ ਘਰਿੰਡਾ ਥਾਣੇ ਦੀ ਪੁਲਸ ਨੇ ਰਿਮਾਂਡ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕਰ ਚੁੱਕੀ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ। ਹੁਣ ਦੂਜੀ ਵਾਰ ਅੰਮ੍ਰਿਤਸਰ ਪੁਲਿਸ ਨੇ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਲਾਰੇਂਸ ਬਿਸ਼ਨੋਈ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕਰੇਗੀ।
Get all latest content delivered to your email a few times a month.