ਤਾਜਾ ਖਬਰਾਂ
ਚੰਡੀਗੜ੍ਹ, 31 ਮਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਿਨੇਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦਾ ਅਸਤੀਫਾ ਪ੍ਰਵਾਨ ਕਰਕੇ ਜਿਥੇ ਸੌੜੀ ਰਾਜਨੀਤੀ ਕੀਤੀ ਹੈ, ਉਥੇ ਹੀ ਸਾਫ਼-ਸੁਥਰੇ ਅਕਸ ਅਤੇ ਗੁਰਸਿੱਖ ਆਗੂ ਨੂੰ ਕੈਬਿਨਟ ਮੰਤਰੀ ਦੇ ਅਹੁਦੇ ਤੋਂ ਹਟਾਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਇਥੇ ਜਾਰੀ ਆਪਣੇ ਬਿਆਨ ਵਿਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਡਾ.ਇੰਦਰਬੀਰ ਸਿੰਘ ਨਿੱਜਰ ਸਿਆਸੀ ਅਤੇ ਧਾਰਮਿਕ ਹਾਲਕਿਆਂ ਵਿਚ ਇਕ ਇਮਾਨਦਾਰ ਅਤੇ ਗੁਰਸਿੱਖ ਸਿਆਸਤਦਾਨ ਵਜੋਂ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਕੈਬਿਨੇਟ ਦੇ ਅਹੁਦੇ ਤੋਂ ਹਟਾਏ ਜਾਣ ਕਾਰਨ ਸਿੱਖ ਜਗਤ ਵਿਚ ਨਿਰਾਸ਼ਾ ਹੈ। ਸ: ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਲਗਾਤਾਰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸਿੱਖ ਵਿਰੋਧੀ ਏਜੰਡੇ ਨੂੰ ਪੰਜਾਬ ਵਿਚ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਬੇਕਸੂਰ ਸਿੱਖ ਨੌਜਵਾਨਾਂ `ਤੇ ਸੰਗੀਨ ਅਪਰਾਧਿਕ ਮਾਮਲੇ ਦਰਜ ਕਰਕੇ ਆਸਾਮ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਡਾ.ਨਿੱਜਰ ਨੂੰ ਵੀ ਸਿੱਖੀ ਵਿਚਾਰਧਾਰਾ ਅਤੇ ਸਿੱਖੀ ਸਿਧਾਂਤਾਂ `ਤੇ ਪਹਿਰਾ ਦੇਣ ਕਾਰਨ ਹੀ ਕੈਬਿਨੇਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਨੂੰ ਸਿੱਖਾਂ ਵਿਰੁੱਧ ਘੜੀਆਂ ਜਾ ਰਹੀਆਂ ਸਾਜਿਸ਼ਾਂ ਲਈ ਕਦੇ ਮੁਆਫ਼ ਨਹੀਂ ਕਰਨਗੇ।
Get all latest content delivered to your email a few times a month.