ਤਾਜਾ ਖਬਰਾਂ
ਅੰਮ੍ਰਿਤਸਰ, 30 ਜੂਨ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਤੋਂ ਸਵੈਇੱਛਾ ਨਾਲ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਦੇ ਸਨਮਾਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਤੇ ਸਾਬਕਾ ਸਿੰਘ ਸਾਹਿਬਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਸਮੇਂ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸੇਵਾ ਮੁਕਤੀ ’ਤੇ ਵਧਾਈ ਦਿੱਤੀ। ਗਿਆਨੀ ਰਘਬੀਰ ਸਿੰਘ ਨੇ ਮੌਜੂਦਾ ਹਾਲਾਤਾਂ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਸ਼ੋਸ਼ਲ ਮੀਡੀਆ ਜਰੀਏ ਸਿੱਖ ਪ੍ਰੰਪਰਾਵਾਂ ਨੂੰ ਢਾਹ ਲਾਈ ਜਾ ਰਹੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਪੰਥ ਦਾ ਜੋ ਨੁਕਸਾਨ ਹੋ ਰਿਹਾ ਹੈ ਉਸ ਨੂੰ ਰੋਕ ਕੇ ਪੰਥਕ ਏਕਤਾ ਤੇ ਵਧਣ ਦਾ ਯਤਨ ਕਰਨਾ ਚਾਹੀਦਾ ਹੈ।
ਇਸੇ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾ ਮਿਲਣਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ ਜੋ ਹਰ ਇਕ ਦੇ ਹਿੱਸੇ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੇ ਗੁਰੂ ਦੀ ਭੈਅ ਭਾਵਨੀ ਵਿਚ ਰਹਿੰਦਿਆਂ ਆਪਣੀ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਦੀ ਹਰ ਕੋਈ ਪ੍ਰਸੰਸਾ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੰਘ ਸਾਹਿਬ ਨੇ ਆਪ ਸੇਵਾ ਮੁਕਤੀ ਲੈ ਕੇ ਇਕ ਨਵੀਂ ਪਿਰਤ ਪਾਈ ਹੈ। ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਸਿੰਘ ਸਾਹਿਬ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਦੇ ਸਨਮਾਨ ’ਚ ਕੀਤੇ ਗਏ ਸਮਾਗਮ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸਿੰਘ ਸਾਹਿਬਾਨ ਅਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਅਤੇ ਵੱਖ-ਵੱਖ ਸੇਵਾ ਸੁਸਾਇਟੀਆਂ ਵੱਲੋਂ ਗਿਆਨੀ ਜਗਤਾਰ ਸਿੰਘ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਜਸਵਿੰਦਰ ਸਿੰਘ, ਗਿਆਨੀ ਗੁਰਬਚਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਜੀਤ ਸਿੰਘ ਜਲਾਲਉਸਮਾ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਗਿਆਨੀ ਸਾਹਿਬ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਦਿਲਜੀਤ ਸਿੰਘ ਬੇਦੀ ਤੇ ਬਾਬਾ ਭਗਤ ਸਿੰਘ, ਦਲ ਬਾਬਾ ਬਿਧੀ ਚੰਦ ਵੱਲੋਂ ਬਾਬਾ ਨਾਹਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਲਹਵਾਂ, ਸ. ਬਿਜੈ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ ਸਿੰਘ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਚੀਫ਼ ਖਾਲਸਾ ਦੀਵਾਨ ਵੱਲੋਂ ਭਗਵੰਤਪਾਲ ਸਿੰਘ ਸੱਚਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ. ਗੁਰਚਰਨ ਸਿੰਘ, ਸਾਬਕਾ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਕਾਰ ਸੇਵਾ ਭੂਰੀਆਂ ਵਾਲਿਆਂ ਵੱਲੋਂ ਬਾਬਾ ਬਲਬੀਰ ਸਿੰਘ, ਬਾਬਾ ਨਿੰਦਰ ਸਿੰਘ ਵੱਲਾ, ਬਾਬਾ ਪੰਜਾਬ ਸਿੰਘ ਸੁਲਤਾਨਵਿੰਡ, ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਭਾਈ ਗੁਰਪਾਲ ਸਿੰਘ, ਸ਼੍ਰੋਮਣੀ ਰਾਗੀ ਸਭਾ ਵੱਲੋਂ ਭਾਈ ਸ਼ੌਕੀਨ ਸਿੰਘ, ਭਾਈ ਲਖਬੀਰ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮਜੀਠਾ ਰੋਡ, ਭਾਈ ਤੇਜਿੰਦਰ ਸਿੰਘ ਸੰਗੀਤ ਸਭਾ, ਸ. ਸ਼ਰਨਜੀਤ ਸਿੰਘ ਗੁਰੂ ਰਾਮਦਾਸ ਸੇਵਕ ਜਥਾ, ਗੁਰਮਤਿ ਰਾਗੀ ਸਭਾ ਲੁਧਿਆਣਾ ਤੋਂ ਭਾਈ ਭੁਪਿੰਦਰ ਸਿੰਘ ਗਦਲੀ, ਡਾ. ਰਵੀਪਾਲ ਸਿੰਘ ਭਾਈ ਵੀਰ ਸਿੰਘ ਅਸਥਾਨ ਅੰਮ੍ਰਿਤਸਰ, ਭਾਈ ਕੁਲਦੀਪ ਸਿੰਘ ਪੰਡੋਰੀ ਸ਼ਬਦ ਚੌਂਕੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਆਦਿ ਹਾਜ਼ਰ ਸਨ।
Get all latest content delivered to your email a few times a month.