ਤਾਜਾ ਖਬਰਾਂ
ਬਾਬਾ ਬਕਾਲਾ, 31 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਸਮਾ (ਜ਼ਰੂਰੀ ਸੇਵਾਵਾਂ ਐਕਟ) ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਖਿਲਾਫ ਲਾਇਆ ਜਾਣਾ ਚਾਹੀਦਾ ਹੈ ਜਿਹਨਾਂ ਨੇ ਹੜ੍ਹਾਂ ਵਿਚ ਫਸੇ ਸੂਬੇ ਪੰਜਾਬ ਨੂੰ ਦੀ ਬਾਂਹ ਛੱਡੀ ਤੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਵਰਗੇ ਰਾਜਾਂ ਵਿਚ ਘੁੰਮਦੇ ਰਹੇ।
ਇਥੇ ਰੱਖੜ ਪੁੰਨਿਆ ਮੌਕੇ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਉਹ ਪੈਮਾਨਾ ਆਪਣੇ ’ਤੇ ਵੀ ਲਾਗੂ ਕਰਨਾ ਚਾਹੀਦਾ ਹੈ ਜੋ ਉਹ ਮੁਲਾਜ਼ਮਾਂ ’ਤੇ ਲਾਗੂ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹੀ ਪੈਮਾਨਾ ਮੰਤਰੀਆਂ ਤੇ ਵਿਧਾਇਕਾਂ ’ਤੇ ਵੀ ਲਾਗੂ ਹੋਣਾ ਚਾਹੀਦਾ ਹੈ ਜੋ ਪਿਛਲੇ ਮਹੀਨੇ ਆਏ ਹੜ੍ਹਾਂ ਵਿਚ ਫਸੇ ਕਿਸਾਨਾਂ ਦੀ ਮਦਦ ਵਾਸਤੇ ਨਹੀਂ ਨਿਤਰ ਸਕੇ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਐਸਮਾ ਵਰਗੇ ਕਾਨੂੰਨ ਲਾਗੂ ਕਰ ਕੇ ਮੁਲਾਜ਼ਮਾਂ ਨੂੰ ਦਬਾ ਸਕਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਬਜਾਏ ਤਾਨਾਸ਼ਾਹੀ ਰਵੱਈਆ ਅਪਣਾਉਣ ਦੇ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਉਹਨਾਂ ਦੀਆਂ ਸ਼ਿਕਾਇਤਾਂ ਦੂਰ ਕਰਨੀਆਂ ਚਾਹੀਦੀਆਂ ਹਨ ।
ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਟੈਂਡ ਦਾ ਸਵਾਗਤ ਕੀਤਾ ਜਿਸ ਕਾਰਨ ਆਪ ਸਰਕਾਰ ਆਪਣਾ ਫੈਸਲਾ ਵਾਪਸ ਲੈਣ ਲਈ ਮਜਬੂਰ ਹੋਈ। ਉਹਨਾਂ ਕਿਹਾ ਕਿ ਪੰਚਾਇਤਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਛੇ ਮਹੀਨੇ ਪਹਿਲਾਂ ਪੰਚਾਇਤਾਂ ਭੰਗ ਕਰਨ ਦਾ ਮਕਸਦ ਚੁਣੇ ਹੋਏ ਪ੍ਰਤੀਨਿਧਾਂ ਦੀ ਥਾਂ ਹੇਠਲੇ ਪੱਧਰ ਦੀਆਂ ਸੰਸਥਾਵਾਂ ’ਤੇ ਆਪਣਾ ਕਬਜ਼ਾ ਤੇ ਆਪਣੀ ਮਨਪਸੰਦ ਦੇ ਨੁਮਾਇੰਦੇ ਲਾਉਣਾ ਸੀ। ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ ਲੜੇਗਾ ਤਾਂ ਜੋ ਕਾਂਗਰਸ ਤੇ ਭਾਜਪਾ ਦੀ ਹਮਾਇਤ ਪ੍ਰਾਪਤ ਮੌਜੂਦਾ ਮਹੰਤਾਂ ਤੋਂ ਕਮੇਟੀ ਨੂੰ ਮੁਕਤ ਕਰਵਾਇਆ ਜਾ ਸਕੇ।
ਉਹਨਾਂ ਕਿਹਾ ਕਿ ਜਿਸ ਤਰੀਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੀਟਿੰਗਾਂ ਵਿਚ ਗੁੰਡਾਗਰਦੀ ਤੇ ਗਾਲ੍ਹਾਂ ਵੇਖਣ ਨੂੰ ਮਿਲੀਆਂ ਹਨ, ਉਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਸੰਗਤ ਚਾਹੁੰਦੀ ਹੈ ਕਿ ਅਕਾਲੀ ਦਲ ਮੁੜ ਤੋਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਭਾਲੇ।
ਇਸ ਤੋਂ ਪਹਿਲਾਂ ਰੱਖੜ ਪੁੰਨਿਆ ’ਤੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਦੱਸਿਆ ਕਿ ਕਿਵੇਂ ਮਣੀਪੁਰ ਦੇ ਇਸਾਈ ਤੇ ਨੂਹ ਦੇ ਮੁਸਲਿਮਾਂ ਨੂੰ ਫਿਰਕੂ ਹਿੰਸਾ ਮਗਰੋਂ ਨਿਆਂ ਨਹੀਂ ਮਿਲਿਆ ਕਿਉਂਕਿ ਉਹਨਾਂ ਕੋਲ ਉਹਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੋਈ ਜਥੇਬੰਦੀ ਨਹੀਂ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼ ਭਰ ਦੇ ਨਾਲ-ਨਾਲ ਦੁਨੀਆਂ ਭਰ ਵਿਚ ਪਿਛਲੇ ਸੌ ਸਾਲਾਂ ਤੋਂ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਮੁਸਲਮਾਨਾਂ ਨੇ ਬਾਬਰੀ ਮਸਜਿਦ ’ਤੇ ਹਮਲੇ ਤੋਂ ਬਾਅਦ ਇਕ ਪਾਰਟੀ ਦਾ ਬਾਈਕਾਟ ਕੀਤਾ ਪਰ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲੇ ਦੇ ਬਾਵਜੂਦ ਸਿੱਖਾਂ ਨੇ ਤਿੰਨ ਵਾਰ ਵੋਟਾਂ ਪਾ ਕੇ ਕਾਂਗਰਸ ਨੂੰ ਸੱਤਾ ਵਿਚ ਲਿਆਂਦਾ।
ਬਾਦਲ ਨੇ ਇਹ ਵੀ ਦੱਸਿਆ ਕਿ ਆਪ ਸਰਕਾਰ ਦੇ ਕਾਰਜਕਾਲ ਵਿਚ ਨਸ਼ਿਆਂ ਦਾ ਪਸਾਰ 10 ਗੁਣਾ ਵੱਧ ਗਿਆ ਹੈ। ਉਹਨਾਂ ਕਿਹਾ ਕਿ ਆਪ ਨੇ ਇਸ ਮਾਮਲੇ ਵਿਚ ਅਕਾਲੀ ਦਲ ਤੇ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਬਦਨਾਮੀ ਕੀਤੀ ਪਰ ਹਾਲਾਤ ਤੁਹਾਡੇ ਸਾਹਮਣੇ ਹਨ। ਉਹਨਾਂ ਕਿਹਾ ਕਿ ਸਿੰਥੈਟਿਕ ਡਰੱਗ ਦੀ ਖਪਤ ਇਸ ਵੇਲੇ ਸਭ ਤੋਂ ਜ਼ਿਆਦਾ ਹੈ। ਉਹਨਾਂ ਕਿਹਾ ਕਿ ਇਸਦਾ ਕਾਰਨ ਇਹ ਹੈ ਕਿ ਆਪ ਦੇ ਵਿਧਾਇਕ ਡਰੱਗ ਮਾਫੀਆ ਤੋਂ ਮਹੀਨੇ ਲੈ ਰਹੇ ਹਨ। ਉਹਨਾਂ ਕਿਹਾ ਕਿ ਹਿਸੇ ਤਰੀਕੇ ਰੇਤੇ ਦੀ ਕੀਮਤ ਆਪ ਸਰਕਾਰ ਵੇਲੇ 7 ਰੁਪਏ ਤੋਂ ਵੱਧ ਕੇ 40 ਤੋਂ 50 ਰੁਪਏ ਪ੍ਰਤੀ ਫੁੱਟ ਹੋ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਰੱਖੜ ਪੁੰਨਿਆ ’ਤੇ ਆਉਣ ਦੀ ਥਾਂ ਸਿਰਫ ਇਸ ਕਾਰਨ ਮੁੰਬਈ ਗਏ ਹਨ ਕਿਉਂਕਿ ਉਹਨਾਂ ਦੇ ਸਿਆਸੀ ਆਕਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਾਣ ਵਾਸਤੇ ਪੰਜਾਬ ਸਰਕਾਰ ਦੇ ਜਹਾਜ਼ ਦੀ ਲੋੜ ਸੀ। ਉਹਨਾਂ ਕਿਹਾ ਕਿ ਰਾਜ ਤੇ ਕੇਂਦਰ ਦੋਵੇਂ ਸਰਕਾਰਾਂ ਸਿੱਖਾਂ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਕਰ ਰਹੀਆਂ ਹਨ ਤੇ ਦੱਸਿਆ ਕਿਵੇਂ ਹਰਿਆਣਾ ਕਮੇਟੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਹਰਿਆਣਾ ਸਰਕਾਰ ਦੇ ਦਖਲ ਕਾਰਨ ਵਿਵਾਦ ਵਿਚ ਘਿਰ ਗਈ ਹੈ।
ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿਵੇਂ ਆਪ ਸਰਕਾਰ ਦੇ ਰਾਜ ਵਿਚ ਵਿਕਾਸ ਕਾਰਜ ਠੱਪ ਹੋ ਗਏ ਹਨ। ਉਹਨਾਂ ਕਿਹਾ ਕਿ ਡੱਕਾ ਨਾ ਤੋੜਨ ਦੇ ਬਾਵਜੂਦ ਆਪ ਸਰਕਾਰ ਨੇ ਪਿਛਲੇ ਡੇਢ ਸਾਲਾਂ ਵਿਚ 55000 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਤੇ ਸੂਬੇ ਸਿਰ ਕਰਜ਼ਾ 3.5 ਲੱਖ ਕਰੋੜ ਰੁਪਏ ਹੋ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਇਸ਼ਤਿਹਾਰਬਾਜ਼ੀ ’ਤੇ 750 ਕਰੋੜ ਰੁਪਏ ਖਰਚ ਕਰ ਰਹੀ ਹੈ ਤੇ ਇਸਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਾਸਤੇ ਮੁਆਵਜ਼ਾ ਦੇਣ ਵਾਸਤੇ ਸਿਰਫ 186 ਕਰੋੜ ਰੁਪਏ ਜਾਰੀ ਕੀਤੇ ਹਨ ਜੋ ਕਿ ਹੜ੍ਹਾਂ ਕਾਰਨ ਉਹਨਾਂ ਦੇ ਹੋਏ ਨੁਕਸਾਨ ਦਾ ਸਿਰਫ ਅੰਸ਼ਕ ਹਿੱਸਾ ਹਨ।
ਇਸ ਦੌਰਾਨ ਬੰਦੀ ਸਿੰਘ ਗੁਰਦੀਪ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਪੁਰਜ਼ੋਰ ਯਤਨ ਕੀਤੇ ਹਨ।ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਅਕਾਲੀ ਦਲ ਦੀ ਹਮਾਇਤ ਕਰਨ ਤਾਂ ਜੋ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵੀਰ ਸਿੰਘ ਲੋਪੋਕੇ, ਸਰਬਜੀਤ ਸਿੰਘ ਝਿੰਜਰ, ਬਲਜੀਤ ਸਿੰਘ ਜਲਾਲ ਉਸਮਾ, ਵਿਰਸਾ ਸਿੰਘ ਵਲਟੋਹਾ ਤੇ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਸੰਬੋਧਨ ਕੀਤਾ।
Get all latest content delivered to your email a few times a month.