ਤਾਜਾ ਖਬਰਾਂ
ਲੁਧਿਆਣਾ, 30 ਸਤੰਬਰ - ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੀਜ਼ਨ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 16.76 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦੀ ਖਰੀਦ ਲਈ ਵਚਨਬੱਧ ਹੈ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਫਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਸਾਰੇ ਪੁੱਖਤਾ ਪ੍ਰਬੰਧ ਕੀਤੇ ਹਨ।
ਡਿਪਟੀ ਕਮਿਸ਼ਨਰ ਮਲਿਕ ਨੇ ਅੱਗੇ ਕਿਹਾ ਕਿ ਲਿਫਟਿੰਗ ਦੇ ਢੁਕਵੇਂ ਪ੍ਰਬੰਧਾਂ ਤੋਂ ਇਲਾਵਾ ਸਾਰੇ 108 ਖਰੀਦ ਕੇਂਦਰਾਂ ਵਿੱਚ ਬਾਰਦਾਨਾ ਵੀ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਨਿਰਧਾਰਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨਲ ਮੈਜਿਸਟਰੇਟਾਂ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਖਰੀਦ ਕਾਰਜਾਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਰੀਬ 16.76 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਸਮੇਂ ਸਿਰ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀਆਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀਆਂ ਵਿੱਚ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਤਾਂ ਜੋ ਕਿਸਾਨਾਂ ਨੂੰ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀਆਂ ਨੂੰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜਨਰਲ) ਉਪਿੰਦਰਜੀਤ ਕੌਰ ਬਰਾੜ, ਡੀ.ਐਫ.ਐਸ.ਸੀ. ਵੈਸਟ ਸੰਜੇ ਸ਼ਰਮਾ, ਡੀ.ਐਫ.ਐਸ.ਸੀ. ਈਸਟ ਸ਼ੈਫਾਲੀ ਚੋਪੜਾ, ਡੀ.ਐਮ. ਪੀ.ਐਸ.ਡਬਲਯੂ.ਸੀ. ਸੁਖਵਿੰਦਰ ਸਿੰਘ, ਡੀ.ਐਮ. ਮਾਰਕਫੈੱਡ ਸੁਧੀਰ, ਡੀ.ਐਮ. ਪਨਸਪ ਸੁਧੀਰ ਸ਼ਰਮਾ, ਡੀ.ਐਮ. ਐਫ.ਸੀ.ਆਈ. ਦੇਵਾਨੰਦ ਖਾਨੀਕਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਬੀਰ ਇੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।
Get all latest content delivered to your email a few times a month.